ਕਰਤਾਰਪੁਰ ਸਾਹਿਬ ਜਾਣ ਲਈ ਆਨਲਾਈਨ ਅਪਲਾਈ ਕਰਨ ਦੀ ਸੇਵਾ ਕੇਂਦਰਾਂ ‘ਚ ਨਹੀਂ ਹੈ ਕੋਈ ਫੀਸ

318

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਸੇਵਾ ਕੇਂਦਰਾਂ ਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨ ਲਾਈਨ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾ ਰਹੀ । ਉਨ੍ਹਾਂ ਕਿਹਾ ਕਿ ਜੇਕਰ ਕੋਈ ਫੀਸ ਦਾ ਭੁਗਤਾਨ ਕਰਨ ਲਈ ਕਹਿੰਦਾ ਹੈ ਤਾਂ ਇਸ ਬਾਰੇ ਸਿੱਧੇ ਤੌਰ ‘ਤੇ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ। ਸੇਵਾ ਕੇਂਦਰਾਂ ਵਿਖੇ ਆਨਲਾਈਨ ਪੋਰਟਲ ਰਾਹੀਂ ਅਪਲਾਈ ਕਰਨ ਲਈ ਸਹੂਲਤ ਫੀਸ ਵਜੋਂ ਸ਼ਰਧਾਲੂਆਂ ਤੋਂ ਵਸੂਲੀ ਕੀਤੇ ਜਾਣ ਦੀਆਂ ਰਿਪੋਰਟਾਂ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਤੋਂ ਕਿਸੇ ਤਰ੍ਹਾਂ ਦੀ ਵਸੂਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਪਲਾਈ ਕਰਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਮੁਫ਼ਤ ਹੈ। ਕਰਤਾਰਪੁਰ ਲਾਂਘੇ ਰਾਹੀਂ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਪਾਕਿਸਤਾਨ ਸਰਕਾਰ ਵੱਲੋਂ ਲਾਈ ਗਈ 20 ਡਾਲਰ ਦੀ ਫੀਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਉਦੇਸ਼ ਲਈ ਕਿਸੇ ਤਰ੍ਹਾਂ ਦੀ ਫੀਸ ਵਸੂਲਣੀ ਸਿੱਖ ਸਿਧਾਂਤਾਂ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਭਾਰਤ, ਕਿਸੇ ਵੀ ਧਾਰਮਿਕ ਅਸਥਾਨ ਦੇ ਦਰਸ਼ਨਾਂ ਲਈ ਪਾਕਿਸਤਾਨ ਸਮੇਤ ਕਿਸੇ ਵੀ ਮੁਲਕ ਤੋਂ ਆਉਣ ਵਾਲੇ ਸ਼ਰਧਾਲੂਆਂ ਤੋਂ ਕੋਈ ਫੀਸ ਨਹੀਂ ਲੈਂਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੇਵਾ ਕੇਂਦਰਾਂ ਨੂੰ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਚਾਹਵਾਨਾਂ ਨੂੰ ਸਹੂਲਤ ਅਤੇ ਆਨ ਲਾਈਨ ਐਪਲੀਕੇਸ਼ਨਾਂ ਦੀ ਪ੍ਰਕ੍ਰਿਆ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨ ਸਮੂਹ ਸ਼ਰਧਾਲੂਆਂ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨਾ ਹਰ ਸਿੱਖ ਦੀ ਇੱਛਾ ਅਤੇ ਹੱਕ ਹੈ।

Real Estate