5000 ਸ਼ਰਧਾਲੂ ਰੋਜ਼ਾਨਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕਰ ਸਕਣਗੇ ਦਰਸ਼ਨ

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਦੂਜੇ ਦੌਰ ਦੀ ਵਾਰਤਾ ਬੀਤੇ ਦਿਨ ਵਾਹਗਾ ਬਾਰਡਰ ‘ਤੇ ਹੋਈ। ਇਸ ਵਿਚ ਕੋਰੀਡੋਰ ‘ਤੇ ਜਾਰੀ ਗਤੀਰੋਧ ਨੂੰ ਦੂਰ ਕਰਨ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ‘ਚ ਸ਼ਰਧਾਲੂਆਂ ਨੂੰ ਬਿਨ੍ਹਾਂ ਵੀਜ਼ਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਹਿਮਤੀ ਬਣੀ। ਜਿਸ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਰੋਜ਼ਾਨਾ 5000 ਸ਼ਰਧਾਲੂ ਦਰਸ਼ਨ ਕਰ ਸਕਣਗੇ।ਜਾਣਕਾਰੀ ਮੁਤਾਬਕ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਵੱਲੋਂ ਬਣਾਏ ਜਾ ਰਹੇ ਪੁਲ ਦਾ ਵੇਰਵਾ ਸਾਂਝਾ ਕੀਤਾ ਗਿਆ ਅਤੇ ਪਾਕਿਸਤਾਨ ਤੋਂ ਉਨ੍ਹਾਂ ਵੱਲੋਂ ਪੁਲ ਬਣਾਉਣ ਦੀ ਅਪੀਲ ਕੀਤੀ ਗਈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਵੱਲੋਂ ਕੀਤੀ ਮੰਗ ਮੁਤਾਬਕ ਇਤਿਹਾਸਕ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਵੱਲੋਂ ਕੀਤੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਸਪੋਰਟ ਦੀ ਸ਼ਰਤ ਵੀ ਹਟਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੇ ਪੇਂਡੂ ਇਲਾਕਿਆਂ ਤੋਂ ਵੀ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਦੀ ਸਹੂਲਤ ਹਾਸਲ ਹੋ ਸਕੇ।ਇਕ ਬਿਆਨ ਵਿਚ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਨ੍ਹਾਂ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਕੀਤੀਆਂ ਜਾ ਰਹੀਆਂ ਹੋਰ ਮੰਗਾਂ ਨੂੰ ਵੀ ਪ੍ਰਵਾਨ ਕਰਵਾਉਣ ਲਈ ਭਾਰਤ ਸਰਕਾਰ ਵੱਲੋਂ ਪਾਕਿਸਤਾਨ ‘ਤੇ ਜ਼ੋਰ ਪਾਇਆ ਜਾਵੇਗਾ। ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਲਈ ‘ਖੁੱਲ੍ਹੇ ਦਰਸ਼ਨ ਦੀਦਾਰੇ’ ਕਰਨ ਵਾਸਤੇ ਪਾਕਿਸਤਾਨ ਵੱਲੋਂ ਸ਼ਰਧਾਲੂਆਂ ਦੀ ਰੋਜ਼ਾਨਾ ਦੀ ਗਿਣਤੀ ਵਧਾਉਣ ਦੀ ਮੰਗ ਵੀ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਇਹ ਮੰਗ ਇਸ ਕਰਕੇ ਅਹਿਮ ਹੈ ਤਾਂ ਕਿ ਨਵੰਬਰ ਮਹੀਨੇ ਵਿੱਚ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮਹੱਤਵਪੂਰਨ ਦਿਨਾਂ ਮੌਕੇ ਸ਼ਰਧਾਲੂਆਂ ਦੇ ਬਿਨਾਂ ਕਿਸੇ ਦਿੱਕਤ ਤੋਂ ਆਉਣ-ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।

Real Estate