ਮਹਾਂਰਾਸ਼ਟਰ ’ਚ ਰਾਸ਼ਟਰਪਤੀ ਸ਼ਾਸਨ ਲਾਗੂ

904

ਮਹਾਂਰਾਸ਼ਟਰ ਚ ਕਿਸੇ ਵੀ ਦਲ ਵਲੋਂ ਸਰਕਾਰ ਨਾ ਬਣਾਏ ਜਾ ਸਕਣ ਕਾਰਨ 18 ਦਿਨਾਂ ਮਗਰੋਂ ਮੰਗਲਵਾਰ ਨੂੰ ਰਾਸ਼ਟਰਪਤੀ ਸ਼ਾਸਨ ਲਗਾ ਦਿੱਤਾ ਗਿਆ ਹੈ। ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਕੇਂਦਰੀ ਮੰਤਰੀ ਮੰਡਲ ਨੇ ਵੀ ਮਨਜ਼ੂਰੀ ਦੇ ਦਿੱਤੀ ਸੀ। ਰਾਜਪਾਲ ਦੇ ਇਸ ਫੈਸਲੇ ਤੋਂ ਬਾਅਦ ਸ਼ਿਵ ਸੈਨਾ ਸੁਪਰੀਮ ਕੋਰਟ ਪਹੁੰਚ ਗਈ ਹੈ। ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੇ ਐਲਾਨ ਸਬੰਧੀ ਦਸਤਾਵੇਜ਼ਾਂ ’ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਦਸਤਖਤ ਹੋਣ ਤੋਂ ਬਾਅਦ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਹੋ ਗਿਆ। ਇਸ ਨਾਲ ਹੀ ਮਹਾਰਾਸ਼ਟਰ ਵਿਧਾਨ ਸਭਾ ਵੀ ਮੁਅੱਤਲ ਕਰ ਦਿੱਤੀ ਗਈ। ਰਾਜਪਾਲ ਭਗਤ ਸਿੰਘ ਕੋਸ਼ਯਾਰੀ ਦੇ ਨਾਲ ਅੱਜ ਮੋਦੀ ਸਰਕਾਰ ਦੀ ਕੇਂਦਰੀ ਮੰਤਰੀ ਮੰਡਲ ਨੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕੀਤੀ। ਕੋਸ਼ਯਾਰੀ ਦੇ ਦਫ਼ਤਰ ਵੱਲੋਂ ਟਵੀਟ ਕੀਤੇ ਗਏ ਇੱਕ ਬਿਆਨ ਅਨੁਸਾਰ, “ਉਹ ਸੰਤੁਸ਼ਟ ਹਨ ਕਿ ਸਰਕਾਰ ਸੰਵਿਧਾਨ ਦੇ ਅਨੁਸਾਰ ਨਹੀਂ ਚਲਾਈ ਜਾ ਸਕਦੀ ਅਤੇ ਇਸ ਲਈ ਸੰਵਿਧਾਨ ਦੀ ਧਾਰਾ 356 ਦੇ ਪ੍ਰਬੰਧ ਅਨੁਸਾਰ ਇੱਕ ਰਿਪੋਰਟ ਸੌਂਪੀ ਗਈ ਹੈ।” ਆਰਟੀਕਲ 356 ਆਮ ਤੌਰ ‘ਤੇ ਰਾਸ਼ਟਰਪਤੀ ਸ਼ਾਸਨ ਵਜੋਂ ਜਾਣਿਆ ਜਾਂਦਾ ਹੈ ਅਤੇ ‘ਸੂਬੇ ਵਿਚ ਸੰਵਿਧਾਨਕ ਮਸ਼ੀਨਰੀ ਦੀ ਅਸਫਲਤਾ’ ਨਾਲ ਸਬੰਧ ਰੱਖਦਾ ਹੈ। ਕੇਂਦਰੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫਾਰਸ਼ ਵੀ ਕੀਤੀ ਹੈ। ਸੂਬੇ ਚ ਪਿਛਲੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੋਈ ਵੀ ਰਾਜਨੀਤਿਕ ਪਾਰਟੀ ਹੁਣ ਤਕ ਸਰਕਾਰ ਨਹੀਂ ਬਣਾ ਸਕੀ ਹੈ।

Real Estate