ਸੋਨੀਆ ਗਾਂਧੀ ਕੋਲੋਂ ਵੀ ਹੋਵੇ ਪੁੱਛਗਿੱਛ – ਬੀਬੀ ਜਗਦੀਸ਼ ਕੌਰ

ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਕਤਲੇਆਮ ਕੇਸ ਦੀ ਮੁੱਖ ਗਵਾਹ ਅਤੇ ਪੀੜਤ ਬੀਬੀ ਜਗਦੀਸ਼ ਕੌਰ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ। ਇਸ ਦੌਰਾਨ ਬਾਦਲ ਨੇ ਦੋਸ਼ ਲਾਇਆ ਕਿ ਸਿੱਖ ਕਤਲੇਆਮ ਮਾਮਲੇ ਵਿਚ ਗਾਂਧੀ ਪਰਿਵਾਰ ਜ਼ਿੰਮੇਵਾਰ ਹੈ। ਨਵੇਂ ਵਰ੍ਹੇ ਦੀ ਸ਼ੁਰੂਆਤ ਤੋਂ ਪਹਿਲਾਂ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਬੀਬੀ ਜਗਦੀਸ਼ ਕੌਰ ਨੂੰ ਸਿਰੋਪਾਓ ਭੇਂਟ ਕੀਤਾ।
ਸਿੱਖ ਕਤਲੇਆਮ ਵਿਚ ਬੀਬੀ ਜਗਦੀਸ਼ ਕੌਰ ਦੇ ਪਤੀ, ਬੇਟੇ, ਭਰਾਵਾਂ ਸਮੇਤ ਪਰਿਵਾਰ ਦੇ ਕਈ ਜੀਅ ਕਤਲ ਕਰ ਦਿੱਤੇ ਗਏ ਸਨ। ਉਹ ਲੰਮੇ ਸਮੇਂ ਤੋਂ ਇਹ ਕੇਸ ਲੜ ਰਹੀ ਹੈ ਅਤੇ ਇਕ ਮੁੱਖ ਗਵਾਹ ਵੀ ਹੈ। ਘਟਨਾ ਦੇ ਵੇਰਵੇ ਬੀਬੀ ਜਗਦੀਸ਼ ਕੌਰ ਕੋਲੋਂ ਸੁਣਨ ਤੋਂ ਬਾਅਦ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਕਤਲੇਆਮ ਲਈ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਜ਼ਿੰਮੇਵਾਰ ਹਨ। ਬੀਬੀ ਜਗਦੀਸ਼ ਕੌਰ ਨੇ ਦੋਸ਼ ਲਾਇਆ ਕਿ ਸੱਜਣ ਕੁਮਾਰ ਰਾਜੀਵ ਗਾਂਧੀ ਦੇ ਹੁਕਮਾਂ ’ਤੇ ਹੀ ਸਾਰੀ ਗਤੀਵਿਧੀ ਕਰ ਰਹੇ ਸਨ। ਅਕਾਲੀ ਆਗੂਆਂ ਨੇ ਕਿਹਾ ਕਿ ਸੋਨੀਆ ਗਾਂਧੀ ਕੋਲੋਂ ਵੀ ਇਸ ਮਾਮਲੇ ਵਿਚ ਪੁੱਛਗਿੱਛ ਹੋਣੀ ਚਾਹੀਦੀ ਹੈ ਵਾਜਬ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਬੀਬੀ ਜਗਦੀਸ਼ ਕੌਰ ਨੇ ਤਿੰਨ ਦਿਨ ਘਰ ਵਿਚ ਆਪਣੇ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ ਨੂੰ ਰੱਖਿਆ ਅਤੇ ਇਕੱਲੇ ਹੀ ਲਾਸ਼ਾਂ ਦੇ ਨਾਲ ਰਹੇ।ਬੀਬੀ ਜਗਦੀਸ਼ ਕੌਰ ਨੇ ਦੱਸਿਆ ਹੈ ਕਿ ਕਿਸ ਤਰ੍ਹਾਂ ਸੱਜਣ ਕੁਮਾਰ ਵਰਗੇ ਆਗੂ ਰਾਜੀਵ ਗਾਂਧੀ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਸਨ। ਉਹਨਾਂ ਕਿਹਾ ਕਿ ਇਸ ਗਵਾਹੀ ਦੀ ਰੋਸ਼ਨੀ ਵਿਚ ਸ੍ਰੀਮਤੀ ਸੋਨੀਆ ਗਾਂਧੀ ਦੀ ਵੀ ਪੁੱਛਗਿੱਛ ਹੋਣੀ ਚਾਹੀਦੀ ਹੈ ਅਤੇ ਕਾਨੂੰਨ ਮੁਤਾਬਿਕ ਉਸ ਖ਼ਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Real Estate