ਪ੍ਰਦਰਸ਼ਨਕਾਰੀ ਕਿਸਾਨਾਂ ਵਲੋਂ ਕੀਤਾ ਟਰੈਕਟਰ ਮਾਰਚ

419

ਨਵੀਂ ਦਿੱਲੀ, 7 ਜਨਵਰੀ

ਸਖਤ ਸੁਰੱਖਿਆ ਦੇ ਵਿਚਕਾਰ ਹਜ਼ਾਰਾਂ ਕਿਸਾਨ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਵੀਰਵਾਰ ਨੂੰ ਟਰੈਕਟਰ ਰੈਲੀ ਕੱਢ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਨ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਨ ਨੇ ਦੱਸਿਆ ਕਿ ਕਿਸਾਨ ਮਾਰਚ ਵਿੱਚ 3500 ਤੋਂ ਵੱਧ ਟਰੈਕਟਰਾਂ ਅਤੇ ਟਰਾਲੀਆਂ ਲੈ ਕੇ ਭਾਗ ਲੈ ਰਹੇ ਹਨ। ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਇਹ 26 ਜਨਵਰੀ ਨੂੰ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਸ਼ਟਰੀ ਰਾਜਧਾਨੀ ਲਈ ਆਉਣ ਵਾਲੇ ਟਰੈਕਟਰਾਂ ਦੀ ਪ੍ਰਸਤਾਵਿਤ ਪਰੇਡ ਤੋਂ ਪਹਿਲਾਂ ਇਹ “ਰਿਹਰਸਲ” ਵਾਂਗ ਹੈ।

ਅੱਜ ਟਿਕਰੀ ਬਾਰਡਰ ਤੋਂ ਹਜ਼ਾਰਾਂ ਟਰੈਕਟਰਾਂ ਦਾ ਕਾਫ਼ਲਾ ਸਿੰਘੂ ਬਾਰਡਰ ਜਾਣ ਲਈ ਰਵਾਨਾ ਹੋਇਆ, ਜਿਸ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਤੇ ਸੂਬਾ ਆਗੂਆਂ ਗੁਰਦੀਪ ਸਿੰਘ ਰਾਮਪੁਰਾ ਅਤੇ ਮਨਜੀਤ ਸਿੰਘ ਧਨੇਰ ਨੇ ਕੀਤੀ। ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ 26 ਜਨਵਰੀ ਦੀ ਗਣਤੰਤਰ ਪਰੇਡ ਦੇ ਬਰਾਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਇਸੇ ਦਿਨ ਦੀ ਪ੍ਰਸਤਾਵਿਤ ਟਰੈਕਟਰ ਪਰੇਡ ਦੀ ਤਿਆਰੀ ਲਈ ਅੱਜ ਦੀ ਇਹ ਰਿਹਰਸਲ ਪਰੇਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਤੇ ਉਹ ਕਿਸੇ ਵੀ ਸੂਰਤ ਵਿੱਚ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਬਾਕੀ ਮੰਗਾਂ ਦੀ ਪੂਰਤੀ ਤੋਂ ਪਹਿਲਾਂ ਵਾਪਸ ਜਾਣ ਲਈ ਤਿਆਰ ਨਹੀਂ ਹਨ।

Real Estate