ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਸ਼ਾਹਕੋਟ ਦੇ ਬਾਕੀ ਸਕੂਲ 26 ਅਗਸਤ ਤੋਂ ਆਮ ਵਾਂਗ ਖੁੱਲ੍ਹਣਗੇ

487

ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸਬ-ਡਿਵੀਜ਼ਨ ਸ਼ਾਹਕੋਟ ਦੇ ਬਾਕੀ ਸਕੂਲ ਕੱਲ੍ਹ ਭਾਵ 26 ਅਗਸਤ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਐੱਸ ਡੀ ਐੱਮ ਸ਼ਾਹਕੋਟ ਡਾ ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਵਲੋਂ ਸਬ-ਡਿਵੀਜ਼ਨ ਸ਼ਾਹਕੋਟ ਦੇ ਸਰਕਾਰੀ ਅਤੇ ਗ਼ੈਰ-ਸਰਕਾਰੀ ਸਕੂਲ ਪਿਛਲੇ ਹਫ਼ਤੇ ਬੰਦ ਰੱਖੇ ਗਏ ਸਨ ਪਰ ਹੁਣ ਹਾਲਾਤ ‘ਚ ਸੁਧਾਰ ਹੁੰਦਿਆਂ ਦੇਖ ਕੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਸਕੂਲਾਂ, ਜਿਨ੍ਹਾਂ ‘ਚ ਰਾਹਤ ਕੈਂਪ ‘ਚ ਚੱਲ ਰਹੇ ਹਨ ਅਤੇ ਬਲਾਕ ਲੋਹੀਆਂ ਦੇ ਖ਼ਾਸ ਸਕੂਲਾਂ ਨੂੰ ਛੱਡ ਕੇ ਬਾਕੀ ਸਾਰੇ ਸਰਕਾਰੀ ਅਤੇ ਗ਼ੈਰ ਸਰਕਾਰੀ ਸਕੂਲ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ।
ਦੂਜੇ ਪਾਸੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਗਾਮੀ ਹਾੜ੍ਹੀ ਦੇ ਸੀਜ਼ਨ ਲਈ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਵਧੀਕ ਮੁੱਖ ਸਕੱਤਰ ਨੇ ਅੱਜ ਸਬ-ਡਿਵੀਜ਼ਨ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਗਿਰਦਾਵਰੀ ਤੋਂ ਬਾਅਦ ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾਇਆ ਜਾਵੇਗਾ, ਇਸ ਲਈ ਬੇਨਤੀ ਪੱਤਰ ਦੇਣ ਦੀ ਲੋੜ ਨਹੀਂ ਹੋਵੇਗੀ। ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੇ ਪਸ਼ੂਆਂ ਲਈ ਚਾਰਾ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਸਕੱਤਰ ਖੇਤੀਬਾੜੀ ਕਾਹਨ ਸਿੰਘ ਪੰਨੂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ।

Real Estate