ਜੇ ਬੀਬੀ ਖਾਲੜਾ ਆਜ਼ਾਦ ਚੋਣ ਲੜਦੇ ਹਨ, ਤਾਂ ਜਿੱਤ ਦੀ ਸੰਭਾਵਨਾ ਦੁੱਗਣੀ ਹੋ ਜਾਵੇਗੀ

1100

ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਐੱਮਪੀ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜੇ ਬੀਬੀ ਖਾਲੜਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਦੇ ਹਨ, ਤਾਂ ਉਨ੍ਹਾਂ ਦੀ ਜਿੱਤ ਦੀ ਸੰਭਾਵਨਾ ਦੁੱਗਣੀ ਹੋ ਜਾਵੇਗੀ। ਬ੍ਰਹਮਪੁਰਾ ਨੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਬੇਨਤੀ ਕੀਤੀ ਹੈ ਕਿ ਇਸ ਪੰਥਕ ਹਲਕੇ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਲੜਨ ਦੀ ਪ੍ਰਵਾਨਗੀ ਦੇਣ।
ਬੀਬੀ ਪਰਮਜੀਤ ਕੌਰ ਖਾਲੜਾ ਮਨੁੱਖੀ ਅਧਿਕਾਰਾਂ ਦੇ ਬਹੁ–ਚਰਚਿਤ ਕਾਰਕੁੰਨ ਮਰਹੂਮ ਜਸਵੰਤ ਸਿੰਘ ਖਾਲੜਾ ਦੀ ਪਤਨੀ ਹਨ। ਭਾਈ ਖਾਲੜਾ ਨੂੰ 1995 ’ਚ ਪੰਜਾਬ ਪੁਲਿਸ ਵੱਲੋਂ ਅਗ਼ਵਾ ਕਰ ਲਿਆ ਗਿਆ ਸੀ ਤੇ ‘ਫਿਰ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ।
ਚੋਹਲਾ ਸਾਹਿਬ ਵਿਖੇ ਆਪਣੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਬ੍ਰਹਮਪੁਰਾ ਨੇ ਕਿਹਾ,‘ਅਸੀਂ ਬੀਬੀ ਖਾਲੜਾ ਦੇ ਹੱਕ ਵਿੱਚ ਆਪਣੇ ਉਮੀਦਵਾਰ ਤੇ ਫ਼ੌਜ ਦੇ ਸਾਬਕਾ ਮੁਖੀ ਜੇਜੇ ਸਿੰਘ ਦੀ ਉਮੀਦਵਾਰੀ ਵਾਪਸ ਲੈ ਲਈ ਹੈ। ਹੁਣ ਖਹਿਰਾ ਨੂੰ ਵੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਲੜਨ ਦੇਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਸਾਰੀਆਂ ਹਮ–ਖਿ਼ਆਲ ਪਾਰਟੀਆਂ ਆਪਣੀ ਹਮਾਇਤ ਦੇ ਸਕਣ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਭਗਵੰਤ ਮਾਨ ਨਾਲ ਵੀ ਇਸ ਮੁੱਦੇ ਉੱਤੇ ਗੱਲ ਕੀਤੀ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਜੇ ਖਹਿਰਾ, ਬੀਬੀ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਲੜਨ ਦੀ ਇਜਾਜ਼ਤ ਦੇਣ, ਤਾਂ ਉਹ ਉਨ੍ਹਾਂ ਨੂੰ ਆਪਣੀ ਹਮਾਇਤ ਦੇ ਦੇਣਗੇ।

Real Estate