ਇਕੱਲੇ ਸਿੱਖਾਂ ਨੂੰ ਕਰਤਾਰਪੁਰ ਜਾਣ ਲਈ ਇਜਾਜ਼ਤ ਦੇਣ ’ਤੇ ਕੈਪਟਨ ਨੂੰ ਇਤਰਾਜ਼

1028

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ਼ ਸਿੱਖ ਸ਼ਰਧਾਲੂਆਂ ਨੂੰ ਹੀ ਇਜਾਜ਼ਤ ਦੇਣ ਬਾਰੇ ਪਾਕਿਸਤਾਨ ਦੀ ਤਜਵੀਜ਼ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਸਰਬ ਸਾਂਝੀ ਹੈ ਤੇ ਹਿੰਦੂ ਧਰਮ ਸਣੇ ਹੋਰ ਧਰਮਾਂ ਦੇ ਸ਼ਰਧਾਲੂ ਵੀ ਉਨ੍ਹਾਂ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਦ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਆਪਣੇ ਅਧਿਕਾਰ ਖੇਤਰ ਵਿਚ ਦਾਖ਼ਲੇ ਨੂੰ ਨਿਯਮਤ ਕਰਨ ਲਈ ਸਮਝੌਤੇ ਦਾ ਖਰੜਾ ਭੇਜਿਆ ਜਾਵੇਗਾ ਤਾਂ ਉਸ ਵੇਲੇ ਇਹ ਮਾਮਲਾ ਪਾਕਿ ਸਰਕਾਰ ਕੋਲ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਪਾਕਿਸਤਾਨ ਨੂੰ ਆਪਣੇ ਅਧਿਕਾਰ ਖੇਤਰ ਦੀ ਸੁਰੱਖਿਆ ਨਾਲ ਸਬੰਧਤ ਸ਼ਰਤਾਂ ਤੈਅ ਕਰਨ ਦਾ ਪੂਰਾ ਹੱਕ ਹੈ, ਪਰ ਇਸ ਪੱਖ ਨੂੰ ਵੀ ਵਿਚਾਰਨਾ ਚਾਹੀਦਾ ਹੈ ਕਿ ਪਹਿਲੇ ਪਾਤਸ਼ਾਹ ਦੀ ਵਿਚਾਰਧਾਰਾ ਸਿਰਫ਼ ਸਿੱਖਾਂ ਤੱਕ ਮਹਿਦੂਦ ਨਹੀਂ ਸਗੋਂ ਸਾਰੇ ਧਰਮਾਂ ਦੇ ਲੋਕ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚਲਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿਚ ਵਿਤਕਰੇ ਲਈ ਕੋਈ ਥਾਂ ਨਹੀਂ ਹੈ ਅਤੇ ਲੰਗਰ ਦੀ ਸੇਵਾ ਦਾ ਸੰਕਲਪ ਵੀ ਜਾਤ-ਪਾਤ ਤੋਂ ਰਹਿਤ ਹੈ। ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਬਿਨਾਂ ਪੱਖਪਾਤ ਤੋਂ ਹਰੇਕ ਮਨੁੱਖ ਲਈ ਹਮੇਸ਼ਾ ਖੁੱਲ੍ਹੇ ਹਨ।

Real Estate