ਲੱਖ ਕੋਸ਼ਿਸ਼ਾਂ ਕਰ ਲਵੇ ਸੱਜਣ ਕੁਮਾਰ ਨੂੰ ਜੇਲ ਵਿਚੋਂ ਨਹੀਂ ਕੱਢ ਸਕਦੀ ਕਾਂਗਰਸ : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 13 ਮਈ (ਪੰਜਾਬੀ ਨਿਊਜ਼ ਆਨਲਾਇਨ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਵੇਂ ਲੱਖ ਕੋਸ਼ਿਸ਼ਾਂ ਕਰ ਲਵੇ ਪਰ ਸੱਜਣ ਕੁਮਾਰ ਤੇ  1984 ਦੇ ਸਿੱਖ ਕਤਲੇਆ ਦੇ  ਹੋਰ ਦੋਸ਼ੀਆਂ ਨੂੰ ਜੇਲ ਵਿਚੋਂ ਨਹੀਂ ਕੱਢ ਸਕਦੀ।
ਅੱਜ ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ‘ਤੇ ਪ੍ਰਤੀਕਰਮ ਦਿੰਦਿੰਆਂ ਸ੍ਰੀ ਸਿਰਸਾ ਨੇ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਨੇ ਲੱਖ ਕੋਸ਼ਿਸ਼ਾਂ ਕੀਤੀਆਂ ਪਰ ਸੁਪਰੀਮ ਕੋਰਟ ਨੇ ਫਿਰ ਤੋਂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਾਂਗਰਸ ਦੇ ਆਗੂ ਬਲਵੰਤ ਖੋਖਰ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਪੈਰੋਲ ਦੀ ਅਰਜ਼ੀ ਵੀ ਰੱਦ ਕਰ ਦਿੱਤੀ ਹੈ।  ਉਹਨਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜੇਲ ਵਿਚੋਂ ਬਾਹਰ ਕੱਢਣ ਦੇ ਕਾਂਗਰਸ ਪਾਰਟੀ ਦੇ ਯਤਨ ਨਾਕਾਮ ਹੋ ਗਏ ਹਨ ਤੇ ਭਵਿੱਖ ਵਿਚ ਵੀ ਹੁੰਦੇ ਰਹਿਣਗੇ।
ਸ੍ਰੀ ਸਿਰਸਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਤੇ ਖਾਸ ਤੌਰ ‘ਤੇ ਗਾਂਧੀ ਪਰਿਵਾਰ ਨੂੰ ਦੱਸਣਾ ਚਾਹੁੰਦੇ ਹਨ ਕਿ ਜਿਥੇ ਸੱਜਣ ਕੁਮਾਰ ਜੇਲ ਵਿਚ ਹੈ ਤੇ ਜੇਲ ਵਿਚ ਹੀ ਮਰੇਗਾ, ਉਥੇ ਹੀ ਕਾਂਗਰਸ ਦੇ ਚੋਟੀ ਦੇ ਆਗੂ ਕਮਲਨਾਥ ਵੀ ਜਲਦੀ ਹੀ ਜੇਲ ਵਿਚ ਪੁੱਜ ਜਾਣਗੇ ਕਿਉਂਕਿ ਉਹਨਾਂ ਦੀ ਵੀ 1984 ਦੇ ਸਿੱਖ ਕਤਲੇਆਮ ਵਿਚ ਸਰਗਰਮ ਭੂਮਿਕਾ ਸੀ।
ਸ੍ਰੀ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਨੁਮਾਇੰਦਾ ਜਥੇਬੰਦੀ ਵਜੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੇ ਪੀੜਤਾਂ ਨੂੰ ਇਨਸਾਫ ਦੁਆਉਣ ਲਈ ਕੰਮ ਕਰਦਾ ਰਿਹਾ ਹੈ ਤੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਆਪਣਾ ਇਹ ਸੰਘਰਸ਼ ਜਾਰੀ ਰੱਖੇਗਾ ਤੇ ਸਾਰੇ ਦੋਸ਼ੀਆਂ ਨੂੰ ਜੇਲ ਭੇਜ ਕੇ ਹੀ ਦਮ ਲਵੇਗਾ।
Real Estate