“ਆਪ” ‘ਚ ਕਲੇਸ਼

1071

ਆਪ ਪੰਜਾਬ ਵਿੱਚ ਮੁੜ ਅੰਦਰੂਨੀ ਕਲੇਸ਼ ਪੈ ਗਿਆ ਹੈ। ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵੱਲੋਂ ਬੇਅਦਬੀ ਮਾਮਲੇ ਬਾਰੇ ਪਾਰਟੀ ਦੇ ਸਟੈਂਡ ‘ਤੇ ਸਵਾਲ ਉਠਾਉਣ ਮਗਰੋਂ ਧੜੇਬੰਦੀ ਉੱਭਰ ਆਈ ਹੈ। ਪਾਰਟੀ ਲੀਡਰ ਜਸਬੀਰ ਸਿੰਘ ਬੀਰ ਨੇ ਇਸ ਨੂੰ ਅਨੁਸਾਸ਼ਨਹੀਨਤਾ ਕਰਾਰ ਦਿੱਤਾ ਸੀ। ਉਨ੍ਹਾਂ ਨੇ ਅਰੋੜਾ ਤੋਂ ਜਵਾਬ ਤਲਬ ਕਰਨ ਲਈ ਕਿਹਾ ਸੀ। ਇਸ ਤੋਂ ਅਗਲੇ ਹੀ ਦਿਨ ਅੱਜ ਪਾਰਟੀ ਦੀ ਕੋਰ ਕਮੇਟੀ ਨੇ ਸਾਬਕਾ ਆਈਏਐਸ ਅਧਿਕਾਰੀ ਜਸਬੀਰ ਸਿੰਘ ਬੀਰ ਨੂੰ ‘ਕਾਰਨ ਦੱਸੋ’ ਨੋਟਿਸ ਭੇਜਣ ਦਾ ਫ਼ੈਸਲਾ ਲੈ ਲਿਆ। ਸੋਮਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਪ੍ਰੋ। ਬਲਜਿੰਦਰ ਕੌਰ ਤੇ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਜਸਬੀਰ ਸਿੰਘ ਬੀਰ ਦੇ ਹਵਾਲੇ ਨਾਲ ਪਾਰਟੀ ਦੇ ਸੀਨੀਅਰ ਆਗੂ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਬਾਰੇ ਟਿੱਪਣੀਆਂ ਦਾ ਸੂਬਾ ਕੋਰ ਕਮੇਟੀ ਨੇ ਗੰਭੀਰ ਨੋਟਿਸ ਲੈਂਦਿਆਂ ਬੀਰ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਲਿਆ ਹੈ।
ਖ਼ਬਰਾਂ ਅਨੁਸਾਰ ਸੋਮਵਾਰ ਸਵੇਰੇ ਫ਼ੋਨ ‘ਤੇ ਹੋਈ ਕਾਨਫ਼ਰੰਸ ਕਾਲ ਦੌਰਾਨ ਸੂਬਾ ਪ੍ਰਧਾਨ ਤੇ ਸੰਸਦ ਭਗਵੰਤ ਮਾਨ, ਕੋਰ ਕਮੇਟੀ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਬਾਕੀ ਮੈਂਬਰਾਂ ਨੇ ਅਮਨ ਅਰੋੜਾ ਬਾਰੇ ਛਪੀਆਂ ਖ਼ਬਰਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਜਸਬੀਰ ਸਿੰਘ ਬੀਰ ਨਾ ਤਾਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਨ ਤੇ ਨਾ ਹੀ ਪਿਛਲੇ ਲੰਬੇ ਸਮੇਂ ਤੋਂ ਪਾਰਟੀ ‘ਚ ਸਰਗਰਮ ਹਨ। ਬੀਰ ਨੇ ਕਿਸ ਹੈਸੀਅਤ ‘ਚ ਅਮਨ ਅਰੋੜਾ ਨੂੰ ਲੈ ਕੇ ਅਨੁਸ਼ਾਸਨੀ ਕਮੇਟੀ ਦੀ 6 ਸਤੰਬਰ ਨੂੰ ਆਪਹੁਦਰੀ ਬੈਠਕ ਬੁਲਾਉਣ ਦਾ ਫ਼ੈਸਲਾ ਕਰ ਲਿਆ, ਇਸ ਬਾਰੇ ਬੀਰ ਨੂੰ ਪਾਰਟੀ ਦੇ ਸਬੰਧਤ ਪਲੇਟਫ਼ਾਰਮ ‘ਤੇ ਸਪੱਸ਼ਟੀਕਰਨ ਦੇਣਾ ਪਵੇਗਾ।
ਕੁਲਤਾਰ ਸਿੰਘ ਸੰਧਵਾਂ ਤੇ ਪ੍ਰੋ। ਬਲਜਿੰਦਰ ਕੌਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਤੇ ਕੋਰ ਕਮੇਟੀ ਨਾਲ ਵਿਚਾਰ-ਚਰਚਾ ਕੀਤੇ ਬਗੈਰ ਕਿਸੇ ਨੂੰ ਵੀ ‘ਅਨੁਸ਼ਾਸਨੀ ਕਮੇਟੀ’ ਦੀ ਬੈਠਕ ਬੁਲਾਉਣ ਦੀ ਇਜਾਜ਼ਤ ਨਹੀਂ। ਪ੍ਰੋ। ਬਲਜਿੰਦਰ ਕੌਰ ਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਨ ਅਰੋੜਾ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ। ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਤੇ ਪੰਜਾਬ ਦੇ ਲੋਕਾਂ ਨੂੰ ਬਾਦਲਾਂ ਵਾਂਗ ਕੈਪਟਨ ਦੇ ਮਾਫ਼ੀਆ ਰਾਜ ਤੋਂ ਨਿਜਾਤ ਦਿਵਾਉਣ ਲਈ ਹਰ ਮੋਰਚੇ ‘ਤੇ ਲੋਕਾਂ ਦੀ ਲੜਾਈ ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ‘ਚ ਡਟ ਕੇ ਲੜੇਗੀ।

Real Estate