ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਲਈ ਸਜਿਆ ਗੁਰੂ ਨਾਨਕ ਸਟੇਡੀਅਮ

ਸੁਲਤਾਨਪੁਰ ਲੋਧੀ, 29 ਨਵੰਬਰ :(ਕੌੜਾ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮਾਰੋਹ ਲਈ ਗੁਰੂ ਨਾਨਕ ਸਟੇਡੀਅਮ ਨੂੰ ਬਹੁਤ ਹੀ ਖ਼ੂਬਸੂਰਤੀ ਨਾਲ ਸ਼ਿੰਗਾਰਿਆ ਗਿਆ ਹੈ। ਡਿਪਟੀ ਕਮਿਸ਼ਨਰ ਇੰਜ: ਡੀ। ਪੀ। ਐਸ ਖਰਬੰਦਾ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਸਟੇਡੀਅਮ ਵਿਖੇ ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੇ ਜਾਣ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੱਸਿਆ ਕਿ ਇਸ ਵਿਸ਼ਾਲ ਸਮਾਰੋਹ ਲਈ ਬਹੁਤ ਹੀ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਹਰੇਕ ਤਰਾਂ ਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਉਦਘਾਟਨੀ ਸਮਾਰੋਹ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਕੰਠ ਕਲੇਰ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ।
ਉਨਾਂ ਦੱਸਿਆ ਕਿ 1 ਤੋਂ 10 ਦਸੰਬਰ ਤੱਕ ਕਰਵਾਏ ਜਾ ਰਹੇ ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ ਐਤਵਾਰ, ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਸਵੇਰੇ 10 ਵਜੇ ਸ਼ੁਰੂ ਹੋਵੇਗਾ ਅਤੇ ਇਸ ਦਿਨ ਚਾਰ ਲੀਗ ਮੈਚ ਵੀ ਖੇਡੇ ਜਾਣਗੇ। ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ 9 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜੀਲੈਂਡ , ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਸ਼ਾਮਿਲ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਬੱਡੀ ਦੇ ਇਸ ਮਹਾਂਕੁੰਭ ਦੇ ਗਵਾਹ ਬਣਨ ਲਈ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਜ਼ਿਲਾ ਖੇਡ ਅਫ਼ਸਰ ਪਰਦੀਪ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਪਿ੍ੰਸੀਪਲ ਐਸ। ਐਸ। ਰੰਧਾਵਾ, ਬਲਕਾਰ ਸਿੰਘ, ਨਿਰਮਲ ਸਿੰਘ, ਰਣਧੀਰ ਸਿੰਘ ਧੀਰਾ, ਤਰਲੋਕ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਅਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।:

Real Estate