ਮੁਲਤਾਨੀ ਕੇਸ ਵਿੱਚ ਧਾਰਾ 302 ਦਾ ਵਾਧਾ ਹੋਣ ਨਾਲ ਸੁਮੇਧ ਸੈਣੀ ਦੀ ਗ੍ਰਿਫਤਾਰੀ ਦਾ ਰਾਹ ਪੱਧਰਾ

ਚੰਡੀਗੜ, 21 ਅਗਸਤ (ਜਗਸੀਰ ਸਿੰਘ ਸੰਧੂ) : ਪੁਲਸ ਵੱਲੋਂ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕੀਤੇ ਗਏ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਦੇ ਕੇਸ ਵਿੱਚ ਮੁਹਾਲੀ ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨ ਨੂੰ ਆਧਾਰ ਬਣਾ ਕੇ ਪੰਜਾਬ ਪੁਲੀਸ ਦੀ ਸਿੱਟ ਨੂੰ ਸਾਬਕਾ ਡੀਜੀਪੀ ਸੁਮੇਧ ਸੈਣੀਦੇ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ 11 ਦਸੰਬਰ 1991 ਨੂੰ ਸਵੇਰੇ ਤੜਕੇ 4 ਵਜੇ ਇੱਥੋਂ ਦੇ ਫੇਜ਼-7 ਸਥਿਤ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿੱਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਬਾਅਦ ਵਿੱਚ ਗਾਇਬ ਕਰ ਦੇਣ ਦਾ ਦੋਸ਼ ਤਹਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ, ਹਰਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330, 219 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।ਐਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ।
ਕਿਸੇ ਸਮੇਂ ਸੁਮੇਧ ਸੈਣੀ ਦੇ ਚਹੇਤੇ ਰਹੇ ਦੋਵੇਂ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੇ ਵੀਰਵਾਰ ਨੂੰ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ-ਕਮ-ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 164 ਦੇ ਤਹਿਤ ਬਿਆਨ ਦਰਜ ਕਰਵਾਏ ਗਏ ਸੀ। ਜਿਹਨਾਂ ਵਿੱਚ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੇ ਅਦਾਲਤ ਨੂੰ ਦੱਸਿਆ ਹੈ ਕਿ 1991 ਵਿੱਚ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਸੀ। ਇਸ ਹਾਦਸੇ ਵਿੱਚ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁੱਝ ਹੋਰ ਪੁਲੀਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਉੱਤੇ ਸੈਣੀ ਦੀ ਮੌਜੂਦਗੀ ਵਿੱਚ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ। ਮੁਲਤਾਨੀ ਦੀ ਥਾਣੇ ਵਿੱਚ ਕੀਤੀ ਗਈ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲੀਸ ਅਫ਼ਸਰਾਂ ਦੀਆਂ ਡਿਊਟੀਆਂ ਗਈਆਂ। ਇਹੀ ਨਹੀਂ ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਗਿਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ। ਇਸ ਸਬੰਧੀ ਯੂਟੀ ਪੁਲੀਸ ਦੀ ਟੀਮ ਨੇ ਵਾਪਸ ਚੰਡੀਗੜ੍ਹ ਆ ਕੇ ਸੈਕਟਰ-17 ਦੇ ਥਾਣੇ ਵਿੱਚ ਵੀ ਡੀਡੀਆਰ ਦਰਜ ਕੀਤੀ ਗਈ ਸੀ। ਇਸ ਤਰ੍ਹਾਂ ਉਦੋਂ ਪੁਲੀਸ ਵੱਲੋਂ ਮੁਲਤਾਨੀ ਕੇਸ ਨੂੰ ਸਰਕਾਰੀ ਫਾਈਲਾਂ ਵਿੱਚ ਦਫ਼ਨ ਕਰ ਦਿੱਤਾ ਗਿਆ। ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਸਾਬਕਾ ਅਫ਼ਸਰਾਂ ਨੇ ਆਪਣੇ ਲਿਖਤੀ ਬਿਆਨਾਂ ਵਿੱਚ ਸਪੱਸ਼ਟ ਕੀਤਾ ਕਿ ਮੁਲਤਾਨੀ ਨੂੰ ਅੰਨ੍ਹੇਵਾਹ ਅਣਮਨੁੱਖੀ ਤਸੀਹੇ ਦਿੱਤੇ ਗਏ। ਸੈਣੀ ਦੇ ਕਹਿਣ ’ਤੇ ਪੁਲੀਸ ਨੇ ਲੱਕੜ ਦਾ ਡੰਡਾ ਘੜ ਕੇ ਨੌਜਵਾਨ ਦੇ ਗੁਦਾ ਨੂੰ ਬੂਰੀ ਤਰ੍ਹਾਂ ਫਟੜ ਕਰ ਦਿੱਤਾ ਅਤੇ ਉਸ ਦੇ ਸਰੀਰ ’ਚੋਂ ਖੂਨ ਚਲਣਾ ਸ਼ੁਰੂ ਹੋ ਗਿਆ ਸੀ। ਇਹ ਸਾਰਾ ਕੁੱਝ ਉਨ੍ਹਾਂ ਨੇ ਆਪਣੀ ਅੱਖੀਂ ਦੇਖਿਆ ਹੈ। ਪੁਲੀਸ ਦੀ ਇਸ ਦਰਿੰਦਗੀ ਕਾਰਨ ਮੁਲਤਾਨੀ ਕਾਫੀ ਸਮਾਂ ਦਰਦ ਨਾਲ ਕੁਰਲਾਉਂਦਾ ਰਿਹਾ ਅਤੇ ਉਥੇ ਤੜਫ ਤੜਫ ਕੇ ਉਸ ਦੀ ਮੌਤ ਹੋ ਗਈ। ਇੱਥੇ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਚਸ਼ਮਦੀਦ ਗਵਾਹ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਇਕ ਹਾਈ ਕੋਰਟ ਦੀ ਸੀਨੀਅਰ ਮਹਿਲਾ ਵਕੀਲ ਵੀ ਸ਼ਾਮਲ ਹੈ। ਉਸ ਨੇ ਵੀ ਆਪਣੇ ਬਿਆਨਾ ਵਿੱਚ ਇਹ ਖੁਲਾਸਾ ਕੀਤਾ ਸੀ ਕਿ ਸੈਣੀ ਦੀ ਮੌਜੂਦਗੀ ਵਿੱਚ ਯੂਟੀ ਪੁਲੀਸ ਨੇ ਮੁਲਤਾਨੀ ਉੱਤੇ ਤਸ਼ੱਦਦ ਢਾਹਿਆ ਗਿਆ ਸੀ। ਹੁਣ ਇਸ ਕੇਸ ਵਿੱਚ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਅਧਾਰ ‘ਤੇ ਧਾਰਾ 302 ਦੇ ਜੁਰਮ ਦਾ ਵਾਧਾ ਹੋਣ ਨਾਲ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੈਣੀ ਦੀ ਹੁਣ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ।

Real Estate