ਨਿਰਭੈਆ ਕਾਂਡ ਦੇ ਦੋਸ਼ੀਆਂ ਨੂੰ ਸੁਪਰੀਮ ਕੋਰਟ ਵੱਲੋਂ ਕੋਈ ਰਹਿਮ ਨਹੀਂ

1036

ਦਿੱਲੀ ਦੇ ਨਿਰਭੈਆ ਸਮੂਹਕ ਬਲਾਤਕਾਰ ਅਤੇ ਕਤਲ ਦੇ ਮਾਮਲੇ ’ਚ ਦੋਸ਼ੀ ਅਕਸ਼ੇ ਠਾਕੁਰ ਦੀ ਨਜ਼ਰਸਾਨੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਅੱਜ ਫ਼ੈਸਲਾ ਸੁਣਾਇਆ। ਉਸ ਦੀ ਰਹਿਮ ਦੀ ਪਟੀਸ਼ਨ ਨਾਮਨਜ਼ੂਰ/ਰੱਦ ਕਰ ਦਿੱਤੀ ਗਈ ਹੈ। ਜਿਸ ਤੋਂ ਮਗਰੋਂ ਹੁਣ ਸੱਤ ਸਾਲ ਪੁਰਾਣੇ ਇਸ ਮਾਮਲੇ ’ਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਮਾਮਲੇ ਨੂੰ ਨਿਰਭਯਾ ਕਾਂਡ ਵਜੋਂ ਵੀ ਜਾਣਿਆ ਜਾਂਦਾ ਹੈ। ਅਕਸ਼ੇ ਠਾਕੁਰ ਦੀ ਅਰਜ਼ੀ ਉੱਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਵਿੱਚ ਸਰਕਾਰ ਵੱਲੋਂ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਪੇਸ਼ ਹੋਏ। ਉਨ੍ਹਾਂ ਇਸ ਦਾ ਵਿਰੋਧ ਕੀਤਾ ਤੇ ਕਿਹਾ ਕਿ ਦੋਸ਼ੀ ਕਿਸੇ ਵੀ ਤਰ੍ਹਾਂ ਰਹਿਮ ਦਾ ਹੱਕਦਾਰ ਨਹੀਂ ਹੈ। ਨਿਰਭਯਾ ਕਾਂਡ ਬਾਰੇ ਦੋਸ਼ੀ ਅਕਸ਼ੇ ਠਾਕੁਰ ਦੀ ਨਜ਼ਰਸਾਨੀ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ’ਚ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਕੁਝ ਅਪਰਾਧ ਅਜਿਹੇ ਹੁੰਦੇ ਹਨ ਕਿ ਜਿਨ੍ਹਾਂ ਵਿੱਚ ਮਨੁੱਖਤਾ ਰੋਂਦੀ ਹੈ ਤੇ ਇਹ ਮਾਮਲਾ ਉਨ੍ਹਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਕਿਸੇ ਵੀ ਤਰ੍ਹਾਂ ਦੀ ਉਦਾਰਤਾ ਦਾ ਹੱਕਦਾਰ ਨਹੀਂ ਹੈ ਤੇ ਰੱਬ ਵੀ ਹੁਣ ਅਜਿਹੇ ਦਰਿੰਦੇ ਨੂੰ ਬਣਾ ਕੇ ਸ਼ਰਮਸਾਰ ਹੋਇਆ ਹੋਵੇਗਾ। ਉਨ੍ਹਾਂ ਕਿਹਾ ਕਿ ਜੋ ਹੋਣਾ ਤੈਅ ਹੈ, ਉਸ ਤੋਂ ਬਚਣ ਲਈ ਨਿਰਭਯਾ ਮਾਮਲੇ ਦੇ ਦੋਸ਼ੀ ਕਈ ਜਤਨ ਕਰ ਰਹੇ ਹਨ ਤੇ ਕਾਨੂੰਨ ਨੂੰ ਛੇਤੀ ਆਪਣਾ ਕੰਮ ਕਰਨਾ ਚਾਹੀਦਾ ਹੈ। ਕੱਲ੍ਹ ਦੋਸ਼ੀ ਅਕਸ਼ੇ ਦੇ ਵਕੀਲ ਨੇ ਕਿਹਾ ਸੀ ਕਿ ਇਹ ਮਾਮਲਾ ਸਿਆਸਤ ਤੇ ਮੀਡੀਆ ਦੇ ਦਬਾਅ ਤੋਂ ਪ੍ਰਭਾਵਿਤ ਰਿਹਾ ਹੈ ਤੇ ਦੋਸ਼ੀ ਨਾਲ ਬਹੁਤ ਜ਼ਿਆਦਾ ਬੇਇਨਸਾਫ਼ੀ ਹੋ ਚੁੱਕੀ ਹੈ।ਇਸ ਦੋਸ਼ੀ ਨੇ ਇਸ ਮਾਮਲੇ ਵਿੱਚ ਆਪਣੀ ਮੌਤ ਦੀ ਸਜ਼ਾ ਨੂੰ ਕਾਇਮ ਰੱਖਣ ਦੇ ਸੁਪਰੀਮ ਕੋਰਟ ਦੇ 2017 ਦੇ ਫ਼ੈਸਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ। ਵਕੀਲ ਨੇ ਇਹ ਦਲੀਲ ਦਿੰਦਿਆਂ ਰਹਿਮ ਦੀ ਮੰਗ ਕੀਤੀ ਹੈ ਕਿ ਦਿੱਲੀ ’ਚ ਵਧਦੇ ਹਵਾ ਤੇ ਪਾਣੀ ਦੇ ਪ੍ਰਦੂਸ਼ਣ ਕਾਰਨ ਉਂਝ ਵੀ ਉਮਰ ਛੋਟੀ ਹੁੰਦੀ ਜਾ ਰਹੀ ਹੈ।

Real Estate