ਸਿੱਧੂ ਨੇ ਮੁੱਖ ਮੰਤਰੀ ਨੂੰ ਵੀ ਭੇਜ ਦਿੱਤਾ ਆਪਣਾ ਅਸਤੀਫ਼ਾ

1440

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਭੇਜਿਆ ਹੈ। ਦੱਸਣਯੋਗ ਹੈ ਕਿ ਬੀਤੀ 10 ਜੂਨ ਨੂੰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕੈਬਨਿਟ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਅਤੇ ਇਸ ਸੰਬੰਧੀ ਖ਼ੁਲਾਸਾ ਉਨ੍ਹਾਂ ਨੇ ਲੰਘੇ ਦਿਨ ਕੀਤਾ ਸੀ।
ਦੂਜੇ ਪਾਸੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਅਤੇ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਵਜ਼ੀਰੀ ਛੱਡਣ ਨੂੰ ਡਰਾਮਾ ਕਰਾਰ ਦਿੱਤਾ ਹੈ।ਲੰਘੇ ਦਿਨ ਬ੍ਰਹਮ ਮੋਹਿੰਦਰਾ ਤੇ ਚਰਨਜੀਤ ਚੰਨੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਆਪ ‘ਤੇ ਕਾਬੂ ਰੱਖਣਾ ਚਾਹੀਦਾ ਹੈ। ਉਨ੍ਹਾਂ ਸਿੱਧੂ ਦੇ ਅਸਤੀਫ਼ੇ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਉਹ ਅਸਤੀਫ਼ਾ ਪਿਛਲੇ ਮਹੀਨੇ ਹੀ ਦੇ ਚੁੱਕੇ ਸਨ ਤਾਂ ਇੰਨੇ ਦਿਨ ਤਕ ਸੰਭਾਲਣ ਦੀ ਕੀ ਲੋੜ ਸੀ। ਉਨ੍ਹਾਂ ਸਿੱਧੂ ਦੇ ਅਸਤੀਫ਼ਾ ਰਾਹੁਲ ਗਾਂਧੀ ਨੂੰ ਸੰਬੋਧਿਤ ਕਰਨ ‘ਤੇ ਵੀ ਸਵਾਲ ਖੜ੍ਹੇ ਕੀਤੇ। ਮੰਤਰੀਆਂ ਨੇ ਕਿਹਾ ਕਿ ਜੇਕਰ ਸਿੱਧੂ ਨੇ ਅਸਤੀਫ਼ਾ ਦੇਣਾ ਸੀ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੰਦੇ। ਉਨ੍ਹਾਂ ਕਿਹਾ ਕਿ ਸਿੱਧੂ ਦਾ ਇਹ ਕਦਮ ਕਿੰਨਾ ਨਿਆਣਪੁਣੇ ਵਾਲਾ ਹੈ ਕਿ ਕੈਬਨਿਟ ਅਹੁਦਾ ਕੋਈ ਪਾਰਟੀ ਦੀ ਪੋਸਟ ਨਹੀਂ ਹੈ ਅਤੇ ਉਹ ਅਸਤੀਫ਼ਾ ਕਾਂਗਰਸ ਪ੍ਰਧਾਨ ਨੂੰ ਭੇਜਣ। ਪਰ ਹੁਣ ਸਿੱਧੂ ਨੇ ਅਸਤੀਫਾ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ ।

Real Estate