ਪ੍ਰਕਾਸ਼ ਪੁਰਬ ਦੇ ਸਾਂਝੇ ਸਮਾਗਮ ਲਈ ਮੁੱਖ ਮੰਤਰੀ ਦਾ ਪੇਸ਼ ਕੀਤਾ ਨਵਾਂ ਪ੍ਰਸਤਾਵ ਲੌਂਗੋਵਾਲ ਨੇ ਕੀਤਾ ਰੱਦ

1155

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਾਂਝੇ ਤੌਰ ਉੱਤੇ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਹੋਰ ਪਹਿਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਪ੍ਰਸਤਾਵ ਪੇਸ਼ ਕੀਤਾ। ਪ੍ਰਸਤਾਵ ਅਨੁਸਾਰ ਸ਼੍ਰੋਮਣੀ ਕਮੇਟੀ 12 ਨਵੰਬਰ ਨੂੰ ਸੂਬਾ ਸਰਕਾਰ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਵੇ ਜਿਸ ਵਿੱਚ ਦੇਸ਼ ਦੇ ਰਾਸ਼ਟਰਪਤੀ ਸ਼ਮੂਲੀਅਤ ਕਰ ਰਹੇ ਹਨ। 11 ਨਵੰਬਰ ਨੂੰ ਹੋਣ ਵਾਲਾ ਸਮਾਗਮ ਸ਼੍ਰੋਮਣੀ ਕਮੇਟੀ ਦੀ ਕਮਾਨ ਹੇਠ ਹੋਵੇ ਜਿਸ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਹ ਸੁਝਾਅ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਕੀਤੀ ਮੀਟਿੰਗ ਵਿੱਚ ਦਿੱਤਾ ਜੋ ਅੱਜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਉਨ੍ਹਾਂ ਦੇ ਸੱਦੇ ਉੱਤੇ ਹੋਈ ਸੀ। ਲੌਂਗੋਵਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਦੇਸ਼ ਦੇ ਗ੍ਰਹਿ ਮੰਤਰੀ 11 ਨਵੰਬਰ ਤੇ ਰਾਸ਼ਟਰਪਤੀ 12 ਨਵੰਬਰ ਨੂੰ ਸ਼ਮੂਲੀਅਤ ਕਰਨਗੇ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸੁਝਾਅ ਦਿੱਤਾ 11 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਲੱਗਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਟੇਜ ਨੂੰ ਸਾਂਝੀ ਸਟੇਜ ਬਣਾਇਆ ਜਾਵੇ ਜਿਸ ਵਿੱਚ ਸੂਬਾ ਸਰਕਾਰ ਵੀ ਸ਼ਾਮਲ ਹੋਵੇਗੀ ਜਦੋਂਕਿ 12 ਨਵੰਬਰ ਨੂੰ ਰਾਸ਼ਟਰਪਤੀ ਦੀ ਸ਼ਮੂਲੀਅਤ ਵਾਲੇ ਸਮਾਗਮ ਦੀ ਮੇਜ਼ਬਾਨੀ ਸੂਬਾ ਸਰਕਾਰ ਵੱਲੋਂ ਕੀਤੀ ਜਾਵੇ।ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਬੇਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਲਾਈ ਜਾ ਰਹੀ ਸਟੇਜ ਸਮੁੱਚੇ ਖਾਲਸਾ ਪੰਥ ਦੀ ਸਟੇਜ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ 11 ਅਤੇ 12 ਨਵੰਬਰ ਨੂੰ ਦੋਵੇਂ ਦਿਨ ਖਾਲਸਾ ਪੰਥ ਦੀ ਇਸ ਸਟੇਜ ‘ਤੇ ਆ ਕੇ ਹਾਜ਼ਰੀ ਲਵਾਉਣ। ਉਨ੍ਹਾਂ ਸਰਕਾਰੀ ਮੰਚ ‘ਤੇ ਜਾਣ ਦੀ ਪੇਸ਼ਕਸ਼ ਨੂੰ ਰੱਦ ਕਰ ਦਿੱਤਾ।

Real Estate