‘‘ਜਲ ਸ਼ਕਤੀ ਅਭਿਆਨ’’ ਮੁਹਿੰਮ ਦੀ ਕੀਤੀ ਸ਼ੁਰੂਆਤ

966

ਪਾਣੀ ਦੀ ਇੱਕ-ਇੱਕ ਬੂੰਦ ਦੀ ਸੰਭਾਲ ਕਰਨਾ ਸਾਡਾ ਸਭ ਦਾ ਫ਼ਰਜ-ਬੀ. ਸ੍ਰੀਨਿਵਾਸਨ

ਬਠਿੰਡਾ, 9 ਜੁਲਾਈ, ਬਲਵਿੰਦਰ ਸਿੰਘ ਭੁੱਲਰ

ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਚਲਾਈ ‘ਜਲ ਸ਼ਕਤੀ ਅਭਿਆਨ’ ਮੁਹਿੰਮ ਦੀ ਇੱਥੇ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ।ਸ੍ਰੀਨਿਵਾਸਨ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ, ਬਰਸਾਤੀ ਪਾਣੀ ਦੀ ਸੰਭਾਲ ਅਤੇ ਪਾਣੀ ਦੀ ਗੁਣਵਤਾ ਨੂੰ ਬਣਾਈ ਰੱਖਣਾ ਹੈ। ਇਸ ਮੌਕੇ ਉਨ੍ਹਾਂ ਪਾਣੀ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਦਾ ਹੋਇਆ ‘‘ਜਲ ਹੈ ਤਾਂ ਕੱਲ੍ਹ ਹੈ’’ ਪੋਸਟਰ ਵੀ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਡਿੱਗਦੇ ਮਿਆਰ ਨੂੰ ਰੋਕਣ ਲਈ ਲਗਭਗ 150 ਦੇ ਕਰੀਬ ਸਰਕਾਰੀ ਇਮਾਰਤਾਂ ਤੋਂ ਇਲਾਵਾ ਸਕੂਲਾਂ ਆਦਿ ’ਚ ਪਾਣੀ ਨੂੰ ਮੁੜ ਵਰਤੋਂ ਵਿਚ ਲਿਆਉਣ ਲਈ ਯੋਜਨਾ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਦਿਹਾਤੀ ਖੇਤਰ ’ਚ ਬਰਸਾਤੀ ਪਾਣੀ ਦੀ ਮੁੜ ਸੁਰਜੀਤੀ ਲਈ 1100 ਕੇਂਦਰ ਵਿਕਸਤ ਕੀਤੇ ਜਾਣਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਨਿਵਾਸਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ ਦੀ ਸਾਡੇ ਜੀਵਨ ਵਿਚ ਬਹੁਤ ਹੀ ਅਹਿਮੀਅਤ ਹੈ। ਪਾਣੀ ਦੀ ਇੱਕ-ਇੱਕ ਬੂੰਦ ਦੀ ਸੰਭਾਲ ਕਰਨਾ ਸਾਡਾ ਸਭ ਦਾ ਫ਼ਰਜ ਬਣਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਾਣੀ ਦੀ ਸੰਭਾਲ ਲਈ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਜਿਵੇਂ ਕਿ ਹਸਪਤਾਲਾਂ, ਡਿਸਪੈਂਸਰੀਆਂ, ਬੈਂਕਾਂ, ਸਕੂਲਾਂ ਅਤੇ ਕਾਲਜਾਂ ਆਦਿ ਦੀਆਂ ਇਮਾਰਤਾਂ ’ਚ ਪਾਣੀ ਦੀ ਸੰਭਾਲ ਕਰਕੇ ਇਸ ਨੂੰ ਸਟੋਰ ਕੀਤਾ ਜਾਵੇ ਤਾਂ ਜੋ ਪਾਣੀ ਨੂੰ ਦੁਬਾਰਾ ਵਰਤੋਂ ਵਿਚ ਲਿਆਂਦਾ ਜਾ ਸਕੇ। ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਤਹਿਤ ਬਰਸਾਤਾਂ ਦੇ ਪਾਣੀ ਦੀ ਸੰਭਾਲ, ਪ੍ਰੰਪਰਾਗਤ ਪਾਣੀ ਸਰੋਤਾਂ ਦੀ ਪੂਨਰਸੁਰਜੀਤੀ, ਪਾਣੀ ਸੰਭਾਲ ਵਾਲੇ ਤਲਾਬਾਂ, ਛੱਪੜਾਂ ਦੀ ਮੁਰੰਮਤ ਅਤੇ ਨਵੇਂ ਪੌਦੇ ਲਗਾਉਣੇ ਇਸ ਪ੍ਰੋਜੈਕਟ ਦੇ ਮੁੱਖ ਅਧਾਰ ਹੈ। ਉਨ੍ਹਾਂ ਨੇ ਜ਼ਿਲ੍ਹੇ ਵਿਚ ਪਾਣੀ ਦੀ ਸੰਭਾਲ ਅਤੇ ਜੰਗਲਾਤ ਹੇਠ ਰਕਬਾ ਵਧਾਉਣ ਸਬੰਧੀ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸੰਤ ਬਲਵੀਰ ਸਿੰਘ ਸੀਚੇਵਾਲ ਮਾਡਲ ’ਤੇ ਜ਼ਿਲ੍ਹੇ ਦੇ 10 ਪਿੰਡਾਂ ਵਿਚ ਛੱਪੜ ਵਾਲੇ ਪਾਣੀ ਦੀ ਪੁਨਰਸੁਰਜੀਤੀ ਅਤੇ ਸਾਂਭ-ਸੰਭਾਲ ਦਾ ਕੰਮ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਦੇ ਹਰੇਕ ਬਲਾਕ ਦੇ 5-5 ਪਿੰਡਾਂ ਦੇ ਛੱਪੜਾਂ ਦੇ ਪਾਣੀ ਨੂੰ ਸਾਫ਼ ਕਰਕੇ ਮੁੜ ਵਰਤੋਂ ’ਚ ਲਿਆਉਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਯੋਗਦਾਨ ਪਾਉਣ ਹਿੱਤ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਵਲੋਂ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਪ੍ਰਣ ਲਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੁਹਿੰਮ ਵਿਚ ਐਨ।ਜੀ।ਓਜ਼। ਦਾ ਵੀ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ ਅਤੇ ਡੋਰ ਟੂ ਡੋਰ ਜਾ ਕੇ ਆਮ ਲੋਕਾਂ ਨੂੰ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕਰਨ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਹਿਰ ਵਿਚ ਮਾਲ ਰੋਡ, ਪਾਵਰ ਰੋਡ ਹਾਊਸ, ਸਿਰਕੀ ਬਜਾਰ ਆਦਿ ਗਨੇਸ਼ਾ ਬਸਤੀ, ਸਿਵਲ ਲਾਇਨਜ਼ ਏਰੀਆ ਆਦਿ ਨੀਵੇਂ ਥਾਵਾਂ ’ਤੇ ਜਮ੍ਹਾਂ ਹੋਣ ਵਾਲੇ ਬਰਸਾਤੀ ਪਾਣੀ ਦੇ ਸੋਮਿਆਂ ਦੀ ਸੰਭਾਲ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਆਦਿ ਵਿਖੇ ਪਾਣੀ ਨੂੰ ਸਟੋਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਦੇ ਮੁੱਖੀਆਂ ਨਾਲ ਤਾਲਮੇਲ ਕਰਕੇ ਬਰਸਾਤੀ ਪਾਣੀ ਨੂੰ ਸੰਭਾਲਣ ਤੇ ਪੁਨਰਸੁਰਜੀਤੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਇਸੇ ਤਰ੍ਹਾਂ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ’ਚ ਬਰਸਾਤੀ ਪਾਣੀ ਦੀ ਸੰਭਾਲ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।
ਮੀਟਿੰਗ ਦੌਰਾਨ ਸ਼੍ਰੀ ਬੀ।ਸ੍ਰੀਨਿਵਾਸਨ ਨੇ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹੇ ਦੇ ਹਰੇਕ ਪਿੰਡ ’ਚ 550- 550 ਪੌਦੇ ਲਗਾਏ ਜਾ ਰਹੇ ਹਨ, ਇਸ ਤਹਿਤ ਜ਼ਿਲ੍ਹੇ ਅੰਦਰ 1.75 ਲੱਖ ਪੌਦੇ ਲਗਾਉਣ ਦਾ ਵੀ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਅਧਿਕਾਰੀ ਨੂੰ ਜੰਗਲਾਤ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਬਠਿੰਡਾ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਮੌੜ ਸ਼੍ਰੀ ਰਾਜਪਾਲ ਸਿੰਘ, ਡੀ.ਡੀ.ਪੀ.ਓ. ਸ਼੍ਰੀ ਹਰਜਿੰਦਰ ਸਿੰਘ ਜੱਸਲ, ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਐਨ।ਜੀ।ਓਜ਼ ਦੇ ਨੁਮਾਇੰਦੇ ਹਾਜ਼ਰ ਸਨ।

Real Estate