ਮੰਤਰੀਆਂ ਦਾ ਕੈਪਟਨ ਨੂੰ ਉਲਾਂਭਾ ‘ਨਹੀ ਮਿਲਦਾ ਅਫ਼ਸਰਸ਼ਾਹੀ ਵੱਲੋਂ ਮਾਣ-ਸਤਿਕਾਰ’

1159

ਦਵਿੰਦਰ ਪਾਲ

ਪੰਜਾਬ ਦੇ ਮੰਤਰੀਆਂ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ’ਤੇ ਪ੍ਰੋਟੋਕੋਲ ਦੀ ਉਲੰਘਣਾ ਕਰਦਿਆਂ ਖੇਤਰੀ ਦੌਰੇ ਦੌਰਾਨ ਮਾਣ-ਸਤਿਕਾਰ ਨਾ ਦੇਣ ਦੇ ਦੋਸ਼ ਲਾਏ ਹਨ। ਸੂਤਰਾਂ ਅਨੁਸਾਰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ, ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਮੁੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਿਆਨ ਖਿੱਚਿਆ। ਮੀਟਿੰਗ ਦੌਰਾਨ ਮੰਤਰੀਆਂ ਨੇ ਦੱਸਿਆ ਕਿ ਜਦੋਂ ਵੀ ਕੋਈ ਮੰਤਰੀ ਪੰਜਾਬ ਦੇ ਕਿਸੇ ਪਿੰਡ ਜਾਂ ਸ਼ਹਿਰ ਜਾਂਦਾ ਹੈ ਤਾਂ ਉਸ ਸਮੇਂ ਜ਼ਿੰਮੇਵਾਰ ਅਫ਼ਸਰ ਮੌਕੇ ’ਤੇ ਮੌਜੂਦ ਨਹੀਂ ਹੁੰਦੇ ਤੇ ਪੁਲੀਸ ਵੱਲੋਂ ਵੀ ਪ੍ਰੋਟੋਕੋਲ ਅਨੁਸਾਰ ਸਲਾਮੀ ਨਹੀਂ ਦਿੱਤੀ ਜਾਂਦੀ।
ਸਿੱਖਿਆ ਮੰਤਰੀ ਨੇ ਅੰਮ੍ਰਿਤਸਰ ਦੀ ਘਟਨਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸੋਮਵਾਰ ਨੂੰ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰੂ ਕੀ ਨਗਰੀ ਦੇ ਦੌਰੇ ’ਤੇ ਗਏ ਸਨ ਤਾਂ ਪੁਲੀਸ ਨੇ ਉਨ੍ਹਾਂ ਦੀ ਕਾਰ ਨੂੰ ਰਸਤੇ ਵਿੱਚ ਹੀ ਰੋਕ ਦਿੱਤਾ ਜਦਕਿ ਤਹਿਸੀਲਦਾਰ ਤੇ ਐੱਸਡੀਐੱਮ ਦੀਆਂ ਕਾਰਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਿਵਲ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਮੰਤਰੀਆਂ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਕੀਤਾ ਜਾਂਦਾ ਹੈ। ਮੰਤਰੀਆਂ ਨੇ ਕਈ ਹੋਰ ਘਟਨਾਵਾਂ ਦਾ ਹਵਾਲਾ ਵੀ ਦਿੱਤਾ ਤੇ ਮੁੱਖ ਮੰਤਰੀ ਇਹ ਸਾਰੇ ਸ਼ਿਕਵੇ ਚੁੱਪ ਚਾਪ ਬੈਠ ਕੇ ਸੁਣਦੇ ਰਹੇ। ਪਸ਼ੂ ਪਾਲਣ ਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਤਰਨਤਾਰਨ ਜ਼ਿਲ੍ਹੇ ਵਿੱਚ ਕੀਤੇ ਦੌਰੇ ਦੌਰਾਨ ਪ੍ਰਸ਼ਾਸਨ ਦੇ ਰਵੱਈਏ ਦੀ ਮਿਸਾਲ ਦਿੰਦਿਆਂ ਕਿਹਾ ਕਿ ਇੱਕ ਪਿੰਡ ਵਿੱਚ ਜਦੋਂ ਉਹ ਦੌਰੇ ’ਤੇ ਗਏ ਤਾਂ ਉਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਰਫ਼ ਨਾਇਬ ਤਹਿਸੀਲਦਾਰ ਨੂੰ ਹੀ ਡਿਊਟੀ ’ਤੇ ਭੇਜਿਆ ਗਿਆ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਨ੍ਹਾਂ ਮੰਤਰੀਆਂ ਦੀ ਹਮਾਇਤ ਕਰਦਿਆਂ ਕਿਹਾ ਕਿ ਅਫ਼ਸਰਸ਼ਾਹੀ ਨੂੰ ਰਵੱਈਆ ਬਦਲਣ ਦੀਆਂ ਹਦਾਇਤਾਂ ਦਿੱਤੀਆਂ ਜਾਣ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕਾਂਗਰਸ ਸਰਕਾਰ ਦੇ ਗਠਨ ਮਗਰੋਂ ਮੰਤਰੀਆਂ ਅਤੇ ਹਾਕਮ ਪਾਰਟੀ ਦੇ ਆਗੂਆਂ ਨੂੰ ਅਫ਼ਸਰਾਂ ਖਾਸ ਕਰਕੇ ਪੁਲੀਸ ਪ੍ਰਸ਼ਾਸਨ ਪ੍ਰਤੀ ਗਿਲਾ ਸ਼ਿਕਵਾ ਰਿਹਾ ਹੈ ਕਿ ਪੁਲੀਸ ਅਧਿਕਾਰੀ ਕਾਂਗਰਸੀਆਂ ਦੀ ਥਾਂ ਅਕਾਲੀਆਂ ਨੂੰ ਜ਼ਿਆਦਾ ਤਵੱਜੋ ਦਿੰਦੇ ਹਨ।

Real Estate