ਇੱਕ ਡੇਰਾ ਪ੍ਰੇਮਣ ਵੱਲੋਂ ਰਾਮ ਰਹੀਮ ਦੀ ਵਿਵਾਦਤ ਪੁਸ਼ਾਕ ਬਾਰੇ ਕੀਤੇ ਇੰਕਸਾਫ ਨੇ ਸੁਖਬੀਰ ਬਾਦਲ ਨੂੰ ਕਸੂਤਾ ਫਸਾਇਆ

ਚੰਡੀਗੜ, 16 ਜੁਲਾਈ (ਜਗਸੀਰ ਸਿੰਘ ਸੰਧੂ) : ਡੇਰਾ ਸਿਰਸਾ ਦੀ ਪ੍ਰਬੰਧਕੀ ਕਮੇਟੀ ਦੀ ਇੱਕ ਔਰਤ ਮੈਂਬਰ ਵੱਲੋਂ ਇੱਕ ਟੀਵੀ ਚੈਨਲ ‘ਤੇ ਕੀਤੇ ਗਏ ਇੰਕਸਾਫ ਕਿ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਸਿੰਘ ਬਾਦਲ ਵੱਲੋਂ ਭਿਜਵਾਈ ਗਈ ਸੀ। ਬੇਸ਼ੱਕ ਅਕਾਲੀ ਦਲ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਰੱਦ ਕੀਤਾ ਹੈ ਪਰ ਪੰਥਕ ਹਲਕਿਆਂ ਵਿੱਚ ਸੁਖਬੀਰ ਬਾਦਲ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਉੱਠਣ ਲੱਗੀ ਹੈ। ਇਸ ਬਾਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਰਾਮ ਰਹੀਮ ਨੂੰ ਪੁਸ਼ਾਕ ਭਿਜਵਾਉਣ ਦੇ ਇਲਜ਼ਾਮਾਂ ਦਾ ਸੁਖਬੀਰ ਬਾਦਲ ਨੂੰ ਜਵਾਬ ਦੇਣਾ ਚਾਹੀਦਾ ਹੈ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਤੇ ਸੰਗਤ ਦੇ ਸਾਹਮਣੇ ਸੱਚ ਆਉਣਾ ਚਾਹੀਦਾ ਹੈ। ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕਰਨ ਦੀ ਉੱਠੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਜੇ ਕੋਈ ਸਾਫ ਤੌਰ ’ਤੇ ਦੋਸ਼ੀ ਸਿੱਧ ਹੋਵੇਗਾ ਤਾਂ ਉਸ ਨੂੰ ਤਲਬ ਵੀ ਕੀਤਾ ਜਾਵੇਗਾ। ਉਸ ਖ਼ਿਲਾਫ਼ ਕਾਰਵਾਈ ਲਈ ਵਿਚਾਰਾਂ ਵੀ ਹੋਣਗੀਆਂ।

Real Estate