ਕੈਪਟਨ ਨੇ ਮੋਦੀ ਤੋਂ ਮੰਗਿਆ 1000 ਕਰੋੜ : 1.20 ਲੱਖ ਏਕੜ ਰਕਬੇ ਵਿੱਚ ਫਸਲਾਂ ਦਾ ਹੋਇਆ ਨੁਕਸਾਨ

460

ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਮੰਗਿਆ ਹੈ ।ਮੁੱਖ ਮੰਤਰੀ ਨੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਵੀ ਮੰਗ ਕੀਤੀ ਹੈ ਕਿ ਉਹ ਮੌਜੂਦਾ ਫਸਲੀ ਸੀਜ਼ਨ ਦੌਰਾਨ ਪ੍ਰਭਾਵਿਤ ਹੋਏ ਪਿੰਡਾਂ ਦੇ ਪੀੜਤ ਕਿਸਾਨਾਂ ਦੇ ਬੈਂਕਾਂ/ਵਿੱਤ ਸੰਸਥਾਵਾਂ ਤੋਂ ਲਏ ਫਸਲੀ ਕਰਜ਼ਿਆਂ ਨੂੰ ਮੁਆਫ ਕਰਨ ਲਈ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਦੇਣ।ਕੈਪਟਨ ਨੇ ਕਿਹਾ ਕਿ 1958 ਤੋਂ ਬਾਅਦ ਹੁਣ ਤੱਕ ਦਾ ਭਾਖੜਾ ਡੈਮ ਵਿੱਚੋਂ ਸਤਲੁਜ ਦਰਿਆ ਵਿੱਚ ਇਸ ਵਾਰ ਸਭ ਤੋਂ ਵੱਧ ਪਾਣੀ ਛੱਡਿਆ ਗਿਆ ਜਿਸ ਨਾਲ ਖੜੀਆਂ ਫਸਲਾਂ ਦਾ ਨੁਕਸਾਨ ਹੋ ਗਿਆ ਅਤੇ ਪੇਂਡੂ ਰਿਹਾਇਸ਼ੀ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ। ਮੁੱਢਲੇ ਅਨੁਮਾਨਾਂ ਅਨੁਸਾਰ ਇਨ੍ਹਾਂ ਹੜ੍ਹਾਂ ਕਾਰਨ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਭਾਵਿਤ ਖੇਤਰਾਂ ਵਿੱਚ ਕੁਦਰਤੀ ਆਫ਼ਤ ਐਲਾਨੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਫੌਜ ਵੱਲੋਂ ਵੀ ਜ਼ਰੂਰੀ ਮੱਦਦ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਕਈ ਥਾਵਾਂ ਖਾਸ ਕਰ ਕੇ ਰੋਪੜ, ਲੁਧਿਆਣਾ, ਜਲੰਧਰ ਤੇ ਕਪੂਰਥਲਾ ਜ਼ਿਲਿਆਂ ਦੇ 100 ਤੋਂ ਵੱਧ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਫਸਲਾਂ ਬਰਬਾਦ ਹੋਈਆ ਹਨ ਅਤੇ ਘਰਾਂ ਦੇ ਨਾਲ-ਨਾਲ ਕਈ ਥਾਵਾਂ ਉਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਦਾ ਬੁਨਿਆਦੀ ਢਾਂਚਾ ਵੀ ਬਹੁਤ ਨੁਕਸਾਨਿਆ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬਾ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਭਾਰਤ ਸਰਕਾਰ ਕੋਲੋਂ ਵਿਸ਼ੇਸ਼ ਪੈਕੇਜ ਲੈਣ ਲਈ ਇਕ ਮੈਮੋਰੰਡਮ ਤਿਆਰ ਕਰਨ।ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਸੂਬੇ ਵਿੱਚ 326 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ ਅਤੇ ਪਾਣੀ ਵਿੱਚ ਡੁੱਬਣ ਕਾਰਨ 1.20 ਲੱਖ ਏਕੜ ਰਕਬੇ ਵਿੱਚ ਫਸਲਾਂ ਦਾ ਨੁਕਸਾਨ ਹੋਇਆ ਹੈ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਜੋ ਕਿ ਖੁਦ ਸਥਿਤੀ ਉਤੇ ਨਿਗਰਾਨੀ ਰੱਖ ਰਹੇ ਹਨ, ਦੇ ਨਿਰਦੇਸ਼ਾਂ ‘ਤੇ ਹੜ੍ਹਾਂ ਪ੍ਰਭਾਵਿਤ ਖੇਤਰਾਂ ਖਾਸ ਕਰ ਕੇ ਜਲੰਧਰ ਤੇ ਫਿਰੋਜ਼ਪੁਰ ਜ਼ਿਲੇ ਵਿੱਚ ਫੌਜ, ਐਨ।ਡੀ।ਆਰ।ਐਫ। ਤੇ ਐਸ।ਡੀ।ਆਰ।ਐਫ। ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਮੁੱਖ ਸਕੱਤਰ ਨੂੰ ਇਸ ਮਾਮਲੇ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਪ੍ਰਮੁੱਖ ਸਕੱਤਰ ਜਲ ਸਰੋਤ ਨਾਲ ਨਿਰੰਤਰ ਤਾਲਮੇਲ ਸਥਾਪਤ ਕਰਨ ਲਈ ਵੀ ਕਿਹਾ ਹੈ।

Real Estate