ਖੇਤੀਬਾੜੀ ਮੋਟਰਾਂ ਲਈ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ : ਕੈਪਟਨ

144

ਚੰਡੀਗੜ, 30 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਦੇ ਕਿਸਾਨਾਂ ਕੋਲੋਂ ਖੇਤੀਬਾੜੀ ਲਈ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਸਬੰਧੀ ਹੋ ਰਹੀ ਸਿਆਸਤ ਨੂੰ ਵਿਰਾਮ ਲਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਮੋਟਰਾਂ ਨਾਲ ਸਬੰਧਤ ਮੁਫਤ ਬਿਜਲੀ ਸਪਲਾਈ ਜਾਰੀ ਰਹੇਗੀ। ਕੈਪਟਨ ਨੇ ਕਿਸਾਨਾਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਪੰਜਾਬ ‘ਚ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਪਲਾਈ ਕਿਸੇ ਕੀਮਤ ‘ਤੇ ਬੰਦ ਨਹੀਂ ਕੀਤੀ ਜਾਵੇਗੀ। ਕੈਪਟਨ ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਕਿਹਾ ਕਿ ਉਹ ਅਜਿਹਾ ਕਰਨ ਬਾਰੇ ਨਾ ਹੀ ਕਦੇ ਸੋਚ ਸਕਦੇ ਹਨ।ਇੱਕ ਟਵੀਟ ਰਾਹੀਂ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਅਣਥੱਕ ਮਿਹਨਤ ਸਦਕਾ ਦੇਸ਼ ਦਾ ਢਿੱਡ ਭਰਨ ਲਈ ਅਨਾਜ ਦੀ ਪੈਦਾਵਾਰ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੀ ਮੌਜੂਦਾ ਆਰਥਿਕ ਸਥਿਤੀ ਤੋਂ ਭਲੀਭਾਂਤ ਜਾਣੂ ਹਨ। ਜਿਕਰਯੋਗ ਹੈ ਕਿ ਇਸ ਮੁੱਦੇ ‘ਤੇ ਅਕਾਲੀ ਦਲ ਸਣੇ ਵਿਰੋਧੀ ਧਿਰਾਂ ਨੇ ਕੈਪਟਨ ਸਰਕਾਰ ਨੂੰ ਘੇਰਿਆ ਹੋਇਆ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਵੀ ਖੁੱਲ ਕੇ ਵਿਰੋਧ ਕੀਤਾ ਸੀ ਅਤੇ ਇਸ ਮੁੱਦੇ ‘ਤੇ ਸੰਘਰਸ਼ ਵਿੱਢਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਪਰ ਮੁੱਖ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਨਾਲ ਵਿਰੋਧੀਆਂ ਦੇ ਮਨਸੂਬੇ ਧਰੇ ਧਰਾਏ ਰਹਿ ਗਏ ਹਨ।

Real Estate