ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਰਾਸ਼ਟਰੀ ਕਬੱਡੀ ਕੱਪ ਦੇ ਦੋ ਮੈਚ 5 ਦਸੰਬਰ ਨੂੰ

773

ਬਠਿੰਡਾ/15 ਨਵੰਬਰ/ ਬਲਵਿੰਦਰ ਸਿੰਘ ਭੁੱਲਰ

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 1 ਦਸੰਬਰ ਤੋਂ 10 ਦਸੰਬਰ ਤੱਕ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਅੰਤਰ-ਰਾਸ਼ਟਰੀ ਕਬੱਡੀ ਕੱਪ 2019 ਦੇ ਮੱਦੇਨਜ਼ਰ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 5 ਦਸੰਬਰ ਨੂੰ 2 ਮੈਚ ਕਰਵਾਏ ਜਾਣਗੇ। ਖੇਡ ਵਿਭਾਗ ਰਾਹੀਂ ਕਰਵਾਏ ਜਾ ਰਹੇ ਇਨ੍ਹਾਂ ਮੈਚਾਂ ਵਿੱਚ ਪੁਰਸ਼ ਵਰਗ ਦੀਆਂ ਚਾਰ ਟੀਮਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ ਨੇ ਇੰਨ੍ਹਾਂ ਕਬੱਡੀ ਮੈਚਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਅੰਤਰ-ਰਾਸ਼ਟਰੀ ਕਬੱਡੀ ਕੱਪ ਦੇ ਮੈਚਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੂੰ ਚੈਅਰਮੇਨ, ਜ਼ਿਲ੍ਹਾ ਖੇਡ ਅਫਸਰ ਸ੍ਰੀ ਵਿਜੇ ਕੁਮਾਰ ਨੂੰ ਕਨਵੀਨਰ, ਜ਼ਿਲ੍ਹਾ ਪੁਲਿਸ ਮੁਖੀ ਡਾ। ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦੀਪ ਸਿੰਘ ਮਾਨ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਖੇਡ ਸਟੇਡੀਅਮ ਦੀ ਸਾਫ-ਸਫਾਈ, ਸਜਾਵਟ, ਪੀਣ ਲਈ ਸਾਫ ਪਾਣੀ, ਬੈਰੀਕੇਡਿੰਗ , ਟ੍ਰੈਫਿਕ ਅਤੇ ਪਾਰਕਿੰਗ ਦੇ ਸੁਚੱਜੇ ਇੰਤਜ਼ਾਮਾਂ ਲਈ ਵੱਖ-ਵੱਖ ਕਮੇਟੀਆਂ ਬਣਾਈਆ ਗਈਆ ਹਨ।
ਕਬੱਡੀ ਮੈਚਾਂ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੇਡ ਅਫਸਰ ਵਿਜੇ ਕੁਮਾਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਖੇਡ ਸਟੇਡੀਅਮ ਦੇ ਮੈਦਾਨ ਨੂੰ ਸਵਾਰਨ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਚਾਂ ਮੌਕੇ ਸਟੇਡੀਅਮ ਵਿਖੇ ਮੈਡੀਕਲ ਟੀਮਾਂ ਦੇ ਲੋਂੜੀਦੇ ਪ੍ਰਬੰਧ ਕਰਨ, ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਟੇਡੀਅਮ ਵਿਖੇ ਸਥਿਤ ਪਖਾਨਿਆਂ ਅਤੇ ਸਟੇਡੀਅਮ ਦੀ ਲੋਂੜੀਦੀ ਮੁਰੰਮਤ ਕਰਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸਟੇਡੀਅਮ ਤੇ ਸ਼ਹਿਰ ਅੰਦਰ ਟ੍ਰੈਫਿਕ ਅਤੇ ਪਾਰਕਿੰਗ ਦੇ ਲੋਂੜੀਦੇ ਹੱਲ ਕਰਨ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਰੇ ਪ੍ਰਬੰਧਾਂ ਦੀ ਨਜ਼ਰਸਾਨੀ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਇਸ ਮੌਕੇ ਐਸ ਪੀ (ਐੱਚ) ਸ੍ਰੀ ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਅਤਿੰਦਰ ਕੌਰ, ਜ਼ਿਲ੍ਹਾ ਖੇਡ ਅਫਸਰ ਸ੍ਰੀ ਵਿਜੇ ਕੁਮਾਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਵਿਭਾਗ ਸ੍ਰੀ ਅੰਮਿਤ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Real Estate