ਕਰਨਾਲ ‘ਚ ਧਾਰਾ 144 ਲਾਗੂ ਇੰਟਰਨੈੱਟ ਬੰਦ

159

ਕਰਨਾਲ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅਤੇ ‘ਮਿਨੀ ਸਕੱਤਰੇਤ’ ਦਾ ਘਿਰਾਓ ਕਰਨ ਦੇ ਐਲਾਨ ਤੋਂ ਬਾਅਦ ਪੁਲਿਸ ਪਹਿਲਾਂ ਤੋਂ ਹੀ ਸੁਚੇਤ ਹੋ ਗਈ ਹੈ। ਕਰਨਾਲ ਪ੍ਰਸ਼ਾਸਨ ਨੇ ਸਕੱਤਰੇਤ ਦੇ ਘਿਰਾਓ ਤੋਂ ਇੱਕ ਦਿਨ ਪਹਿਲਾਂ ਜ਼ਿਲ੍ਹੇ ‘ਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਸਬੰਧੀ ਪ੍ਰਸ਼ਾਸਨ ਵਲੋਂ ਇਕ ਬਿਆਨ ਵੀ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਜ਼ਿਲ੍ਹਾ ਪੁਲਿਸ ਮੁਖੀ ਗੰਗਾ ਰਾਮ ਪੂਨੀਆਂ ਦੀ ਅਮਨ- ਕਾਨੂੰਨ ਨੂੰ ਦੇਖਦਿਆਂ ਕੀਤੀ ਗਈ ਸਿਫ਼ਾਰਿਸ਼ ਦੇ ਅਧਾਰ ਉੱਤੇ ਡਿਪਟੀ ਕਮਿਸ਼ਨਰ ਨਿਸ਼ਾਤ ਕੁਮਾਰ ਯਾਦਵ ਨੇ ਧਾਰਾ 144 ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਕਰਨਾਲ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਦਿੱਲੀ ਤੋਂ ਹਰਿਆਣਾ ਆਉਣ ਵਾਲੇ ਵਾਹਨਾਂ ਨੂੰ ਪੈਪਸੀ ਪੁਲ ਪਾਨੀਪਤ ਤੋਂ ਮੂਨਕ, ਅਸੰਧ, ਗਗਸੀਨਾ ਰਾਹੀਂ ਕਰਨਾਲ ਦੇ ਹਾਂਸੀ ਚੌਕ ਬਾਈਪਾਸ ਨਹਿਰ ਤੋਂ ਹੁੰਦੇ ਹੋਏ ਜੀਟੀ ਰੋਡ 44 ਰਾਹੀਂ ਚੰਡੀਗੜ੍ਹ ਵੱਲ ਮੋੜਿਆ ਜਾਵੇਗਾ। ਚੰਡੀਗੜ੍ਹ ਤੋਂ ਆਉਣ ਵਾਲੇ ਵਾਹਨਾਂ ਨੂੰ ਪਿੱਪਲੀ ਚੌਕ ਕੁਰੂਕਸ਼ੇਤਰ ਤੋਂ ਇੰਦਰੀ,ਬਯਾਨਾ, ਕੁੰਜਪੁਰਾ ਤੋਂ ਹੁੰਦੇ ਹੋਏ ਅੰਮ੍ਰਿਤਪੁਰ ਖੁਰਦ ਕਹਿਰਵਾਲੀ ਅਤੇ ਘਰੌਂਡਾ ਦੇ ਜੀਟੀ ਰੋਡ ਰਾਹੀਂ ਦਿੱਲੀ ਵੱਲ ਰਵਾਨਾ ਕੀਤਾ ਜਾਵੇਗਾ।
ਮਹਾਪੰਚਾਇਤ ਨੂੰ ਲੈ ਕੇ ਪ੍ਰਸ਼ਾਸਨ ਚੌਕਸ ਹੈ। ਹਰਿਆਣਾ ਸਰਕਾਰ ਨੇ 28 ਅਗਸਤ ਨੂੰ ਪੁਲਿਸ ਲਾਠੀਚਾਰਜ ਨੂੰ ਲੈ ਕੇ ਕਿਸਾਨਾਂ ਦੀ ਮਹਾਪੰਚਾਇਤ ਅਤੇ ਮਿੰਨੀ ਸਕੱਤਰੇਤ ਨੂੰ ਘੇਰਨ ਦੀ ਯੋਜਨਾ ਤੋਂ ਇੱਕ ਦਿਨ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਗਲਤ ਜਾਣਕਾਰੀ ਅਤੇ ਅਫਵਾਹਾਂ ਦੇ ਪ੍ਰਸਾਰ ਨੂੰ ਰੋਕਣ ਲਈ ਕਰਨਾਲ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਆਦੇਸ਼ ਦਿੱਤਾ ਸੀ।ਦਰਅਸਲ, 28 ਅਗਸਤ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਏ ਲਾਠੀਚਾਰਜ ਵਿੱਚ ਕਈ ਕਿਸਾਨ ਆਗੂ ਜ਼ਖਮੀ ਹੋਏ ਸਨ। ਜਿਸ ਤੋਂ ਬਾਅਦ ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ ਦਾ ਤਬਾਦਲਾ ਕਰ ਦਿੱਤਾ ਗਿਆ। ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਕਿਸਾਨ ਮਹਾਂਪੰਚਾਇਤ ਨੂੰ ਲੈ ਕੇ ਚੌਕਸ ਹੈ।

Real Estate