ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਸ਼ਰੂ : ਪਹਿਲੇ ਦਿਨ ਇੰਗਲੈਂਡ, ਕੈਨੇਡਾ ਅਤੇ ਅਮਰੀਕਾ ਵੱਲੋਂ ਜਿੱਤਾਂ ਦਰਜ -(ਵੇਖੋ-ਤਸਵੀਰਾਂ)

706

ਸੁਲਤਾਨਪੁਰ ਲੋਧੀ, 1 ਦਸੰਬਰ (ਕੌੜਾ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਤੋਂ ਪੰਜਾਬ ਦੇ ਖੇਡ ਅਡੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਆਗਾਜ਼ ਕੀਤਾ ਗਿਆ। ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਰਾਣਾ ਗੁਰਜੀਤ ਸਿੰਘ ਦੀ ਹਾਜ਼ਰੀ ਵਿਚ ਖੇਡ ਮੰਤਰੀ ਵੱਲੋਂ ਟੂਰਨਾਮੈਂਟ ਵਿਚ ਸ਼ਿਰਕਤ ਕਰ ਰਹੀਆਂ 8 ਟੀਮਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਟੀਮਾਂ ਦੇ ਕਪਤਾਨਾਂ ਨਾਲ ਜਾਣ-ਪਛਾਣ ਵੀ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨਾਂ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਆਪਣੀਆਂ ਰਵਾਇਤੀ ਅਤੇ ਵਿਰਾਸਤੀ ਖੇਡਾਂ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਉਨਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਂ ਖੇਡ ਹੈ ਅਤੇ ਸੂਬਾ ਸਰਕਾਰ ਅਜਿਹੇ ਟੂਰਨਾਮੈਂਟਾਂ ਰਾਹੀਂ ਇਸ ਨੂੰ ਪ੍ਰਫੁਲਿੱਤ ਕਰਨ ਲਈ ਪੂਰੀ ਤਰਾਂ ਨਾਲ ਵਚਨਬੱਧ ਹੈ। ਉਨਾਂ ਕਿਹਾ ਕਿ ਅਸੀਂ ਵਡਭਾਗੇ ਹਾਂ, ਜਿਨਾਂ ਨੂੰ ਆਪਣੇ ਜੀਵਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਦਿੱਤਾ।
ਉਨਾਂ ਦੱਸਿਆ ਕਿ ਚਿਰਾਂ ਤੋਂ ਉਡੀਕੇ ਜਾ ਰਹੇ 10 ਦਸੰਬਰ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਮੈਚ ਖੇਡੇ ਜਾਣਗੇ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਵਿਸ਼ਾਲ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀ ਲੰਕਾ, ਨਿੳੂਜ਼ੀਲੈਂਡ ਅਤੇ ਕੀਨੀਆ ਸ਼ਾਮਿਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ੍ਰੀ ਲੰਕਾ ਹਨ ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿੳੂਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ। ਇਨਾਂ ਟੀਮਾਂ ਵਿਚ 144 ਖਿਡਾਰੀ ਅਤੇ ਆਫੀਸ਼ੀਅਲ ਸ਼ਾਮਿਲ ਹਨ, ਜਿਨਾਂ ਦੇ ਮੈਚ ਸੁਲਤਾਨਪੁਰ ਲੋਧੀ ਤੋਂ ਇਲਾਵਾ ਅੰਮਿ੍ਤਸਰ, ਫ਼ਿਰੋਜ਼ਪੁਰ, ਬਠਿੰਡਾ, ਪਟਿਆਲਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਜਦਕਿ ਫਾਈਨਲ ਮੈਚ 10 ਦਸੰਬਰ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਹੋਵੇਗਾ। ਉਨਾਂ ਦੱਸਿਆ ਕਿ ਪਹਿਲੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 25 ਲੱਖ, ਦੂਸਰੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 15 ਲੱਖ ਰੁਪਏ ਅਤੇ ਤੀਸਰੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਅੱਜ ਸੁਲਤਾਨਪੁਰ ਲੋਧੀ ਵਿਖੇ ਟੂਰਨਾਮੈਂਟ ਦੇ ਤਿੰਨ ਲੀਗ ਮੈਚ ਖੇਡੇ ਗਏ। ਪਹਿਲਾ ਮੈਚ ਇੰਗਲੈਂਡ ਅਤੇ ਸ੍ਰੀ ਲੰਕਾ ਦੀਆਂ ਟੀਮਾਂ ਵਿਚਾਲੇ ਹੋਇਆ, ਜਿਸ ਵਿਚ ਇੰਗਲੈਂਡ ਨੇ ਇਕਪਾਸੜ ਮੁਕਾਬਲੇ ਵਿਚ ਸ੍ਰੀ ਲੰਕਾ ਨੂੰ 66-21 ਨਾਲ ਮਾਤ ਦਿੱਤੀ। ਪਹਿਲੇ ਅੱਧ ਤੱਕ ਇੰਗਲੈਂਡ ਦੀ ਟੀਮ 29-13 ਅੰਕਾਂ ਨਾਲ ਅੱਗੇ ਚੱਲ ਰਹੀ ਸੀ ਪਰੰਤੂ ਦੂਜੇ ਅੱਧ ਵਿਚ ਇੰਗਲੈਂਡ ਨੇ ਮੁਕਾਬਲਾ ਇਕਤਰਫ਼ਾ ਬਣਾ ਦਿੱਤਾ।
ਦੂਜਾ ਮੈਚ ਕੈਨੇਡਾ ਅਤੇ ਕੀਨੀਆ ਦਰਮਿਆਨ ਹੋਇਆ, ਜਿਸ ਵਿਚ ਕੈਨੇਡਾ ਨੇ ਕੀਨੀਆ ਨੂੰ 57-30 ਅੰਕਾਂ ਦੇ ਫਰਕ ਨਾਲ ਹਰਾਇਆ। ਇਸ ਮੈਚ ਵਿਚ ਪਹਿਲੇ ਅੱਧ ਤੱਕ ਕੈਨੇਡਾ ਦੀ ਟੀਮ 36-20 ਅੰਕਾਂ ਨਾਲ ਅੱਗੇ ਸੀ।
ਇਸੇ ਤਰਾਂ ਅਮਰੀਕਾ ਅਤੇ ਨਿਊਜੀਲੈਂਡ ਵਿਚਾਲੇ ਹੋਏ ਬੇਹੱਦ ਰੋਮਾਂਚਕਾਰੀ ਮੁਕਾਬਲੇ ਵਿਚ ਅਮਰੀਕਾ ਨੇ ਨਿੳੂਜ਼ੀਲੈਂਡ ਨੂੰ 48-42 ਅੰਕਾਂ ਦੇ ਫਰਕ ਨਾਲ ਮਾਤ ਦਿੱਤੀ। ਇਸ ਫਸਵੇਂ ਮੁਕਾਬਲੇ ਦੇ ਪਹਿਲੇ ਅੱਧ ਤੱਕ ਸਕੋਰ 28-18 ਸੀ। ਇਸ ਮੁਕਾਬਲੇ ਨੂੰ ਦਰਸ਼ਕਾਂ ਨੇ ਸਾਹ ਰੋਕ ਕੇ ਦੇਖਿਆ।
ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀ ਲੰਕਾ, ਨਿਊਜੀਲੈਂਡ ਅਤੇ ਕੀਨੀਆ ਸ਼ਾਮਿਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ੍ਰੀ ਲੰਕਾ ਹਨ ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿੳੂਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ।

Real Estate