ਪੁਰਾਣੇ ਸਾਥੀਆਂ ਵੱਲੋਂ ਬਾਦਲ ਪਰਿਵਾਰ ਤੇ ਹਮਲੇ ਜਾਰੀ

1136

ਨਵੇਂ ਸਾਲ ਮੌਕੇ ਆਪਣੇ ਸਾਥੀਆਂ ਸਮੇਤ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਅਪਣਾਈਆਂ ਗ਼ਲਤ ਨੀਤੀਆਂ ਅਤੇ ਪੁਰਾਣੇ ਤੇ ਟਕਸਾਲੀ ਵਰਕਰਾਂ ਦੀ ਥਾਂ ਸਰਮਾਏਦਾਰਾਂ ਨੂੰ ਅੱਗੇ ਕਰਨ ਦੀ ਵਜ੍ਹਾ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦਾ ਸੂਬੇ ’ਚ ਬੁਰਾ ਹਾਲ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਤੇ ਸਿੱਖ ਕੌਮ ਦਾ ਸਭ ਤੋਂ ਵੱਧ ਨੁਕਸਾਨ ਬਾਦਲਾਂ ਨੇ ਕੀਤਾ ਹੈ।ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਚ ਡੋਬਣ, ਡੇਰਾ ਮੁਖੀ ਨੂੰ ਬਿਨਾਂ ਮੰਗੇ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦੇਣ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਰਗਾੜੀ ਕਾਂਡ ਆਦਿ ਲਈ ਸਿੱਧੇ ਤੌਰ ’ਤੇ ਬਾਦਲ ਪਿਓ-ਪੁੱਤ ਜ਼ਿੰਮੇਵਾਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਦੇ ਰਾਜ ਵਿਚ ਅਕਾਲ ਤਖ਼ਤ ਸਾਹਿਬ ਤੋਂ ਕੀਤੇ ਹੁਕਮਨਾਮੇ ਵੀ ਬਦਲ ਦਿੱਤੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਜਦੋਂ ਵੀ ਨਵੀਂ ਸਰਕਾਰ ਬਣਦੀ ਹੈ ਤਾਂ ਪਹਿਲਾਂ ਬਿਆਨ ਆਉਂਦਾ ਹੈ ਕਿ ਪਿਛਲੀ ਸਰਕਾਰ ਖਜ਼ਾਨਾ ਖਾਲੀ ਕਰ ਗਈ ਹੈ, ਜਦੋਂਕਿ ਅਜਿਹਾ ਕੁਝ ਨਹੀਂ ਹੁੰਦਾ। ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦੇ ਸਵਾਲ ’ਤੇ ਸ੍ਰੀ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।

Real Estate