ਖਹਿਰਾ ਦਾ ਦਾਅਵਾ ਡੀਜੀਪੀ ਦੇ ਕਾਰਜਕਾਲ ’ਚ ਵਾਧਾ ਅਜੀਤ ਡੋਵਾਲ ਦੇ ਇਸ਼ਾਰੇ ’ਤੇ ਹੋਇਆ

ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਦੇਵ ਸਿੰਘ ਵੱਲੋਂ ਪਾਰਟੀ ਦੀ ਮੁਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਹੀ ਉਹ ਪੰਜਾਬੀ ਏਕਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤਾਨਾਸ਼ਾਹ ਬਣ ਗਏ ਹਨ। ਉਨ੍ਹਾਂ ਦਾ ਵਿਵਹਾਰ ਪੰਜਾਬ ਤੇ ਪੰਜਾਬੀਆਂ ਪ੍ਰਤੀ ਤਾਨਾਸ਼ਾਹੀ ਵਾਲਾ ਰਿਹਾ ਹੈ। ਇਸੇ ਦੌਰਾਨ ਬੋਲਦਿਆਂ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿੱਚ ਕੀਤੇ ਗਏ ਅੱਠ ਮਹੀਨਿਆਂ ਦੇ ਵਾਧੇ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਡੀਜੀਪੀ ਰਹੇ ਸੁਰੇਸ਼ ਅਰੋੜਾ ਨੂੰ ਲਗਾਤਾਰ ਉਸ ਦੇ ਅਹੁਦੇ ’ਤੇ ਬਣਾਈ ਰੱਖਣ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਠੋਕੇ ਵਜੋਂ ਕੰਮ ਕਰ ਰਹੇ ਹਨ।
ਖਹਿਰਾ ਨੇ ਇਹ ਦੋਸ਼ ਵੀ ਲਾਇਆ ਕਿ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀਜੀਪੀ ਸੁਰੇਸ਼ ਅਰੋੜਾ ਨੂੰ ਭਾਜਪਾ ਦੇ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ। ਖਹਿਰਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਕੇਂਦਰ ਦੀ ਮੋਦੀ ਸਰਕਾਰ ਚਲਾ ਰਹੀ ਹੈ। ਖਹਿਰਾ ਨੇ ਕਿਹਾ ਕਿ ਕੈਪਟਨ ਦੇ ਨਜ਼ਦੀਕੀ ਰਿਸ਼ਤੇਦਾਰਾਂ ’ਤੇ ਕੇਂਦਰ ਸਰਕਾਰ ਨੇ ਆਰਥਿਕ ਬੇਨਿਯਮੀਆਂ ਦੇ ਮਾਮਲਿਆਂ ਦੀ ਤਲਵਾਰ ਲਟਕਾਈ ਹੋਈ ਹੈ। ਇਸੇ ਕਾਰਨ ਮੁੱਖ ਮੰਤਰੀ, ਡੀਜੀਪੀ ਦੇ ਕਾਰਜਕਾਲ ’ਚ ਕੀਤੇ ਗਏ ਵਾਧੇ ਦਾ ਵਿਰੋਧ ਨਹੀਂ ਕਰ ਸਕੇ। ਖਹਿਰਾ ਨੇ ਕਿਹਾ ਕਿ ਡੀਜੀਪੀ ਦੇ ਕਾਰਜਕਾਲ ਦਾ ਵਾਧਾ ਇਹ ਗੱਲ ਵੀ ਸਾਬਤ ਕਰਦਾ ਹੈ ਕਿ ਹੋਰ ਕੋਈ ਵੀ ਪੁਲੀਸ ਅਫ਼ਸਰ ਡੀਜੀਪੀ ਬਣਨ ਦੇ ਯੋਗ ਨਹੀਂ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਡੀਜੀਪੀ ਸੁਰੇਸ਼ ਅਰੋੜਾ ਬਾਦਲਾਂ ਦੇ ਗਲਤ ਕੰਮਾਂ ’ਤੇ ਚੁੱਪਚਾਪ ਪਰਦਾ ਪਾਉਂਦੇ ਆ ਰਹੇ ਹਨ।

Real Estate