ਪਾਕਿ ਸਰਕਾਰ ਵੱਲੋਂ ਨਨਕਾਣਾ ਸਾਹਿਬ ਵਿੱਚ ਰੇਲਵੇ ਸਟੇਸ਼ਨ ਬਣਾਉਣ ਦੀ ਮਨਜ਼ੂਰੀ

ਪਾਕਿਸਤਾਨ ਕੈਬਨਿਟ ਨੇ ਮੰਗਲਵਾਰ ਨੂੰ ਪੰਜਾਬ ਵਿੱਚ ਸਿੱਖਾਂ ਦੇ ਪਵਿੱਤਰ ਸ਼ਹਿਰ ਨਨਕਾਣਾ ਸਾਹਿਬ ਵਿੱਚ ਰੇਲਵੇ ਸਟੇਸ਼ਨ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੈਬਨਿਟ ਨੇ ਸਟੇਸ਼ਨ ਦਾ ਨਾਂ ਗੁਰੂ ਨਾਨਕ ਸਾਹਿਬ ਜੀ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਹੈ। ਨਨਕਾਣਾ ਸਾਹਿਬ ਗੁਰੂ ਨਾਨਕ ਸਾਹਿਬ ਜੀ ਦਾ ਜਨਮ ਅਸਥਾਨ ਹੈ। ਇਸ ਸ਼ਹਿਰ ਦੀ ਬਹੁਤ ਇਤਿਹਾਸਕ ਅਤੇ ਧਾਰਮਿਕ ਅਹਿਮੀਅਤ ਹੈ ਅਤੇ ਪੂਰੀ ਦੁਨੀਆਂ ਦੇ ਸਿੱਖ ਸ਼ਰਧਾਲੂਆਂ ਵਿੱਚ ਇਹ ਪ੍ਰਸਿੱਧ ਧਾਰਮਿਕ ਸਥਲ ਹੈ। ਸੂਚਨਾ ਮੰਤਰੀ ਫੱਵਾਦ ਚੌਧਰੀ ਨੇ ਪੱਤਰਕਾਰਾਂ ਨੂੰ ਦੱਸਿਆ, ‘‘ ਕੈਬਨਿਟ ਨੇ ਪੰਜਾਬ ਵਿੱਚ ਪਵਿੱਤਰ ਸ਼ਹਿਰ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਉਸਾਰੀ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਇਸ ਦਾ ਨਾਂ ਬਾਬਾ ਗੁਰੂ ਨਾਨਕ ਦੇ ਨਾਂ ’ਤੇ ਰੱਖਿਆ ਜਾਵੇਗਾ।’’ ਪਿਛਲੇ ਵਰ੍ਹੇ ਨਵੰਬਰ ਵਿੱਚ ਭਾਰਤ ਅਤੇ ਪਾਕਿਸਤਾਨ, ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਵਿਚਾਲੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਧਾਰਮਿਕ ਸਥਲ ਨਾਲ ਸੜਕ ਮਾਰਗ ਰਾਹੀਂ ਜੋੜਨ ਲਈ ਸਹਿਮਤ ਹੋਏ ਸਨ। ਕਰਤਾਰਪੁਰ ਸਾਹਿਬ ਰਾਵੀ ਨਦੀ ਕੰਢੇ ਪਾਕਿਸਤਾਨ ਦੇ ਨਰੋਵਾਲ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਡੇਰਾ ਬਾਬਾ ਨਾਨਕ ਤੋਂ ਚਾਰ ਕਿਲੋਮੀਟਰ ਦੂਰ ਹੈ। ਪਾਕਿਸਤਾਨ ਨੇ ਕਿਹਾ ਕਿ ਉਹ ਰੇਲਵੇ ਸਟੇਸ਼ਨ ਦੇ ਨਿਰਮਾਣ ਲਈ ਜ਼ਮੀਨ ਵੀ ਮੁਹੱਈਆ ਕਰਵਾਏਗਾ।

Real Estate