550 ਸਾਲਾਂ ਪ੍ਰਕਾਸ਼ ਪੁਰਬ : ਸਾਂਝੇ ਮੁੱਖ ਸਮਾਗਮ ਸਬੰਧੀ ਫ਼ੈਸਲਾ ਅੱਜ

915

ਅੱਜ 21 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿਚ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵਲੋਂ ਸਾਂਝੇ ਤੌਰ ’ਤੇ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਅਹਿਮ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਕੱਤਰਤਾ ਵਿਚ ਹੋਰ ਅਹਿਮ ਸਿੱਖ ਮਸਲੇ ਵੀ ਵਿਚਾਰੇ ਜਾਣਗੇ। ਪੰਜ ਸਿੰਘ ਸਾਹਿਬਾਨ ਦੀ ਇਸ ਇਕੱਤਰਤਾ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿਚ ਨਿਹੰਗ ਜਥੇਬੰਦੀਆਂ, ਸਿੱਖ ਸਭਾ ਸੁਸਾਇਟੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵਿਦਵਾਨਾਂ ਨੂੰ ਸੱਦਿਆ ਗਿਆ ਹੈ, ਜਿਸ ਵਿਚ 550ਵੇਂ ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਚਰਚਾ ਹੋਵੇਗੀ। ਇਹ ਮੀਟਿੰਗ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਵੇਗੀ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ, ਜਿਸ ਵਿਚ 12 ਨਵੰਬਰ ਨੂੰ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਵਲੋਂ ਸਾਂਝੇ ਤੌਰ ’ਤੇ ਇਕ ਮੰਚ ਤੋਂ ਮਨਾਉਣ ਦਾ ਮਾਮਲਾ ਵਿਚਾਰਿਆ ਜਾਵੇਗਾ। ਇਕੱਤਰਤਾ ਮਗਰੋਂ ਜਥੇਦਾਰ ਵਲੋਂ ਇਸ ਮਾਮਲੇ ਸਬੰਧੀ ਫ਼ੈਸਲਾ ਦੱਸਿਆ ਜਾਵੇਗਾ।
ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਦੋ ਨੁਮਾਇੰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਰਾਹੀਂ ਅਕਾਲ ਤਖਤ ਦੇ ਜਥੇਦਾਰ ਨੂੰ ਪੱਤਰ ਭੇਜਿਆ ਗਿਆ ਸੀ। ਬੰਦ ਕਮਰਾ ਮੀਟਿੰਗ ਦੌਰਾਨ ਸਰਕਾਰੀ ਨੁਮਾਇੰਦਿਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਮੁੱਖ ਮੰਤਰੀ ਨਾਲ ਫੋਨ ’ਤੇ ਗੱਲਬਾਤ ਵੀ ਕਰਵਾਈ ਸੀ। ਮਗਰੋਂ ਜਥੇਦਾਰ ਨੇ ਮੀਡੀਆ ਕੋਲ ਖ਼ੁਲਾਸਾ ਕੀਤਾ ਸੀ ਕਿ ਮੁੱਖ ਮੰਤਰੀ ਨੇ ਸਾਂਝੇ ਮੰਚ ਸਬੰਧੀ ਫ਼ੈਸਲਾ ਲੈਣ ਦਾ ਹੱਕ ਸ੍ਰੀ ਅਕਾਲ ਤਖ਼ਤ ਨੂੰ ਸੌਂਪ ਦਿੱਤਾ ਹੈ ਅਤੇ ਸ੍ਰੀ ਅਕਾਲ ਤਖ਼ਤ ਵਲੋਂ ਜੋ ਵੀ ਫ਼ੈਸਲਾ ਕੀਤਾ ਜਾਵੇਗਾ, ਉਹ ਸਰਕਾਰ ਨੂੰ ਪ੍ਰਵਾਨ ਹੋਵੇਗਾ।

Real Estate