ਅਪਰਾਧੀਆਂ ਨੂੰ ਟਿਕਟਾਂ ਦੇਣ ਤੇ ਸੁਪਰੀਮ ਕੋਰਟ ਨੇ ਖਿੱਚੀਆਂ ਰਾਜਸੀ ਪਾਰਟੀਆਂ

843

ਸੁਪਰੀਮ ਕੋਰਟ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਕ ਮਾਮਲਿਆਂ ਦਾ ਰਿਕਾਰਡ ਆਪਣੀ ਵੈਬਸਾਈਟਾਂ ‘ਤੇ ਵਿਖਾਉਣਾ ਹੋਵੇਗਾ। ਇਸ ਦੇ ਨਾਲ ਹੀ ਇਹ ਆਦੇਸ਼ ਵੀ ਜਾਰੀ ਕੀਤਾ ਹੈ ਕਿ ਉਹ ਅਪਰਾਧਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਕਿਉਂ ਦੇ ਰਹੇ ਹਨ? ਇਸ ਦਾ ਕਾਰਨ ਵੀ ਉਨ੍ਹਾਂ ਨੂੰ ਦੱਸਣਾ ਪਵੇਗਾ ਅਤੇ ਜਾਣਕਾਰੀ ਵੈਬਸਾਈਟ ‘ਤੇ ਦਿੱਤੀ ਜਾਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਵੈਬਸਾਈਟ, ਅਖਬਾਰ ਅਤੇ ਸੋਸ਼ਲ ਮੀਡੀਆ ‘ਤੇ ਇਹ ਦੱਸਣਾ ਹੋਵੇਗਾ ਕਿ ਉਹ ਅਜਿਹੇ ਉਮੀਦਵਾਰਾਂ ਦੀ ਚੋਣ ਕਿਉਂ ਕਰਦੇ ਹਨ, ਜਿਨ੍ਹਾਂ ਵਿਰੁੱਧ ਅਪਰਾਧਿਕ ਮਾਮਲੇ ਵਿਚਾਰ ਅਧੀਨ ਹਨ। ਅਦਾਲਤ ਨੇ ਇਹ ਵੀ ਹਦਾਇਤ ਕੀਤੀ ਕਿ ਸਿਆਸੀ ਪਾਰਟੀਆਂ ਨੂੰ ਅਜਿਹੇ ਉਮੀਦਵਾਰਾਂ ਦੀ ਚੋਣ ਕਰਨ ਲਈ 72 ਘੰਟਿਆਂ ਦੇ ਅੰਦਰ-ਅੰਦਰ ਚੋਣ ਕਮਿਸ਼ਨ ਨੂੰ ਅਨੁਪਾਲਣਾ ਰਿਪੋਰਟ ਦੇਣੀ ਹੋਵੇਗੀ, ਜਿਨ੍ਹਾਂ ਵਿਰੁੱਧ ਅਪਰਾਧਿਕ ਮਾਮਲੇ ਵਿਚਾਰ ਅਧੀਨ ਹਨ। ਜੇ ਰਾਜਨੀਤਿਕ ਪਾਰਟੀਆਂ ਉਨ੍ਹਾਂ ਉਮੀਦਵਾਰਾਂ ਬਾਰੇ ਅਦਾਲਤ ਦੇ ਸਿਸਟਮ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦੀਆਂ ਹਨ ਜਿਨ੍ਹਾਂ ਵਿਰੁੱਧ ਅਪਰਾਧਿਕ ਕੇਸ ਵਿਚਾਰ ਅਧੀਨ ਹਨ ਤਾਂ ਚੋਣ ਕਮਿਸ਼ਨ ਇਸ ਨੂੰ ਸੁਪਰੀਮ ਕੋਰਟ ਦੇ ਧਿਆਨ ਵਿੱਚ ਲਿਆਏਗਾ।
ਸੁਪਰੀਮ ਕੋਰਟ ਨੇ ਇਹ ਫੈਸਲਾ ਕਰਨਾ ਸੀ ਕਿ ਕੀ ਸਿਆਸੀ ਪਾਰਟੀਆਂ ਨੂੰ ਅਜਿਹੇ ਲੋਕਾਂ ਨੂੰ ਚੋਣਾਂ ’ਚ ਟਿਕਟ ਦੇਣ ਤੋਂ ਰੋਕਣ ਦੀ ਹਦਾਇਤ ਦਿੱਤੀ ਜਾ ਸਕਦੀ ਹੈ, ਜਿਨ੍ਹਾਂ ਦਾ ਕੋਈ ਅਪਰਾਧਕ ਪਿਛੋਕੜ ਹੋਵੇ। ਜਸਟਿਸ ਰੋਹਿੰਟਨ ਨਰੀਮਨ ਅਤੇ ਰਵਿੰਦਰ ਭੱਟ ਦੀ ਬੈਂਚ ਨੇ ਦਾਖਲ ਪਟੀਸ਼ਨਾਂ ‘ਤੇ ਇਹ ਆਦੇਸ਼ ਦਿੱਤਾ। ਕਈ ਪਟੀਸ਼ਨਕਰਤਾਵਾਂ ਵਿੱਚੋਂ ਭਾਜਪਾ ਨੇਤਾ ਅਸ਼ਵਨੀ ਉਪਾਧਿਆਏ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਸੀ ਕਿ ਅਦਾਲਤ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀਆਂ ‘ਤੇ ਦਬਾਅ ਪਾਉਣ ਲਈ ਨਿਰਦੇਸ਼ ਦੇਵੇ ਕਿ ਅਪਰਾਧਕ ਪਿਛੋਕੜ ਵਾਲੇ ਨੇਤਾਵਾਂ ਨੂੰ ਟਿਕਟਾਂ ਨਾ ਦਿੱਤੀਆਂ ਜਾਣ। ਜੇ ਅਜਿਹਾ ਹੁੰਦਾ ਹੈ ਤਾਂ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਤੇ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਵੱਲੋਂ ਸਿਰਫ਼ ਉਨ੍ਹਾਂ ਦੇ ਅਪਰਾਧਕ ਰਿਕਾਰਡ ਦੇਣ ਨਾਲ ਹੀ ਸਮੱਸਿਆ ਹੱਲ ਨਹੀਂ ਹੋ ਸਕਦੀ। ਕਮਿਸ਼ਨ ਨੇ ਅਦਾਲਤ ਦੇ ਸਾਲ 2018 ’ਚ ਦਿੱਤੇ ਗਏ ਉਸ ਫ਼ੈਸਲੇ ਦੀ ਯਾਦ ਦਿਵਾਈ, ਜਿਸ ਅਧੀਨ ਉਮੀਦਵਾਰਾਂ ਨੂੰ ਉਨ੍ਹਾਂ ਅਪਰਾਧਕ ਰਿਕਾਰਡ ਨੂੰ ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਆ ’ਚ ਐਲਾਨਣ ਲਈ ਕਿਹਾ ਗਿਆ ਸੀ। ਕਮਿਸ਼ਨ ਨੇ ਕਿਹਾ ਕਿ ਸਿਆਸਤ ਦਾ ਅਪਰਾਧੀਕਰਨ ਰੋਕਣ ਵਿੱਚ ਉਮੀਦਵਾਰਾਂ ਵੱਲੋਂ ਐਲਾਨੇ ਅਪਰਾਧਕ ਰਿਕਾਰਡ ਤੋਂ ਕੋਈ ਮਦਦ ਨਹੀਂ ਮਿਲੀ। ਸਾਲ 2018 ਦੇ ਸਤੰਬਰ ਮਹੀਨੇ ਦੌਰਾਨ 5 ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਉਹ ਗੰਭੀਰ ਅਪਰਾਧ ’ਚ ਸ਼ਾਮਲ ਲੋਕਾਂ ਦੇ ਚੋਣ ਲੜਨ ਤੇ ਪਾਰਟੀ ਅਹੁਦੇਦਾਰ ਬਣਨ ’ਤੇ ਰੋਕ ਲਾਉਣ ਲਈ ਤੁਰੰਤ ਕਾਨੁੰਨ ਬਣਾਏ।

Real Estate