ਸਹਿਜ ਪਾਠ ਦੀ ਸੇਵਾ ਨਾਲ ਮੁੱਖ ਮੰਤਰੀ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਧਾਰਮਿਕ ਸਮਾਗਮਾਂ ਦਾ ਕਰਨਗੇ ਆਗਾਜ਼

724

ਕੈਪਟਨ ਸੰਧੂ ਅਤੇ ਚੰਨੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਕਪੂਰਥਲਾ/ਸੁਲਤਾਨਪੁਰ ਲੋਧੀ, 3 ਨਵੰਬਰ (ਕੌੜਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸੇਵਾ ਨਿਭਾਅ ਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਮੰਗਲਵਾਰ ਨੂੰ ਸੰਤ ਸਮਾਜ ਅਤੇ ਹਜ਼ਾਰਾਂ ਸ਼ਰਧਾਲੂਆਂ ਦੀ ਹਾਜ਼ਰੀ ਵਿਚ ਸੇਵਾ ਨਿਭਾਅ ਕੇ ਸ੍ਰੀ ਗੁਰੂ ਗ੍ਰੰਥ ਦੀ ਆਰੰਭਤਾ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਹਿਜ ਪਾਠ ਪੂਰੀ ਗੁਰ ਮਰਿਆਦਾ ਨਾਲ ਸੰਪਨ ਕਰਵਾਇਆ ਜਾਵੇਗਾ ਅਤੇ 12 ਨਵੰਬਰ ਨੂੰ ਮੁੱਖ ਪੰਡਾਲ ਵਿਚ ਹੀ ਇਸ ਦੇ ਭੋਗ ਪਾਏ ਜਾਣਗੇ। ਅੱਜ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਲੋਕਾਂ ਨੂੰ ਇਹਨਾਂ ਸਮਾਗਮਾਂ ਵਿਚ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 5 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਇਹਨਾਂ ਧਾਰਮਿਕ ਸਮਾਗਮਾਂ ਵਿਚ ਕੀਰਤਨ ਦਰਬਾਰ, ਸ਼ਾਨਦਾਰ ਲਾਈਟ ਤੇ ਸਾਊਂਡ ਸ਼ੋਅ ਅਤੇ ਹੋਰ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਵਿਚ ਪ੍ਰਮੁੱਖ ਸਿੱਖ ਵਿਦਵਾਨ ਸ਼ਿਰਕਤ ਕਰਨਗੇ। ਇਸ ਮੌਕੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਅਹਿਮ ਉਪਰਾਲਿਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਮੁਫ਼ਤ ਰਿਹਾਇਸ਼ ਲਈ 35 ਹਜ਼ਾਰ ਦੀ ਸਮੱਰਥਾ ਵਾਲੀਆਂ ਤਿੰਨ ਟੈਂਟ ਸਿਟੀਆਂ ਦਾ ਨਿਰਮਾਣ ਕੀਤਾ ਗਿਆ ਹੈ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਵਿਖੇ ਸ਼ਰਧਾਲੂਆਂ ਲਈ ਪੀਣ ਵਾਲੇ ਪਾਣੀ ਦੇ ਮੁਫ਼ਤ ਏ ਟੀ ਐਮ, ਮੁਫ਼ਤ ਬੱਸ ਸਰਵਿਸ, ਮੁਫ਼ਤ ਈ-ਰਿਕਸ਼ਾ, ਮੁਫ਼ਤ ਸਾਈਕਲ ਸਰਵਿਸ ਅਤੇ ਹੋਰ ਸੁਵਿਧਾਵਾਂ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪਵਿੱਤਰ ਨਗਰੀ ਲਈ 400 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਦਿਹਾੜੇ ਨੂੰ ਬੇਮਿਸਾਲ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਇਸ ਦਿਹਾੜੇ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਨਵਤੇਜ ਸਿੰਘ ਚੀਮਾ, ਆਈ ਜੀ ਸ੍ਰੀ ਨੌਨਿਹਾਲ ਸਿੰਘ, ਡਿਪਟੀ ਕਮਿਸ਼ਨਰ ਇੰਜ: ਡੀ ਪੀ ਐਸ ਖਰਬੰਦਾ, ਐਸ ਐਸ ਪੀ  ਸਤਿੰਦਰ ਸਿੰਘ, ਡਾਇਰੈਕਟਰ ਸੈਰ-ਸਪਾਟਾ ਐਮ ਐਸ ਜੱਗੀ, ਵਧੀਕ ਡਿਪਟੀ ਕਮਿਸ਼ਨਰ  ਰਾਹੁਲ ਚਾਬਾ ਤੇ ਗੁਰਮੀਤ ਸਿੰਘ ਮੁਲਤਾਨੀ, ਐਸ ਡੀ ਐਮ  ਵਰਿੰਦਰ ਪਾਲ ਸਿੰਘ ਬਾਜਵਾ, ਡਾ ਚਾਰੂਮਿਤਾ ਅਤੇ ਰਣਦੀਪ ਸਿੰਘ ਹੀਰ, ਮੇਲਾ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਬੱਲ ਅਤੇ ਹੋਰ ਹਾਜ਼ਰ ਸਨ।

Real Estate