ਬੇਅਦਬੀ ਤੇ ਗੋਲੀਕਾਂਡ ਮਾਮਲੇ : SIT ਖ਼ਿਲਾਫ਼ ਰਾਜਪਾਲ ਕੋਲ ਪਹੁੰਚੇ ਅਕਾਲੀ

1072

ਸ਼੍ਰੋਮਣੀ ਅਕਾਲੀ ਦਲ(ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਸਰਕਾਰ ਨੂੰ ਸਿਆਸਤ ਅਤੇ ਬਦਲਾਖੋਰੀ ਤੋਂ ਪ੍ਰੇਰਿਤ ਪੜਤਾਲਾਂ ਨੂੰ ਤੁਰੰਤ ਬੰਦ ਕਰਨ ਦਾ ਨਿਰਦੇਸ਼ ਦੇ ਕੇ ਲੋਕਤੰਤਰ ਅਤੇ ਲੋਕਤੰਤਰੀ ਸੰਸਥਾਵਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਚੁਣੇ ਹੋਏ ਨੁਮਾਇੰਦੇ ਨੂੰ ਝੂਠੇ ਕੇਸਾਂ ਵਿਚ ਨਾ ਫਸਾਇਆ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ ਵਿਚ ਅਕਾਲੀ-ਭਾਜਪਾ ਦੇ ਇੱਕ ਸਾਂਝੇ ਵਫ਼ਦ ਨੇ ਇਸ ਸਬੰਧੀ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਦਿਆਂ ਕਾਂਗਰਸ ਪਾਰਟੀ ’ਤੇ ਬੇਅਦਬੀ ਮਾਮਲੇ ਦੀਆਂ ਪੜਤਾਲਾਂ ਦੇ ਨਾਮ ’ਤੇ ਰਾਜਨੀਤੀ ਖੇਡਣ ਦੇ ਦੋਸ਼ ਲਾਏ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੀਆਂ ਗੋਲੀਬਾਰੀ ਦੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਆਸੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਕਮਿਸ਼ਨ ਬਣਾਇਆ ਸੀ, ਜਿਸ ਦੇ ਪੱਖਪਾਤੀ ਰਵੱਈਏ ਕਰਕੇ ਅਕਾਲੀ ਦਲ ਨੇ ਬਾਈਕਾਟ ਕਰ ਦਿੱਤਾ ਸੀ। ਇਸ ਤੋਂ ਬਾਅਦ ਇੱਕ ਸਿਟ ਬਣਾਈ ਗਈ, ਜਿਸ ਨੂੰ ਇਸ ਉਮੀਦ ਨਾਲ ਅਸੀਂ ਸਹਿਯੋਗ ਦਿੱਤਾ ਕਿ ਇਹ ਇਹਨਾਂ ਦੋਵੇਂ ਘਟਨਾਵਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਫੜੇਗੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਏਗੀ।
ਉਨ੍ਹਾਂ ਕਿਹਾ ਕਿ ਅਜਿਹੀਆਂ ਉਮੀਦਾਂ ਉੱਤੇ ਪਾਣੀ ਫੇਰਦਿਆਂ ਸਿਟ ਨੇ ਅਕਾਲੀ ਆਗੂਆਂ ਖ਼ਿਲਾਫ ਇੱਕ ਬਦਲਾਖੋਰੀ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਅਤੇ ਉਹਨਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਸਾਜ਼ਿਸ਼ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਅਜਿਹੇ ਇੱਕ ਝੂਠੇ ਕੇਸ ਵਿਚ ਦੋਸ਼ੀ ਬਣਾਇਆ ਜਾ ਚੁੱਕਿਆ ਹੈ। ਵਫ਼ਦ ਦੇ ਮੈਂਬਰਾਂ ਨੇ ਕਿਹਾ ਕਿ ਸਿਟ ਵੱਲੋਂ ਅਕਾਲੀ ਦਲ ਦੇ ਵੱਡੇ ਆਗੂਆਂ ਨਾਲ ਕਿੜਾਂ ਕੱਢਣ ਲਈ ਇੱਕ ਮਿੱਥੀ ਹੋਈ ਅਤੇ ਪੱਖਪਾਤੀ ਜਾਂਚ ਕੀਤੀ ਜਾ ਰਹੀ ਹੈ। ਵਫ਼ਦ ਨੇ ਸਿਟ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪੱਖਪਾਤੀ ਭੂਮਿਕਾ ਬਾਰੇ ਵੀ ਰਾਜਪਾਲ ਨੂੰ ਜਾਣੂ ਕਰਵਾਇਆ। ਅਕਾਲੀ-ਭਾਜਪਾ ਵਫ਼ਦ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੀ ਨਿਰਪੱਖ ਅਤੇ ਜਲਦੀ ਜਾਂਚ ਦੇ ਹੱਕ ਵਿਚ ਹਨ, ਵਫ਼ਦ ਨੇ ਕਿਹਾ ਕਿ ਅਸੀਂ ਤੁਹਾਨੂੰ ਸੂਬਾ ਸਰਕਾਰ ਨੂੰ ਇਹ ਨਿਰਦੇਸ਼ ਦੇਣ ਦੀ ਅਪੀਲ ਕਰਦੇ ਹਾਂ ਕਿ ਉਹ ਦੋਵੇਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਇੱਕ ਸੁਤੰਤਰ ਜਾਂਚ ਏਜੰਸੀ ਤੋਂ ਕਰਵਾਏ।ਵਫ਼ਦ ਦੇ ਮੈਬਰਾਂ ਵਿਚ ਕੇਂਦਰੀ ਮੰਤਰੀ ਵਿਜੈ ਸਾਂਪਲਾ, ਚਰਨਜੀਤ ਸਿੰਘ ਅਟਵਾਲ, ਤੋਤਾ ਸਿੰਘ, ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਤੇ ਸਿਕੰਦਰ ਸਿੰਘ ਮਲੂਕਾ ਸ਼ਾਮਲ ਸਨ।

Real Estate