ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਦਿੱਤੀ ਤਜਵੀਜ਼ ’ਤੇ ਸਰਕਾਰ ਹਾਲੇ ਵੀ ਕਾਇਮ : ਮੋਦੀ

413

ਨਵੀਂ ਦਿੱਲੀ, 30 ਜਨਵਰੀ

ਅੱਜ ਇਥੇ ਸਰਬ ਦਲ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਤੀ ਖੇਤੀ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਦੀ ਤਜਵੀਜ਼ ਹਾਲੇ ਵੀ ਬਰਕਰਾਰ ਹੈ। ਸੂਤਰਾਂ ਨੇ ਦੱਸਿਆ ਕਿ ਸ੍ਰੀ ਮੋਦੀ ਨੇ ਕਿਹਾ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਸਲਿਆਂ ਨੂੰ ਗੱਲਬਾਤ ਰਾਹੀਂ ਸੁਲਝਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਮੰਤਰੀ ਨਰਿੰਦਰ ਤੋਮਰ ਪ੍ਰਦਰਸ਼ਨਕਾਰੀ ਕਿਸਾਨਾਂ ਤੋਂ ਸਿਰਫ਼ ਇਕ ਫੋਨ ਕਾਲ ਦੀ ਦੂਰੀ ’ਤੇ ਹਨ ਤੇ ਸ੍ਰੀ ਤੋਮਰ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਕਿਸਾਨ ਨੇਤਾਵਾਂ ਨੂੰ ਇਸ ਗੱਲ ਬਾਰੇ ਜਾਣਕਾਰੀ ਦੇ ਦਿੱਤੀ ਸੀ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਸਦ ਦੇ ਬਜਟ ਸੈਸ਼ਨ ਦੇ ਏਜੰਡੇ ਬਾਰੇ ਵਿਚਾਰ ਵਟਾਂਦਰੇ ਲਈ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਸਾਹਮਣੇ ਸਰਕਾਰ ਦੀਆਂ ਯੋਜਨਾਵਾਂ ਨੂੰ ਰੱਖਣ ਲਈ ਮੀਟਿੰਗ ਕੀਤੀ। ਵਿਰੋਧੀ ਪਾਰਟੀਆਂ ਨੇ ਇਸ ਆਨਲਾਈਨ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਵਿਰੋਧੀ ਪਾਰਟੀਆਂ ਨੇ ਬਜਟ ਸੈਸ਼ਨ ਦੌਰਾਨ ਰਾਸ਼ਟਰਪਤੀ ਦੇ ਭਾਸ਼ਨ ਦਾ ਬਾਈਕਾਟ ਕੀਤਾ। ਕਾਂਗਰਸ ਵੱਲੋਂ ਗੁਲਾਮ ਨਬੀ ਆਜ਼ਾਦ ਅਤੇ ਅਧੀਰ ਰੰਜਨ ਚੌਧਰੀ, ਐੱਨਸੀਪੀ ਦੇ ਸ਼ਰਦ ਪਵਾਰ, ਸ਼ਿਵ ਸੈਨਾ ਦੇ ਵਿਨਾਇਕ ਰਾਉਤ ਅਤੇ ਡੀਐੱਮਕੇ ਟੀਆਰ ਬਾਲੂ ਮੀਟਿੰਗ ਵਿੱਚ ਸ਼ਾਮਲ ਹੋਏ।

Real Estate