ਹੁਣ 5 ਦੀ ਬਜਾਏ 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

198

ਚੰਡੀਗੜ੍ਹ : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਹੁਣ 8 ਮਾਰਚ ਨੂੰ ਬਜਟ ਪੇਸ਼ ਕਰਨਗੇ। ਜਦੋਂਕਿ ਰਾਜਪਾਲ ਦੇ ਭਾਸ਼ਣ ’ਤੇ ਹੋਈ ਚਰਚਾ ਵਿਚ ਹਿੱਸਾ ਲੈਂਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਜਵਾਬ ਦੇਣਗੇ ਤੇ ਚਰਚਾ ਸਮੇਟਣਗੇ। ਮੰਗਲਵਾਰ ਨੂੰ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ (ਬੀਏਸੀ) ਦੀ ਸਪੀਕਰ ਰਾਣਾ ਕੇਪੀ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਅੱਠ ਮਾਰਚ ਨੂੰ ਬਜਟ ਪੇਸ਼ ਕਰਨ ’ਤੇ ਮੋਹਰ ਲਾਈ ਗਈ। ਮੀਟਿੰਗ ਵਿਚ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦਾ ਸਮਾਂ ਵੀ ਸ਼ੁੱਕਰਵਾਰ ਤਕ ਵਧਾ ਲਿਆ ਗਿਆ ਹੈ। ਵੀਰਵਾਰ ਨੂੰ ਗ਼ੈਰ ਸਰਕਾਰੀ ਕੰਮ ਹੋਣਗੇ। ਸੂਤਰ ਦੱਸਦੇ ਹਨ ਕਿ ਮੀਟਿੰਗ ਦੌਰਾਨ ਸਪੀਕਰ ਰਾਣਾ ਕੇ ਪੀ ਸਿੰਘ ਨੇ ਸਦਨ ਦੀ ਮਰਿਆਦਾ ਬਣਾਈ ਰੱਖਣ ਲਈ ਨਿੱਜੀ ਲਡ਼ਾਈ ਨਾ ਲਡ਼ਨ ਦੀ ਨਸੀਹਤ ਦਿੰਦਿਆਂ ਮੁੱਦਿਆ ਦੀ ਲਡ਼ਾਈ ਲਡ਼ਨ ਦੀ ਅਪੀਲ ਕੀਤੀ। ਸਪੀਕਰ ਨੇ ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੂੰ ਕਿਹਾ ਕਿ ਉਹ ਵਾਰ ਵਾਰ ਮੁੱਦਿਆ ’ਤੇ ਚਰਚਾ ਕਰਨ ਦੀ ਗੱਲ ਕਰ ਰਹੇ ਹਨ। ਮੀਟਿੰਗ ਵਿਚ ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਵੈਲਫੇਅਰ ਮੰਤਰੀ ਸਾਧੂ ਸਿੰਘ ਧਰਮਸੋਤ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਹਾਜ਼ਰ ਸਨ।

Real Estate