ਦਰਸ਼ਨੀ ਡਿਉਢੀ ਨੂੰ ਢਹਿ-ਢੇਰੀ ਕਰਨ ਦੇ ਮਾਮਲੇ ਸ਼੍ਰੋਮਣੀ ਕਮੇਟੀ ਕਰਵਾਏਗੀ ਪੁਲਿਸ ਕਾਰਵਾਈ

ਸ਼੍ਰੋਮਣੀ ਕਮੇਟੀ ਵੱਲੋਂ ਤਰਨ ਤਾਰਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੀ ਇਤਿਹਾਸਕ ਦਰਸ਼ਨੀ ਡਿਉਢੀ ਦੀ ਪੁਰਾਤਨ ਇਮਾਰਤ ਨੂੰ ਢਹਿ-ਢੇਰੀ ਕਰਨ ਦੇ ਮਾਮਲੇ ਦੀ ਜਾਂਚ ਸਬੰਧੀ ਬਣਾਈ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿੰਮੇਵਾਰਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲੀਸ ਕਾਰਵਾਈ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਹ ਮਾਮਲਾ ਅਕਾਲ ਤਖ਼ਤ ‘ਤੇ ਵੀ ਪੇਸ਼ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕਮੇਟੀ ਨੇ ਮੁੱਢਲੀ ਰਿਪੋਰਟ ਤਿਆਰ ਕਰਕੇ ਸੌਂਪ ਦਿੱਤੀ ਹੈ, ਜਿਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਿੰਮੇਵਾਰਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਾਉਣ ਲਈ ਸਬੰਧਿਤ ਸਕੱਤਰ ਨੂੰ ਸਿਫ਼ਾਰਸ਼ ਅਮਲ ਵਿਚ ਲਿਆਉਣ ਲਈ ਆਖ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਦਰਸ਼ਨੀ ਡਿਉਢੀ ਢਾਹੇ ਜਾਣ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਹ ਧਾਰਮਿਕ ਤੇ ਮਰਿਆਦਾ ਸਬੰਧੀ ਅਵੱਗਿਆ ਦਾ ਮਾਮਲਾ ਹੈ, ਇਸ ਨੂੰ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਰਸ਼ਨੀ ਡਿਉਢੀ ਦੀ ਪੁਰਾਤਨ ਇਮਾਰਤ ਦੀ ਪਹਿਲਾਂ ਵਾਂਗ ਹੂ-ਬ-ਹੂ ਮੁਰੰਮਤ ਕਰਵਾਈ ਜਾਵੇਗੀ। ਇਹ ਕਾਰਜ ਮਾਹਿਰਾਂ ਦੀ ਨਿਗਰਾਨੀ ਵਿਚ ਛੇ ਮਹੀਨਿਆਂ ’ਚ ਮੁਕੰਮਲ ਹੋਵੇਗਾ। ਜਾਂਚ ਕਮੇਟੀ ਨੇ ਜਗਤਾਰ ਸਿੰਘ ਨੂੰ ਭਵਿੱਖ ਵਿਚ ਕਿਸੇ ਵੀ ਗੁਰਦੁਆਰੇ ਦੀ ਕਾਰ ਸੇਵਾ ਨਾ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਾਪਰਨ ਦੇ ਕਾਰਨਾਂ ਦੀ ਡੂੰਘਾਈ ਤੱਕ ਜਾਣ ਲਈ ਜਾਂਚ ਜਾਰੀ ਰੱਖੀ ਜਾਵੇਗੀ।ਦੱਸਣਯੋਗ ਹੈ ਕਿ ਦਰਸ਼ਨੀ ਡਿਉਢੀ ਦੀ ਕਾਰ ਸੇਵਾ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਹੋਈ ਸੀ, ਜਿਨ੍ਹਾਂ ਦੇ ਕਾਰਕੁੰਨਾਂ ਵਲੋਂ ਬੀਤੇ ਦਿਨੀਂ ਰਾਤ ਸਮੇਂ ਡਿਉਢੀ ਦੇ ਉੱਪਰਲੇ ਹਿੱਸੇ ਨੂੰ ਢਾਹ ਦਿੱਤਾ ਗਿਆ। ਕਮੇਟੀ ਨੇ ਗੁਰਦੁਆਰੇ ਦੇ ਮੈਨੇਜਰ ਨੂੰ ਤੁਰੰਤ ਮੁਅੱਤਲ ਕਰਕੇ ਜੀਂਦ ਭੇਜ ਦਿੱਤਾ ਸੀ ਤੇ ਕਾਰ ਸੇਵਾ ’ਤੇ ਰੋਕ ਲਾ ਦਿੱਤੀ ਸੀ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਿਆਂ ਦੀਆਂ ਵਿਰਾਸਤੀ ਇਮਾਰਤਾਂ, ਵਿਰਾਸਤੀ ਯਾਦਗਾਰਾਂ, ਇਤਿਹਾਸਕ ਵਸਤੂਆਂ ਅਤੇ ਇਤਿਹਾਸਕ ਦਰੱਖਤਾਂ ਨੂੰ ਬਚਾਉਣ ਅਤੇ ਸੰਭਾਲ ਲਈ ਵਿਰਾਸਤੀ ਕਮੇਟੀ ਕਾਇਮ ਕੀਤੀ ਗਈ ਹੈ।

Real Estate