ਜਥੇਦਾਰ ਮੰਡ ਤੇ ਦਾਦੂਵਾਲ ਸੰਘਰਸ਼ ਚੋਂ ਕੀਤੇ ਬਾਹਰ

ਸਰਬੱਤ ਖਾਲਸਾ ਵੱਲੋਂ ਨਿਯੁਕਤ ਕੀਤੇ ਮੁਤਵਾਜ਼ੀ ਜਥੇਦਾਰ, ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ ਅਤੇ ਅਮਰੀਕ ਸਿੰਘ ਅਜਨਾਲਾ ਮੋਰਚੇ ਦੀ ਅਗਵਾਈ ਨਹੀਂ ਕਰਨਗੇ। ਦਸੰਬਰ 2018 ਵਿੱਚ ਮੋਰਚੇ ਦੇ ਖ਼ਤਮ ਹੋਣ ਤੋਂ ਬਾਅਦ ਅਗਲੀ ਕਾਰਵਾਈ ਲਈ ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਨੇ 5 ਮੈਂਬਰੀ ਕਮੇਟੀ ਬਣਾਈ ਸੀ।ਹਵਾਰਾ ਵੱਲੋਂ ਜੇਲ੍ਹ ‘ਚੋਂ ਜਾਰੀ ਚਿੱਠੀ ਮੁਤਾਬਕ ਇਨ੍ਹਾਂ ਤਿੰਨਾਂ ਮੁਤਵਾਜ਼ੀ ਜਥੇਦਾਰਾਂ ਬਾਰੇ ਅਗਲੇਰੀ ਭੂਮਿਕਾ ਬਾਰੇ ਚੁੱਪੀ ਸਾਧੀ ਹੋਈ ਹੈ ਪਰ ਇਸ ਦੇ ਨਾਲ ਉਨ੍ਹਾਂ ਲਿਖਿਆ ਕਿ ਉਹ ਮੋਰਚੇ ਦੇ ਅਚਾਨਕ ਖ਼ਤਮ ਹੋਣ ਨਾਲ ਨਿਰਾਸ਼ ਹਨ।ਮੰਡ, ਦਾਦੂਵਾਲ ਅਤੇ ਅਜਨਾਲਾ ਦਸੰਬਰ 2018 ਵਿੱਚ ਧਰਨਾ ਖ਼ਤਮ ਹੋਣ ਤੋਂ ਪਹਿਲਾਂ ਬਰਗਾੜੀ ਮੋਰਚੇ ਦੀ ਅਗਵਾਈ ਪਿਛਲੇ 6 ਮਹੀਨੇ ਤੋਂ ਕਰ ਰਹੇ ਸਨ। ਇਹ ਫ਼ੈਸਲਾ ਜਲੰਧਰਦੇ ਗੁਰੂ ਤੇਗ ਬਹਾਦਰ ਨਗਰ ਵਿਚਲੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮੀਟਿੰਗ ਦੌਰਾਨ ਕੀਤਾ ਗਿਆ। ਇਸ ਪੰਜ ਮੈਂਬਰੀ ਕਮੇਟੀ ਵਿੱਚੋਂ ਚਾਰ ਮੈਂਬਰ ਹਾਜ਼ਰ ਸਨ। ਇਨ੍ਹਾਂ ਵਿਚ ਭਾਈ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਪ੍ਰੋਫੈਸਰ ਬਲਜਿੰਦਰ ਸਿੰਘ ਤੇ ਮਾਸਟਰ ਸੰਤੋਖ ਸਿੰਘ ਦਾਬਾਂਵਾਲਾ ਹਾਜ਼ਰ ਹੋਏ ।
ਮੀਟਿੰਗ ਤੋਂ ਬਾਅਦ ਕਮੇਟੀ ਮੈਂਬਰ ਨੇ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਸਿੱਖ ਕੌਮ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਮੀਟਿੰਗ ਵਿਚ ਸਾਰੇ ਮੈਂਬਰਾਂ ਨੇ ਇੱਕਮੱਤ ਹੁੰਦਿਆਂ ਇਨ੍ਹਾਂ ਜਥੇਦਾਰਾਂ ਨੂੰ ਪੰਥਕ ਸੰਘਰਸ਼ਾਂ ਤੋਂ ਦੂਰ ਰੱਖਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਨ੍ਹਾਂ ਜਥੇਦਾਰਾਂ ਦੀ ਆਪਸ ਵਿਚ ਬਣਦੀ ਨਹੀਂ ਸੀ, ਇਸੇ ਕਰ ਕੇ ਇਹ ਫ਼ੈਸਲਾ ਕਰਨਾ ਪਿਆ। ਪੰਜਾਬ ਸਰਕਾਰ ਨੂੰ 15 ਫਰਵਰੀ ਤੱਕ ਦਾ ਅਲਟੀਮੇਟਮ ਪਹਿਲਾਂ ਹੀ ਦਿੱਤਾ ਹੋਇਆ ਹੈ। ਉਸ ਤੋਂ ਬਾਅਦ ਐਲਾਨੇ ਜਾਣ ਵਾਲੇ ਸੰਘਰਸ਼ ਦੀ ਅਗਵਾਈ ਉਕਤ ਜਥੇਦਾਰ ਨਹੀਂ ਕਰਨਗੇ।
ਉਨ੍ਹਾਂ ਦੱਸਿਆ ਕਿ ਜਦੋਂ ਤੱਕ ਬਰਗਾੜੀ ਤੇ ਬਹਿਬਲ ਕਲਾਂ ਕਾਂਡ ਦੇ ਅਸਲ ਦੋਸ਼ੀ ਨਹੀਂ ਫੜੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਮੋਗੇ ਦੇ ਐੱਸਐੱਸਪੀ ਰਹੇ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿਹਾ ਗੋਲੀ ਚਲਾਉਣ ਦੇ ਹੁਕਮ ਉਸ ਦੇ ਇੱਕਲੇ ਦੇ ਨਹੀਂ ਹੋ ਸਕਦੇ। ਜਦੋਂ ਤੱਕ ਬਾਕੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਮੱਠਾ ਨਹੀਂ ਪੈਣ ਦਿੱਤਾ ਜਾਵੇਗਾ।

Real Estate