ਕੁੰਵਰ ਵਿਜੈ ਪ੍ਰਤਾਪ ਸਿੰਘ ਦੀ SIT ਮੈਂਬਰ ਵਜੋਂ ਮੁੜ ਤਾਇਨਾਤੀ !

1169

ਪੰਜਾਬ ਪੁਲੀਸ ਦੇ ਚਰਚਿਤ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਮੁੜ ਤੋਂ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਅਤੇ ਸੰਗਠਿਤ ਅਪਰਾਧ ਰੋਕੂ ਯੂਨਿਟ (ਓਕੂ) ਵਿੱਚ ਤਾਇਨਾਤ ਕਰ ਦਿੱਤਾ ਹੈ। ਰਾਜ ਸਰਕਾਰ ਵੱਲੋਂ ਜਾਰੀ ਇੱਕ ਵੱਖਰੇ ਬਿਆਨ ਰਾਹੀਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਦੀ ਬੇਅਦਬੀ ਘਟਨਾ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਮੈਂਬਰ ਵਜੋਂ ਵੀ ਬਹਾਲ ਕਰ ਦਿੱਤਾ ਹੈ। ਇਸ ਪੁਲੀਸ ਅਧਿਕਾਰੀ ਨੂੰ ਆਈਜੀ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਉਧਰ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ’ਤੇ ਟਿੱਪਣੀ ਕਰਦਿਆਂ ਸੀਨੀਅਰ ਪੁਲੀਸ ਤੇ ਸਿਵਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਈਜੀ ਰੈਂਕ ਦੇ ਇਸ ਅਧਿਕਾਰੀ ਨੂੰ ਬੀਓਆਈ ’ਚ ਤਾਇਨਾਤ ਕਰ ਦਿੱਤਾ ਹੈ ਤੇ ਐੱਸਆਈਟੀ ’ਚ ਤਾਇਨਾਤੀ ਲਈ ਵੱਖਰੇ ਹੁਕਮਾਂ ਦੀ ਜ਼ਰੂਰਤ ਨਹੀਂ ਹੈ ਕਿਉੱਕਿ ਐੱਸਆਈਟੀ ਵਿੱਚੋਂ ਕਮਿਸ਼ਨ ਵੱਲੋਂ ਤਬਦੀਲ ਕੀਤਾ ਹੀ ਨਹੀਂ ਗਿਆ ਸੀ। ਕੈਪਟਨ ਸਰਕਾਰ ਵੱਲੋਂ ਚੋਣ ਜ਼ਾਬਤਾ ਖਤਮ ਹੋਣ ਤੋਂ ਬਾਅਦ ਅੱਜ ਪੌਣੇ ਮਹੀਨੇ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਬੀਓਆਈ ਅਤੇ ਓਕੂ ਵਿੱਚੋਂ ਤਬਦੀਲ ਕਰਕੇ ਅੰਮ੍ਰਿਤਸਰ ਵਿੱਚ ਆਈਜੀ ਕਾਊਂਟਰ ਇੰਟੈਲੀਜੈਂਸ ਵਜੋਂ ਤਾਇਨਾਤ ਕਰ ਦਿੱਤਾ ਸੀ।
ਖ਼ਬਰਾਂ ਤਾਂ ਇਹ ਵੀ ਹਨ ਕਿ ਚੋਣ ਕਮਿਸ਼ਨ ਵੱਲੋਂ ਜਦੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਦੇ ਹੁਕਮ ਦਿੱਤੇ ਗਏ ਸਨ ਤਾਂ ਬੀਓਆਈ ਅਤੇ ਓਕੂ ਵਿੱਚੋਂ ਹੀ ਤਬਦੀਲ ਕੀਤਾ ਗਿਆ ਸੀ ਜਦਕਿ ਐੱਸਆਈਟੀ ਵਿੱਚੋਂ ਤਾਂ ਹਟਾਇਆ ਹੀ ਨਹੀਂ ਸੀ ਗਿਆ। ਪੰਥਕ ਜਥੇਬੰਦੀਆਂ ਵੱਲੋਂ ਇਸ ਪੁਲੀਸ ਅਧਿਕਾਰੀ ਨੂੰ ਐੱਸਆਈਟੀ ਵਿੱਚੋਂ ਤਬਦੀਲ ਕਰਨ ਦੇ ਮਾਮਲੇ ’ਤੇ ਵਿਵਾਦ ਖੜ੍ਹਾ ਕੀਤਾ ਗਿਆ ਸੀ ਤੇ ਚੋਣ ਕਮਿਸ਼ਨ ਦੇ ਨਵੀਂ ਦਿੱਲੀ ਦਫ਼ਤਰ ਤੱਕ ਵੀ ਪਹੁੰਚ ਕੀਤੀ ਗਈ ਸੀ। ਇੱਥੋਂ ਤੱਕ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਰੱਦ ਕਰਨ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਸੀ। ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਇਸ ਪੁਲੀਸ ਅਧਿਕਾਰੀ ਸਬੰਧੀ ਕੀਤੀਆਂ ਟਿੱਪਣੀਆਂ ਤੋਂ ਬਾਅਦ ਮੁੱਖ ਮੰਤਰੀ ਨੇ ਵੀ ਸਖ਼ਤ ਰੁਖ਼ ਅਪਣਾਇਆ ਸੀ।
ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇ ਵਾਪਰੇ ਗੋਲੀ ਕਾਂਡ ਬੇਅਦਬੀ ਦੀਆਂ ਘਟਨਾਵਾਂ ਦੀ ਐੱਸਆਈਟੀ ਜਾਂਚ ਨੂੰ ਅੱਗੇ ਵਧਾਉਣ ਲਈ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੁੜ ਤਾਇਨਾਤੀ ਕਰ ਦਿੱਤੀ ਹੈ।

Real Estate