ਬਰਗਾੜੀ ਇਨਸਾਫ ਮੋਰਚਾ : ਜਥੇਦਾਰ ਹਵਾਰਾ ਦੀ ਦੇਖ ਰੇਖ ਹੇਠ 20 ਫਰਵਰੀ ਤੋਂ ਅਗਲਾ ਸੰਘਰਸ਼ ਸੁ਼ਰੂ

497

ਸਰਬੱਤ ਖਾਲਸਾ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲ਼ੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਬਰਗਾੜੀ ਇਨਸਾਫ ਮੋਰਚਾ ਦੀਆਂ ਮੰਗਾਂ ਨੂੰ ਪੂਰਾ ਕਰਾਉਣ ਲਈ 20 ਫਰਵਰੀ ਤੋਂ ਪੰਜਾਬ ਦੀਆਂ ਜੇਲ੍ਹਾਂ ਬਾਹਰ ਧਰਨੇ ਦੇਣ ਦਾ ਐਲਾਨ ਕੀਤਾ ਹੈ।ਪੰਜ ਮੈਂਬਰੀ ਕਮੇਟੀ ਨੇ ਐਲਾਨ ਕੀਤਾ ਕਿ ਜੇਕਰ 15 ਫਰਵਰੀ ਤਕ ਪੰਜਾਬ ਸਰਕਾਰ ਵੱਲੋਂ ਬਰਗਾੜੀ ਮੋਰਚੇ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਗਈਆਂ ਤਾਂ 20 ਫਰਵਰੀ ਤੋਂ ਜੇਲ੍ਹਾਂ ਬਾਹਰ ਧਰਨੇ ਦਿੱਤੇ ਜਾਣਗੇ ਤਾਂ ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾ ਸਕੇ। ਕਮੇਟੀ ਦੇ ਮੈਂਬਰ ਪ੍ਰੋ ਬਲਜਿੰਦਰ ਸਿੰਘ, ਭਾਈ ਨਰੈਣ ਸਿੰਘ ਚੌੜਾ, ਐਡਵੋਕੇਟ ਅਮਰ ਸਿੰਘ ਚਾਹਲ ਤੇ ਮਾਸਟਰ ਸੰਤੋਖ ਸਿੰਘ ਲੁਧਿਆਣਾ ਨੇ ਇਲਜ਼ਾਮ ਲਾਇਆ ਕਿ ਬਰਗਾੜੀ ਮੋਰਚਾ ਅਧੂਰਾ ਛੱਡ ਦਿੱਤਾ ਗਿਆ ਸੀ। ਇਸ ਲਈ ਮੋਰਚੇ ਦੀਆਂ ਤਿੰਨ ਮੰਗਾਂ ਮਨਵਾਉਣ ਵਾਸਤੇ ਮੁੜ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੂੰ 15 ਫਰਵਰੀ ਤਕ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਪਹਿਲੇ ਪੜਾਅ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਸਭ ਤੋਂ ਪਹਿਲਾਂ 20 ਫਰਵਰੀ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਬੁੜੈਲ, ਨਾਭਾ ਤੇ ਪਟਿਆਲਾ ਜੇਲ੍ਹ ਬਾਹਰ ਧਰਨੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬਰਗਾੜੀ ਮੋਰਚੇ ਦੌਰਾਨ ਸਰਕਾਰ ਕੋਲ ਤਿੰਨ ਮੰਗਾਂ ਰੱਖੀਆਂ ਗਈਆਂ ਸਨ, ਜਿਸ ਵਿੱਚ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਸ਼ਾਮਲ ਸੀ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਨੂੰ ਮੁੱਖ ਸਾਜ਼ਿਸ਼ਘਾੜੇ ਵਜੋਂ ਨਾਮਜ਼ਦ ਕੀਤਾ ਜਾਵੇ ਤੇ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ।
ਦੂਜੀ ਮੰਗ ਤਹਿਤ ਬਹਿਬਲ ਕਲਾਂ ਵਿਚ ਗੋਲੀ ਚਲਾਉਣ ਦੇ ਦੋਸ਼ ਹੇਠ ਉਸ ਵੇਲੇ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਡੀਜੀਪੀ ਤੇ ਹੋਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਸ਼ਾਮਲ ਹੈ। ਤੀਜੀ ਮੰਗ ਤਹਿਤ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਮੰਗੀ ਗਈ ਹੈ। ਸਿੱਖ ਬੰਦੀ ਦਿਲਬਾਗ ਸਿੰਘ ਦੀ ਰਿਹਾਈ ਨੂੰ ਬਰਗਾੜੀ ਮੋਰਚੇ ਦੀ ਸਫ਼ਲਤਾ ਮੰਨਣ ਤੋਂ ਇਨਕਾਰ ਕਰਦਿਆਂ ਕਮੇਟੀ ਮੈਂਬਰਾਂ ਨੇ ਕਿਹਾ ਕਿ ਉਸ ਦੀ ਰਿਹਾਈ ਆਪਣੇ ਆਪ ਹੀ ਹੋ ਜਾਣੀ ਸੀ, ਕਿਉਂਕਿ ਉਸ ’ਚ ਕੋਈ ਸਰਕਾਰੀ ਅੜਿੱਕਾ ਨਹੀਂ ਸੀ।

Real Estate