ਦੀਪ ਸਿੱਧੂ ਨੂੰ ਨਹੀਂ ਮਿਲੀ ਜ਼ਮਾਨਤ, ਕੋਰਟ 15 ਅਪ੍ਰੈਲ ਨੂੰ ਸੁਣਾ ਸਕਦਾ ਹੈ ਫ਼ੈਸਲਾ

249

ਨਵੀਂ ਦਿੱਲੀ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਸਿੱਧੂ ਨੂੰ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਸਿਲਸਿਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕੋਰਟ ਨੇ ਸੁਣਵਾਈ ਲਈ ਹੁਣ 15 ਅਪ੍ਰੈਲ ਦੀ ਤਾਰੀਖ਼ ਤੈਅ ਕੀਤੀ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਵਲੋਂ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ 12 ਤਾਰੀਖ ਤੈਅ ਕੀਤੀ ਗਈ ਸੀ। ਜਿਸ ‘ਤੇ ਅੱਜ ਯਾਨੀ 12 ਅਪ੍ਰੈਲ ਨੂੰ ਸੁਣਵਾਈ ਕੀਤੀ ਗਈ। ਇਸ ਦੌਰਾਨ ਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖਦੇ ਹੋਏ ਹੁਣ ਅਗਲੀ ਤਾਰੀਖ਼ 15 ਅਪ੍ਰੈਲ ਤੈਅ ਕਰ ਦਿੱਤੀ ਹੈ।

ਕੀ ਸੀ ਪੂਰਾ ਮਾਮਲਾ
ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ।

8 ਫਰਵਰੀ ਦੀ ਰਾਤ ਦੀਪ ਸਿੱਧੂ ਨੂੰ ਕਰਨਾਲ ਬਾਈਪਾਸ ਤੋਂ ਕੀਤਾ ਸੀ ਗ੍ਰਿਫ਼ਤਾਰ 
ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ‘ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜਾਰੀ ਕੋਰਟ ‘ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।

Real Estate