ਬੇਅਦਬੀ ਤੇ ਗੋਲੀਕਾਂਡ ਮਾਮਲੇ: ਅਦਾਲਤ ਦੇ ਫੈਸਲੇ ਮਗਰੋਂ ਨਾਮਜਦ ਪੁਲਸੀਆਂ ਨੂੰ ਪੇਸ਼ ਹੋਣ ਲਈ ‘ਖੜਕੀਆਂ ਤਾਰਾਂ’

1075

ਪੰਜਾਬ ਹਰਿਆਣਾ ਹਾਈ ਕੋਰਟ ਦੇ ਫੈਸਲੇ ਬਾਅਦ ਹੁਣ ਉਨ੍ਹਾਂ ਪੁਲਿਸ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾਣੀ ਤੈਅ ਹੋ ਗਈ ਹੈ, ਜਿਨ੍ਹਾਂ ਦੇ ਨਾਂਅ ਬਹਿਬਲ ਕਲਾਂ ਗੋਲੀਕਾਂਡ ਵਿੱਚ ਬੋਲਦੇ ਹਨ। ਖ਼ਬਰਾਂ ਹਨ ਕਿ ਹਾਈ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਸਿਟ ਵੱਲੋਂ ਹੁਣ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਜਲਦ ਗ੍ਰਿਫ਼ਤਾਰੀ ਦੀ ਸੰਭਾਵਨਾ ਹੈ। ਕਿਹਾ ਇਹ ਵੀ ਜਾ ਰਿਹਾ ਹੈ ਕਿ ਟੀਮ ਹੁਣ ਸਾਬਕਾ ਪੁਲਿਸ ਅਧਿਕਾਰੀ ਦੀ ਭਾਲ਼ ਕਰ ਰਹੀ ਹੈ।
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਤ 21 ਅਕਤੂਬਰ, 2015 ਨੂੰ ਦਾਇਰ ਹੋਈ ਐੱਫ਼ਆਈਆਰ ਵਿੱਚ ਚਾਰ ਪੁਲਿਸ ਅਧਿਕਾਰੀਆਂ ਦੇ ਨਾਂਅ ਸ਼ਾਮਲ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ 30 ਜੂਨ ਨੂੰ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਕਮਿਸ਼ਨ ਆਪਣੀ ਰਿਪੋਰਟ ਪੇਸ਼ ਕਰ ਚੁੱਕਾ ਸੀ।ਜਿਹੜੇ ਪੁਲਿਸ ਅਧਿਕਾਰੀਆਂ ਦੇ ਨਾਂਅ ਇਸ ਐੱਫ਼ਆਈਆਰ ਵਿੱਚ ਸ਼ਾਮਲ ਕੀਤੇ ਗਏ ਸਨ। ਉਨ੍ਹਾਂ ਵਿੱਚ ਮੋਗਾ ਦੇ ਐੱਸਐੱਸਪੀ ਚਰਨਜੀਤ ਸ਼ਰਮਾ (ਹੁਣ ਸੇਵਾ–ਮੁਕਤ), ਫ਼ਾਜ਼ਿਲਕਾ ਦੇ ਤਤਕਾਲੀਨ ਐੱਸਪੀ (ਡੀ) ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਤੇ ਸਬ–ਇੰਸਪੈਕਟਰ ਅਮਰਜੀਤ ਸਿੰਘ ਸ਼ਾਮਲ ਹਨ। ਖ਼ਬਰਾਂ ਅਨੁਸਾਰ ਜਦੋਂ ਹੀ ਹਾਈ ਕੋਰਟ ਨੇ ਆਪਣਾ ਫ਼ੈਸਲਾ ਦਿੱਤਾ, ਤਿਵੇਂ ਹੀ ਸਿਟ ਵੱਲੋਂ ਇਨ੍ਹਾਂ ਚਾਰੇ ਪੁਲਿਸ ਅਧਿਕਾਰੀਆਂ ਨੂੰ ਸੰਮਨ ਜਾਰੀ ਕਰ ਕੇ ਆਉਂਦੀ 29 ਜਨਵਰੀ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ।

 

Real Estate