ਕਰਤਾਪਰ ਲਾਂਘਾ: ਬਜਰੀ ਨਾ ਮਿਲਣ ਕਰਕੇ ਭਾਰਤ ਵਾਲੇ ਪਾਸੇ ਰੁਕ ਰਹੀ ਹੈ ਉਸਾਰੀ

ਬਜਰੀ ਨਾ ਮਿਲਣ ਦੀ ਦਿੱਕਤ ਆਉਣ ਕਰਕੇ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਚ ਸੜਕ ਦੀ ਉਸਾਰੀ ਦਾ ਕੰਮ ਲਗਭਗ ਰੁਕਿਆ ਹੋਇਆ ਹੈ। ਅਧਿਕਾਰੀਆਂ ਨੂੰ ਆਸ ਹੈ ਕਿ ਇਹ ਮਾਮਲਾ ਭਲਕ ਤਕ ਸੁਲਝ ਜਾਵੇਗਾ। ਪਹਿਲਾਂ ਵੀ ਬੱਜਰੀ ਦੀ ਸਪਲਾਈ ਵਿਚ ਦਿੱਕਤ ਆਉਣ ਕਰਕੇ ਕੰਮ ਦੀ ਰਫ਼ਤਾਰ ਧੀਮੀ ਹੋ ਗਈ ਸੀ ਤੇ ਮਾਮਲਾ ਮੁੱਖ ਮੰਤਰੀ ਦੇ ਦਫਤਰ ਤਕ ਪਹੁੰਚਣ ਤੋਂ ਬਾਅਦ ਸਪਲਾਈ ਮੁੜ ਸ਼ੁਰੂ ਹੋ ਗਈ ਹੈ। ਇਸ ਵੇਲੇ ਬੱਜਰੀ ਦੀ ਸਪਲਾਈ ਵਿਚ ਮੁੜ ਦਿੱਕਤ ਆਉਣ ਕਰਕੇ ਪਿਛਲੇ ਤਿੰਨ-ਚਾਰ ਦਿਨਾਂ ਤੋਂ ਕੰਮ ਲਗਭਗ ਠੱਪ ਪਿਆ ਹੈ। ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਭਲਕ ਤੱਕ ਇਸ ਮਸਲੇ ਨੂੰ ਹੱਲ ਕਰ ਲਿਆ ਜਾਵੇਗਾ ਤੇ ਕੰਮ ਮੁੜ ਤੇਜ਼ੀ ਨਾਲ ਸ਼ੁਰੂ ਹੋ ਜਾਵੇਗਾ।

ਪੰਜਾਬ ਸਰਕਾਰ ਨੇ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਿੰਨ ਮੰਤਰੀਆਂ ਤੇ ਕੁਝ ਵਿਧਾਇਕਾਂ ਦੀ ਅਗਵਾਈ ਵਾਲਾ ਵਫ਼ਦ ਪਾਕਿਸਤਾਨ ਭੇਜਣ ਸਬੰਧੀ ਮੁੜ ਕੇਂਦਰ ਸਰਕਾਰ ਤੋਂ ਇਜਾਜ਼ਤ ਦਿੱਤੇ ਜਾਣ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਪਹਿਲਾਂ ਵੀ ਤਿੰਨ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਤੇ ਓ।ਪੀ। ਸੋਨੀ ਅਤੇ ਕੁਝ ਵਿਧਾਇਕਾਂ ਦੀ ਅਗਵਾਈ ਹੇਠ ਵਫ਼ਦ ਪਾਕਿਸਤਾਨ ਭੇਜਣ ਦੀ ਤਜਵੀਜ਼ ਕੇਂਦਰ ਸਰਕਾਰ ਨੂੰ ਭੇਜੀ ਸੀ, ਜਿਸ ਨੂੰ ਕੇਂਦਰ ਨੇ ਇੱਕ ਵਾਰ ਤਾਂ ਸਹਿਮਤੀ ਦੇ ਦਿੱਤੀ ਸੀ। ਪੰਜਾਬ ਸਰਕਾਰ ਨੂੰ ਪ੍ਰਵਾਨਗੀ ਦੇ ਆਦੇਸ਼ ਦੇਰੀ ਨਾਲ ਮਿਲੇ ਹਨ ਅਤੇ ਇਹ 29 ਅਗਸਤ ਤੱਕ ਦੇ ਹਨ। ਇਸ ਕਰਕੇ ਵਫ਼ਦ ਭੇਜਣ ਦਾ ਮਾਮਲਾ ਹਾਲ ਦੀ ਘੜੀ ਲਟਕ ਗਿਆ ਹੈ। ਸੂਤਰਾਂ ਅਨੁਸਾਰ ਜੰਮੂ ਕਸ਼ਮੀਰ ਦੇ ਮਾਮਲੇ ’ਤੇ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਠੀਕ ਨਾ ਹੋਣ ਕਰਕੇ ਦੇਰੀ ਹੋ ਰਹੀ ਹੈ। ਉਂਜ ਵੀ ਇਸ ਸਥਿਤੀ ਵਿਚ ਵਫ਼ਦ ਭੇਜਣ ਦੇ ਮਾਮਲੇ ਸਬੰਧੀ ਇਤਫ਼ਾਕ ਰਾਇ ਨਹੀਂ ਹੈ। ਤਣਾਅ ਦੇ ਬਾਵਜੂਦ ਦੋਵੇਂ ਦੇਸ਼ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਵਚਨਬੱਧ ਹਨ। ਪੰਜਾਬ ਸਰਕਾਰ ਨੇ ਹੁਣ ਮੁੜ ਕੇਂਦਰ ਸਰਕਾਰ ਨੂੰ ਪ੍ਰਵਾਨਗੀ ਦੇਣ ਲਈ ਕਿਹਾ ਹੈ।
ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਲੋਂ ਪੰਜ ਤੋਂ 10 ਨਵੰਬਰ ਤੱਕ ਸਿੱਖ ਸ਼ਰਧਾਲੂਆਂ ਦੇ ਜਥਿਆਂ ਨੂੰ ਪਾਕਿਸਤਾਨ ਆਉਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ। ਇਹ ਦਾਅਵਾ ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਮੁਖੀ ਹਰਪਾਲ ਸਿੰਘ ਭੁੱਲਰ ਨੇ ਪਾਕਿਸਤਾਨ ਔਕਾਫ਼ ਬੋਰਡ ਦੇ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪਾਕਿਸਤਾਨ ਔਕਾਫ਼ ਬੋਰਡ ਦੇ ਸਕੱਤਰ ਤਾਰਿਕ ਵਜ਼ੀਰ ਖ਼ਾਨ ਅਤੇ ਡਿਪਟੀ ਸਕੱਤਰ ਇਮਰਾਨ ਗੌਂਦਲ ਨਾਲ ਗੱਲਬਾਤ ਹੋਈ ਹੈ। ਇਸ ਗੱਲਬਾਤ ਦੌਰਾਨ ਪਾਕਿਸਤਾਨੀ ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਕਿ ਸਿੱਖ ਸ਼ਰਧਾਲੂਆਂ ਦੇ ਜਥੇ 5 ਨਵੰਬਰ ਤੋਂ ਪਾਕਿਸਤਾਨ ਵਿਚ ਆਉਣੇ ਆਰੰਭ ਹੋ ਜਾਣਗੇ, ਜੋ 10 ਨਵੰਬਰ ਤੱਕ ਆਉਂਦੇ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨੀ ਅਧਿਕਾਰੀਆਂ ਨੇ ਆਖਿਆ ਕਿ ਭਾਵੇਂ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ, ਪਰ ਪਾਕਿਸਤਾਨ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਉਤਸ਼ਾਹ ਨਾਲ ਮਨਾਏ ਜਾਣਗੇ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਵੀ ਨਿਰਧਾਰਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇਗਾ। ਸ੍ਰੀ ਭੁੱਲਰ ਨੇ ਆਖਿਆ ਕਿ ਪਾਕਿਸਤਾਨੀ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਸਿੱਖ ਸ਼ਰਧਾਲੂਆਂ ਦੇ ਜਥਿਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਵੀ ਮੁਹੱਈਆ ਕੀਤੇ ਜਾਣਗੇ। ਉਨ੍ਹਾਂ ਨੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਪਾਸਪੋਰਟ ਭੇਜਣ ਲਈ ਆਖਿਆ ਹੈ ਤਾਂ ਜੋ ਸ਼ਰਧਾਲੂਆਂ ਦੀ ਸੂਚੀ ਬਣਾ ਕੇ ਅਗਲੀ ਕਾਰਵਾਈ ਲਈ ਭੇਜੀ ਜਾ ਸਕੇ।

Real Estate