ਕਰਤਾਰਪੁਰ ਲਾਂਘਾ ਨਾ ਖੋਲ੍ਹਣਾ ਕੇਂਦਰ ਦੀ ਮਾੜੀ ਨੀਅਤ ਦੀ ਨਿਸ਼ਾਨੀ: ਜਥੇਦਾਰ

247

ਤਲਵੰਡੀ ਸਾਬੋ :ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਹੋਏ ਨੂੰ ਇੱਕ ਸਾਲ ਪੂਰਾ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਜਿੱਥੇ ਕੇਂਦਰ ਸਰਕਾਰ ਦੀ ਨੀਅਤ ’ਤੇ ਸਵਾਲ ਚੁੱਕੇ ਹਨ, ਉੱਥੇ ਹੀ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਵੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 16 ਮਾਰਚ, 2020 ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕਰੋਨਾ ਕਾਰਨ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਦੀ ਚਾਲ ਮੱਠੀ ਹੁੰਦਿਆਂ ਹੀ ਕੁਝ ਸਮੇਂ ਬਾਅਦ ਪਾਕਿਸਤਾਨ ਸਰਕਾਰ ਨੇ ਤਾਂ ਆਪਣੇ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਸੀ ਪਰ ਭਾਰਤ ਸਰਕਾਰ ਨੇ ਲਾਂਘੇ ਦੇ ਬੰਦ ਹੋਣ ਦੇ ਇੱਕ ਸਾਲ ਪੂਰਾ ਹੋਣ ਤਕ ਵੀ ਲਾਂਘੇ ਨੂੰ ਖੋਲ੍ਹਣ ਦਾ ਕੋਈ ਐਲਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਕਰੋਨਾ ਤੋਂ ਥੋੜ੍ਹੀ ਢਿੱਲ ਮਿਲਦਿਆਂ ਹੀ ਦੇਸ਼ ਭਰ ਵਿੱਚ ਸੰਗਤ ਲਈ ਧਾਰਮਿਕ ਅਸਥਾਨ ਖੋਲ੍ਹ ਦਿੱਤੇ ਗਏ ਅਤੇ ਹੁਣ ਜਦੋਂ ਸਾਰੇ ਧਰਮਾਂ ਦੇ ਲੋਕ ਆਪੋ ਆਪਣੇ ਤਿੱਥ ਤਿਉਹਾਰ ਵੀ ਮਨਾ ਰਹੇ ਹਨ ਤਾਂ ਅਜਿਹੇ ਵਿੱਚ ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਖੋਲ੍ਹਣਾ ਕੇਂਦਰ ਦੀ ਮਾੜੀ ਨੀਅਤ ਦਰਸਾਉਂਦਾ ਹੈ। ਜਥੇਦਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ ਕਰਦਿਆਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਦੇ ਨਿਯਮਾਂ ਮੁਤਾਬਕ ਰੋਜ਼ਾਨਾ 50-100 ਸਿੱਖਾਂ ਨੂੰ ਹੀ ਦਰਸ਼ਨਾਂ ਦੀ ਇਜਾਜ਼ਤ ਦੇ ਦਿੱਤੀ ਜਾਵੇ ਪਰ ਲਾਂਘਾ ਜ਼ਰੂਰ ਖੁੱਲ੍ਹੇ ਤਾਂ ਜੋ ਸਿੱਖ ਪਾਵਨ ਅਸਥਾਨ ਦੇ ਦਰਸ਼ਨ ਦੀਦਾਰ ਕਰ ਸਕਣ।

Real Estate