ਪੰਜਾਬ ਚ ਕਾਂਗਰਸੀਆਂ ਤੇ ਅਕਾਲੀਆਂ ਨੇ ਖਿੱਚੀਆਂ ਲੋਕ ਸਭਾ 2019 ਦੀਆਂ ਤਿਆਰੀਆਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸਥਿਤ ਰਿਹਾਇਸ਼ ਵਿਖੇ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਲਈ ਤਿਆਰ-ਬਰ-ਤਿਆਰ ਹੋਣ ਦਾ ਸੱਦਾ ਦਿੱਤਾ ਹੈ।ਇਸ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਪਟਿਆਲਾ ਦਿਹਾਤੀ ਤੋਂ ਵਿਧਾਇਕ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਹਲਕਾ ਸ਼ੁਤਰਾਣਾਂ ਤੋਂ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ, ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਹਲਕਾ ਬਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਸਮੇਤ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਹੋਰ ਆਗੂ ਮੌਜੂਦ ਸਨ।
ਇਸ ਦੌਰਾਨ ਮੁੱਖ ਮੰਤਰੀ ਨੇ ਜਿੱਥੇ ਵਿਧਾਇਕਾਂ ਨੂੰ ਆਪਣੇ ਵਿਧਾਨ ਸਭਾ ਹਲਕਿਆਂ ‘ਚ ਬਕਾਇਆ ਪਏ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕਰਵਾਉਣ ਲਈ ਆਖਿਆ ਤੇ ਉਥੇ ਹੀ ਉਨ੍ਹਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵ ਪੱਖੀ ਵਿਕਾਸ ਲਈ ਜੰਗੀ ਪੱਧਰ ‘ਤੇ ਅਰੰਭੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪੁੱਜਦਾ ਕਰਨ ਦੀਆਂ ਵੀ ਹਦਾਇਤਾਂ ਕੀਤੀਆਂ।
ਲੋਕ ਸਭਾ ਤਿਆਰੀਆਂ ‘ਚ ਅਕਾਲੀ ਵੀ ਪਿੱਛੇ ਨਹੀਂ ਹਨ ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਅਧਾਰਤ 17 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਬਣਾਉਣ ਦਾ ਐਲਾਨ ਕੀਤਾ।ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਇਸ ਕਮੇਟੀ ਦੇ ਚੇਅਰਮੈਨ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਵਾਈਸ ਚੇਅਰਮੈਨ ਅਤੇ ਡਾ। ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪਾਰਟੀ ਦੇ ਹੋਰ 14 ਆਗੂਆਂ ਨੂੰ ਚੋਣ ਮੈਨੀਫੈਸਟੋ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਹਨਾਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ। ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਖੋਂ, ਪ੍ਰੋ। ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਗੁਲਜਾਰ ਸਿੰਘ ਰਾਣੀਕੇ, ਨਰੇਸ਼ ਗੁਜਰਾਲ, ਪਰਮਿੰਦਰ ਸਿੰਘ ਢੀਂਡਸਾ, ਹੀਰਾ ਸਿੰਘ ਗਾਬੜੀਆ, ਪਵਨ ਕੁਮਾਰ ਟੀਨੂੰ ਅਤੇ ਹਰਚਰਨ ਸਿੰਘ ਬੈਂਸ ਦੇ ਨਾਮ ਸ਼ਾਮਲ ਹਨ।

Real Estate