ਨਿਰਭੈਆ ਕਾਂਡ ਦੇ ਦੋਸ਼ੀਆਂ ਨੂੰ 22 ਜਨਵਰੀ ਸਵੇਰੇ 7 ਵਜੇ ਫਾਂਸੀ

ਦਿੱਲੀ ਦੇ ਨਿਰਭੈਆ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਦੋਸ਼ੀਆਂ ਵਿਰੁਧ ਡੈੱਥ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਅਦਾਲਤ ਦਿੱਲੀ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ ਜਿਸ ਵਿੱਚ ਨਿਰਭੈਆ ਮਾਮਲੇ ਵਿੱਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ‘ਮੌਤ ਦਾ ਵਾਰੰਟ’ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਸੀ। ਪਟਿਆਲਾ ਹਾਊਸ ਕੋਰਟ ਦੇ ਅੱਜ ਦੇ ਫ਼ੈਸਲੇ ਉੱਤੇ ਸਾਰੇ ਦੇਸ਼ ਦੀ ਨਜ਼ਰ ਹੈ। ਦਸੰਬਰ 2012 ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹੋਏ ਸਮੂਹਕ ਬਲਾਤਕਾਰ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ।
16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ। ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

Real Estate