ਸ੍ਰੀ ਗੁਰੂ ਗਰੰਥ ਸਾਹਿਬ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਦਾ ਮੁੱਖੀ ਗੁਰਮੀਤ ਰਾਮ ਰਹੀਮ ਵੀ ਨਾਮਜਦ

ਚੰਡੀਗੜ, 6 ਜੁਲਾਈ (ਜਗਸੀਰ ਸਿੰਘ ਸੰਧੂ) : ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਲਈ ਬਣਾਈ ਗਈ ਸਿੱਟ ਵੱਲੋਂ ਆਪਣੀ ਤਹਿਕੀਕਾਤ ਤੇਜ਼ ਕਰਦਿਆਂ ਬਲਾਤਕਾਰ ਤੇ ਕਤਲ ਮਾਮਲਿਆਂ ਵਿੱਚ ਸਜਾ ਯਾਫਤਾ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਵੀ ਬਰਗਾੜੀ ਬੇਅਦਬੀ ਮਾਮਲੇ ‘ਚ ਨਾਮਜਦ ਕਰ ਦਿੱਤਾ ਹੈ। ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਡੀਆਈਜੀ ਰਣਬੀਰ ਸਿੰਘ ਖਟੜਾ ਨੇ ਦੱਸਿਆ ਕਿ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਸਮੇਤ ਇਸ ਕੇਸ ਵਿੱਚ ਕੁੱਲ 11 ਵਿਅਕਤੀਆਂ ਨੂੰ ਦੋਸ਼ੀ ਬਣਾਇਆ ਗਿਆ ਹੈ। ਜਿਕਰਯੋਗ ਹੈ ਕਿ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਿੱਚ ਬਣੀ ਸਿੱਟ ਨੇ ਇਸ ਤੋਂ ਪਹਿਲਾਂ ਸ਼ੁੱਕਰਵਾਰ 3 ਜੁਲਾਈ ਨੂੰ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਇਨ੍ਹਾਂ ਚੋਂ 2 ਨੇ ਪਹਿਲਾਂ ਹੀ ਅਦਾਲਤ ਤੋਂ ਅਗਾਊ ਜ਼ਮਾਨਤ ਲਈ ਸੀ। ਜਿਸ ਕਰਕੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ।ਸਨਿੱਚਰਵਾਰ ਨੂੰ ਸਿੱਟ ਨੇ 5 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿਸ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ 2 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਅੱਜ ਜਦੋਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ 5 ਮੁਲਜ਼ਮਾਂ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਡੇਰਾ ਪ੍ਰੇਮੀਆਂ ਨੂੰ 14 ਦਿਨ ਦੀ ਜੁ਼ਡੀਸ਼ਲ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਤਲ ਅਤੇ ਬਲਾਤਕਾਰ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਪੰਚਕੂਲਾ ਦੀ ਸੀ.ਬੀ.ਆਈ ਅਦਾਲਤ ਨੇ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਸੀ ਅਤੇ ਗੁਰਮੀਤ ਰਾਮ ਰਹੀਮ ਅੱਜ ਕੱਲ ਹਰਿਆਣਾ ਦੀ ਸੋਨਾਰੀਆ ਜੇਲ ਵਿੱਚ ਬੰਦ ਹੈ।

Real Estate