ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਦੇ ਐਸ.ਐਸ.ਪੀ ਦਫਤਰ ਅੱਗੇ ਧਰਨਾ

223

ਚੰਡੀਗੜ, 7 ਅਗਸਤ (ਜਗਸੀਰ ਸਿੰਘ ਸੰਧੂ) : ਪਟਿਆਲਾ ਨੇੜਲੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰ ਵਿੱਚੋਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅਕਾਲੀ ਲੀਡਰਸਿ਼ਪ ਵੱਲੋਂ ਧਰਨਾ ਦਿੱਤਾ ਗਿਆ। ਐੱਸਐੱਸਪੀ ਦਫ਼ਤਰ ਦੇ ਸਾਹਮਣੇ ਦਿੱਤੇ ਰੋਸ ਧਰਨੇ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਕੇਤਕ ਧਰਨਾ ਹੈ। 51 ਮੈਂਬਰੀ ਟੀਮ ਵੱਲੋਂ 18 ਅਗਸਤ ਤਕ ਪਾਰਟੀ ਵੱਲੋਂ ਲਗਾਤਾਰ 51 ਮੈਂਬਰੀ ਟੀਮ ਵੱਲੋਂ ਧਰਨਾ ਦਿੱਤਾ ਜਾਵੇਗਾ। ਬਾਦਲ ਨੇ ਆਈਜੀ ਤੇ ਐੱਸਐੱਸਪੀ ਨੂੰ ਚਿਤਾਵਨੀ ਦੇ ਨਾਲ ਅਪੀਲ ਕੀਤੀ ਕਿ ਜਲਦ ਚੋਰੀ ਹੋਏ ਸਰੂਪ ਨੂੰ ਵਾਪਸ ਲਿਆਂਦਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਬਾਦਲ ਨੇ ਕਿਹਾ ਕਿ ਜੇਕਰ ਇਨ੍ਹਾਂ ਦਿਨਾਂ ਦੌਰਾਨ ਵੀ ਇਸ ਮਾਮਲੇ ਦੀ ਜਾਂਚ ਕਿਸੇ ਸਿਰੇ ਨਾ ਲੱਗੀ ਤਾਂ ਅਕਾਲੀ ਦਲ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਏ ਹਨ ਜਿਸ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਮਾਮਲੇ ‘ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਾ ਕਰ ਕੇ ਪਹਿਲ ਦੇ ਆਧਾਰ ‘ਤੇ ਮਾਮਲੇ ਨੂੰ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ ਸਤਵੀਰ ਸਿੰਘ ਖੱਟੜਾ, ਪ੍ਰਧਾਨ ਹਰਪਾਲ ਜੁਨੇਜਾ ਸਮੇਤ ਹੋਰ ਵੱਡੀ ਗਿਣਤੀ ਅਕਾਲੀ ਆਗੂ ਤੇ ਵਰਕਰ ਹਾਜਰ ਸਨ।

Real Estate