ਪੰਜਾਬ ਸਰਕਾਰ ਵੱਲੋਂ ਸਾਰੇ ਵਿਧਾਇਕਾਂ ਤੇ ਵਜ਼ੀਰਾਂ ਤੋਂ ਇਲਾਵਾ ਵਿਭਾਗੀ ਸਕੱਤਰਾਂ ਦੇ ਕੋਵਿਡ ਟੈਸਟ ਕਰਾਉਣ ਦਾ ਫ਼ੈਸਲਾ
ਚੰਡੀਗੜ, 16 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਉਨ੍ਹਾਂ ਦੇ ਪਰਿਵਾਰ ਦੀ ਰਿਪੋਰਟ ਆਈ ਹੈ। ਇਸ ‘ਚ ਉਨ੍ਹਾਂ ਦੀ ਪਤਨੀ ਤੇ ਉਨ੍ਹਾਂ ਦਾ ਬੇਟਾ ਵੀ ਕਰੋਨਾ ਪੌਜ਼ੇਟਵ ਆਏ ਹਨ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਕੋਰੋਨਾ ਪੌਜ਼ੇਟਿਵ ਆਉਣ ਮਗਰੋਂ ਹੁਣ ਪੰਜਾਬ ਸਰਕਾਰ ਨੇ ਸਾਰੇ ਵਿਧਾਇਕਾਂ ਤੇ ਵਜ਼ੀਰਾਂ ਤੋਂ ਇਲਾਵਾ ਵਿਭਾਗੀ ਸਕੱਤਰਾਂ ਦਾ ਕੋਵਿਡ ਟੈਸਟ ਕਰਾਉਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੋਵਿਡ ਟੈਸਟ ਦੀ ਜਾਂਚ ਰਿਪੋਰਟ ਨੈਗੇਟਿਵ ਆਉਣ ਦੀ ਗੱਲ ਸਾਂਝੀ ਕਰਦਿਆਂ ਸਮੂਹ ਮੰਤਰੀਆਂ, ਵਿਧਾਇਕਾਂ ਤੇ ਵਿਭਾਗੀ ਸਕੱਤਰਾਂ ਨੂੰ ਕੋਰੋਨਾਵਾਇਰਸ ਸਬੰਧੀ ਆਪਣੇ ਜਾਂਚ ਕਰਾਉਣ ਲਈ ਆਖਿਆ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੰਤਰੀ ਅਰੁਣਾ ਚੌਧਰੀ ਨੇ ਵੀ ਆਪਣਾ ਕੋਵਿਡ ਟੈਸਟ ਕਰਵਾਇਆ ਜਦਕਿ ਕੁਝ ਵੱਲੋਂ ਪਹਿਲਾਂ ਇਹ ਟੈਸਟ ਕਰਵਾ ਲਿਆ ਗਿਆ ਸੀ। ਦੋ ਕਾਂਗਰਸੀ ਵਿਧਾਇਕਾਂ ਨੇ ਵੀ ਕੋਵਿਡ ਟੈਸਟ ਕਰਵਾਇਆ ਜਿਨ੍ਹਾਂ ਦੀ ਰਿਪੋਰਟ ਅਜੇ ਆਉਣੀ ਹੈ।