ਡਿਪਟੀ ਕਮਿਸ਼ਨਰ ਵਲੋਂ 67 ਉਮੀਦਵਾਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਬਠਿੰਡਾ, 7 ਸਤੰਬਰ (ਬਲਵਿੰਦਰ ਸਿੰਘ ਭੁੱਲਰ )

ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਵੱਲੋਂ ਅੱਜ ਮਾਡਲ ਕੈਰੀਅਰ ਸੈਂਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵਿੱਚ ਅਪੋਲੋ ਹਸਪਤਾਲ ਵਿੱਚ ਨਰਸਾਂ ਦੀ ਭਰਤੀ ਲਈ ਅਪੋਲੋ ਹੋਮ ਕੇਅਰ ਲਿਮਟਿਡ ਵੱਲੋਂ ਕਰਵਾਏ ਜਾ ਰਹੇ ਦੂਜੇ ਦਿਨ ਦੇ ਇੰਟਰਵਿਊ ਸਮੇਂ ਪਹੁੰਚੇ 84 ਉਮੀਦਵਾਰਾਂ ਦੀ ਇੰਟਰਵਿਊ ਵਿੱਚੋਂ 67 ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਇਹ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਬਠਿੰਡਾ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਅਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ ’ਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਂਦੇ ਹਨ। ਸ੍ਰੀਨਿਵਾਸਨ ਨੇ ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਘਰ-ਘਰ ਰੋਜ਼ਗਾਰ’ ਤਹਿਤ ਇਸੇ ਮਹੀਨੇ ਹੀ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਪੜ੍ਹੇ-ਲਿਖੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਰੋਜ਼ਗਾਰ ਮੇਲੇ ਲਗਵਾਏ ਜਾ ਰਹੇ ਹਨ। ਇਹ ਬੇਰੋਜ਼ਗਾਰ ਮੇਲੇ 20, 21 ਅਤੇ 22 ਸਤੰਬਰ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ, 24 ਸਤੰਬਰ ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਅਤੇ 30 ਸਤੰਬਰ ਨੂੰ ਮਾਡਲ ਕੈਰੀਅਰ ਸੈਂਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵਿਖੇ ਲਗਾਏ ਜਾਣਗੇ। ਉਨ੍ਹਾਂ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਚੜ ਕੇ ਇਨ੍ਹਾਂ ਮੇਲਿਆ ਵਿੱਚ ਪਹੁੰਚ ਕੇ ਰੋਜ਼ਗਾਰ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।

Real Estate