ਸ਼੍ਰੋਮਣੀ ਕਮੇਟੀ ‘ਤੇ ਕੋਰੋਨਾ ਦੀ ਮਾਰ : ਸ੍ਰੋਮਣੀ ਕਮੇਟੀ ਮੈਂਬਰਾਂ ਦੇ ਅਖਤਿਆਰੀ ਕੋਟੇ ‘ਤੇ ਲੱਗੀ ਇੱਕ ਸਾਲ ਲਈ ਰੋਕ

ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ‘ਚ ਬਦਲਾਓ ਰੋਕਣ ਲਈ ਕੇਂਦਰ ਨਾਲ ਗੱਲਬਾਤ ਕਰੇਗੀ ਸ੍ਰੋਮਣੀ ਕਮੇਟੀ
ਚੰਡੀਗੜ, 18 ਮਈ (ਜਗਸੀਰ ਸਿੰਘ ਸੰਧੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ‘ਚੋਂ ਅੰਮ੍ਰਿਤਸਰ ਸਾਹਿਬ ਨੂੰ ਬਾਹਰ ਕਰਨ ਦਾ ਸਖਤ ਨੋਟਿਸ ਲੈਂਦਿਆਂ ਇਸ ਮਾਮਲੇ ‘ਤੇ ਭਾਰਤ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਅਤੇ ਰੋਡ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਨੂੰ ਤੱਕ ਪੁਹੰਚ ਕਰਨ ਦਾ ਫੈਸਲਾ ਕੀਤਾ ਹੈ। ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਇਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਇਸ ਤੋਂ ਇਲਾਵਾ ਕਈ ਹੋਰ ਅਹਿਮ ਫੈਸਲਿਆਂ ‘ਤੇ ਵੀ ਮੋਹਰ ਲਗਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਹੈ ਕਿ ਇਕੱਤਰਤਾ ਦੌਰਾਨ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਨੂੰ ਪਹਿਲਾਂ ਵਾਲੀ ਬਣਾਈ ਗਈ ਯੋਜਨਾ ਅਨੁਸਾਰ ਹੀ ਬਣਾਇਆ ਜਾਵੇ। ਇਸ ਵਿੱਚੋਂ ਅੰਮ੍ਰਿਤਸਰ ਨੂੰ ਕਿਸੇ ਵੀ ਕੀਮਤ ‘ਤੇ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆ ਬਾਰੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੈਦਾ ਹੋਏ ਵਿੱਤੀ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਵਿੱਤੀ ਮਾਮਲਿਆਂ ਦੀ ਸਮੀਖਿਆ ਇਸ ਕਮੇਟੀ ਵੱਲੋਂ ਹੀ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਇਹ ਵੀ ਦੱਸਿਆ ਕਿ ਕੋਰੋਨਾ ਕਾਰਨ ਫਿਲਹਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਅਖ਼ਤਿਆਰੀ ਕੋਟੇ ‘ਤੇ ਵੀ ਇੱਕ ਸਾਲ ਲਈ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹਰ ਤਰ•ਾਂ ਦੀ ਸਹਾਇਤਾ ਵੀ ਤਿੰਨ ਮਹੀਨੇ ਲਈ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਤੇ ਹਰਿਆਣਾ ਦੇ ਪਿਹੇਵਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਵਨ ਪੋਥੀਆਂ ਦੀ ਬੇਅਦਬੀ ਸਬੰਧੀ ਵੀ ਇਸ ਇਕੱਤਰਤਾ ਵਿੱਚ ਨਿਖੇਧੀ ਮਤਾ ਪਾਸ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਭਾਈ ਰਾਜਿੰਦਰ ਸਿੰਘ ਮਹਿਤਾ ਸਮੇਤ ਸਾਰੇ ਅੰਤ੍ਰਿੰਗ ਮੈਂਬਰ ਅਤੇ ਸ੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀ ਹਾਜਰ ਸਨ।

Real Estate