ਨਰਮੇ ਕਪਾਹ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਆਪਣੀ ਫ਼ਸਲ ਕੌਡੀਆਂ ਦੇ ਭਾਅ ਵੇਚਣ ਲਈ ਮਜਬੂਰ-ਪ੍ਰੋ: ਬਲਜਿੰਦਰ ਕੌਰ 

345
ਬਠਿੰਡਾ/5 ਅਕਤੂਬਰ 2020/ ਬਲਵਿੰਦਰ ਸਿੰਘ ਭੁੱਲਰ 
ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਅਨਾਜ ਮੰਡੀ ਬਠਿੰਡਾ ਵਿਖੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨਰਮੇ ਦੀ ਖ਼ਰੀਦ ਦਾ ਜਾਇਜ਼ਾ ਲਿਆ।
ਮੰਡੀਆਂ ਦੇ ਦੌਰੇ ਦੌਰਾਨ ਪ੍ਰੋ. ਬਲਜਿੰਦਰ ਕੌਰ ਕਿਹਾ ਕਿ ਪੰਜਾਬ ਦੇ ਕਿਸਾਨ ਮਾਲਵਾ ਖੇਤਰ ਵਿਚ ਕਪਾਹ ਦੀ ਫ਼ਸਲ ਨੂੰ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਭਾਅ ‘ਤੇ ਵੇਚਣ ਲਈ ਮਜਬੂਰ ਹਨ, ਕਿਉਂਕਿ ਮਾਰਕਫੈਡ ਅਤੇ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ (ਸੀ.ਸੀ.ਆਈ.) ਨੇ ਹੁਣ ਤੱਕ ਇਸ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ। ਕਪਾਹ ਲਈ ਘੱਟੋ ਘੱਟ ਸਮਰਥਨ ਮੁੱਲ 5515 ਅਤੇ 5725 ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ, ਪਰੰਤੂ ਇਸ ਨੂੰ 4000 ਤੋਂ 4800 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦਿਆਂ ਜਾ ਰਿਹਾ ਹੈ। ਉੱਥੇ ਹੀ ਵਪਾਰੀਆਂ ਵੱਲੋਂ ਫ਼ਸਲ ਵਿਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਦਾ ਹਵਾਲਾ ਦੇ ਕੇ ਘੱਟ ਭੁਗਤਾਨ ਕੀਤਾ ਜਾ ਰਿਹਾ ਹੈ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕਿਸਾਨ ਆਪਣੀ ਪੁੱਤਰਾਂ ਵਾਂਗ ਪਾਲੀ ਕਪਾਹ ਦੀ ਫ਼ਸਲ ਨੂੰ 4800 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚਣ ਲਈ ਮਜਬੂਰ ਹਨ, ਜੋ ਕਿ ਐਮਐਸਪੀ ਨਾਲੋਂ ਬਹੁਤ ਘੱਟ ਹੈ। ਕਿਸਾਨ ਐਨੇ ਘੱਟ ਭਾਅ ‘ਚ ਕਪਾਹ ਵੇਚਣ ਲਈ ਇਸ ਲਈ ਵੀ ਮਜਬੂਰ ਹਨ, ਕਿਉਂਕਿ ਅਜੇ ਤੱਕ ਮਾਰਕਫੈੱਡ ਅਤੇ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ ਨੇ ਖ਼ਰੀਦ ਸ਼ੁਰੂ ਨਹੀਂ ਕੀਤੀ, ਇਸ ਲਈ ਕਿਸਾਨ ਕੋਲ ਕਪਾਹ ਨੂੰ ਐਨੇ ਘੱਟ ਕੀਮਤ ‘ਤੇ ਵੇਚਣ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਹੈ।
‘ਆਪ’ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਵੇਂ ਨਰਮੇ ਦਾ ਘੱਟੋ ਘੱਟ ਸਮਰਥਨ ਮੁੱਲ 5515 ਅਤੇ 5725 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੋਇਆ ਹੈ, ਪਰ ਤਰਾਸਦੀ ਇਹ ਹੈ ਕਿ ਇਸ ਸਮੇਂ ਇਹ 4000 ਤੋਂ 4800 ਰੁਪਏ ਤੱਕ ਵਿਕ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸੇ ਕਾਰਨ ਉਹ ਰਵਾਇਤੀ ਫ਼ਸਲਾਂ ਕਣਕ ਤੇ ਝੋਨੇ ਨੂੰ ਹੀ ਪਹਿਲ ਦੇਣ ਲਈ ਮਜਬੂਰ ਹਨ, ਕਿਉਂਕਿ ਸਰਕਾਰੀ ਖ਼ਰੀਦ ਹੋਣ ਕਾਰਨ ਇਹ ਫ਼ਸਲਾਂ ਤੈਅ ਮੁੱਲ ਉੱਤੇ ਵਿਕਦੀਆਂ ਹਨ। ਹਾਲਾਂਕਿ ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਇਨ੍ਹਾਂ ਦੋਵਾਂ ਫ਼ਸਲਾਂ ਨੂੰ ਵੀ ਵਪਾਰੀਆਂ ਹੱਥ ਦੇ ਦੇਣਗੇ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਮਾਲਵਾ ਖੇਤਰ ਦੀਆਂ ਮੰਡੀਆਂ ਵਿਚ ਨਰਮੇ ਦੀ ਫ਼ਸਲ ਦਾ ਭਾਅ 4,000 ਰੁਪਏ ਤੋਂ 4800 ਰੁਪਏ ਹੀ ਮਿਲ ਰਿਹਾ ਹੈ, ਜਦੋਂ ਕਿ ਕੇਂਦਰ ਸਰਕਾਰ ਵੱਲੋਂ ਲੰਬੇ ਰੇਸ਼ੇ ਵਾਲੇ ਨਰਮੇ ਦਾ ਭਾਅ 5,825 ਰੁਪਏ ਅਤੇ ਵਿਚਕਾਰਲੇ ਰੇਸ਼ੇ ਵਾਲੇ ਨਰਮੇ ਦੀ ਕੀਮਤ 5500 ਤੋਂ ਵੱਧ ਰੁਪਏ ਦੱਸੀ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਦਾ ਹੋਕਾ ਦਿੰਦਿਆਂ ਝੋਨੇ ਦੀ ਥਾਂ ਮੱਕੀ, ਕਪਾਹ, ਦਾਲਾਂ ਅਤੇ ਸਬਜ਼ੀਆਂ ਆਦਿ ਬੀਜਣ ਵੱਲ ਉਤਸ਼ਾਹਿਤ ਤਾਂ ਕੀਤਾ ਪਰ ਇਨ੍ਹਾਂ ਫ਼ਸਲਾਂ ਦੀ ਖ਼ਰੀਦ ਅਤੇ ਮੰਡੀਕਰਨ ਵੱਲ ਧਿਆਨ ਨਹੀਂ ਦਿੱਤਾ। ਨਤੀਜਾ ਇਹ ਹੋਇਆ ਕਿ ਫ਼ਸਲੀ ਵਿਭਿੰਨਤਾ ਵਲ ਤੁਰਿਆ ਪੰਜਾਬ ਦਾ ਕਿਸਾਨ ਹੋਰ ਵੀ ਬਰਬਾਦੀ ਵਲ ਧੱਕਿਆ ਗਿਆ।
Real Estate