ਪੰਜਾਬ ਵਿੱਚ ਝੋਨੇ ਦੀ ਖਰੀਦ ਅੱਜ ਤੋਂ, ਕੇਂਦਰ ਵੱਲੋਂ ਫ਼ੈਸਲਾ ਬਦਲਣਾ ਸੰਯੁਕਤ ਮੋਰਚੇ ਨੇ ਕਿਸਾਨਾਂ ਦੀ ਜਿੱਤ ਕਰਾਰ ਦਿੱਤਾ

142

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ ਹੋ ਰਹੀ ਹੈ । ਕੇਂਦਰ ਸਰਕਾਰ ਨੇ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਦੀ ਥਾਂ 11 ਅਕਤੂਬਰ ਤੋਂ ਕਰਨ ਦੇ ਫ਼ੈਸਲੇ ਵਿੱਚ ਸੋਧ ਕਰਦਿਆਂ ਸਾਉਣੀ ਦੀ ਇਸ ਪ੍ਰਮੁੱਖ ਫਸਲ ਦੀ ਖ਼ਰੀਦ ਭਲਕੇ 3 ਅਕਤੂਬਰ ਤੋਂ ਕਰਨ ਦਾ ਐਲਾਨ ਕਰ ਦਿੱਤਾ ਹੈ। ਇੱਕ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਝੋਨੇ ਦੀ ਖ਼ਰੀਦ ਤੁਰੰਤ ਕਰਨ ਦਾ ਮੁੱਦਾ ਉਠਾਇਆ ਸੀ। ਇਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਨੇ ਵੀ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 11 ਅਕਤੂਬਰ ਤੋਂ ਕਰਨ ਦੇ ਐਲਾਨ ਦਾ ਵਿਰੋਧ ਕਰਦਿਆਂ ਅੱਜ ਸੂਬੇ ਭਰ ’ਚ ਪ੍ਰਦਰਸ਼ਨ ਕੀਤੇ ਸਨ। ਕੇਂਦਰ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ’ਚ ਦੇਰੀ ਦੇ ਫ਼ੈਸਲੇ ਕਾਰਨ ਕਿਸਾਨਾਂ ’ਚ ਰੋਸ ਪਾਇਆ ਜਾ ਰਿਹਾ ਸੀ। ਉਧਰ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 3 ਲੱਖ ਟਨ ਤੋਂ ਵਧ ਝੋਨੇ ਦੀ ਆਮਦ ਹੋ ਚੁੱਕੀ ਹੈ। ਮੌਸਮ ਖੁਸ਼ਗਵਾਰ ਹੋਣ ਕਰਕੇ ਮਾਝੇ ’ਚ ਝੋਨੇ ਦੀ ਫਸਲ ਦੀ ਕਟਾਈ ਵਿੱਚ ਤੇਜ਼ੀ ਆ ਗਈ ਹੈ ਅਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਮੰਡੀ ਸਮੇਤ ਮਾਲਵਾ ਖੇਤਰ ਦੀਆਂ ਹੋਰ ਮੰਡੀਆਂ ਵਿੱਚ ਵੀ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ। ਕੇਂਦਰੀ ਖੁਰਾਕ ਮੰਤਰਾਲੇ ਨੇ ਫ਼ੈਸਲੇ ਵਿੱਚ ਸੋਧ ਕਰਦਿਆਂ ਕਿਹਾ ਹੈ ਕਿ ਝੋਨੇ ਦੀ ਖ਼ਰੀਦ 3 ਅਕਤੂਬਰ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਝੋਨੇ ’ਚ ਜ਼ਿਆਦਾ ਨਮੀ ਨੂੰ ਆਧਾਰ ਬਣਾ ਕੇ ਉਸ ਦੀ ਖ਼ਰੀਦ 10 ਦਿਨਾਂ ਲਈ ਟਾਲਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਦਾ ਇਹ ਵੀ ਮੰਨਣਾ ਸੀ ਕਿ ਝੋਨੇ ਦੀ ਖ਼ਰੀਦ ਵਿੱਚ ਦੇਰੀ ਹੋਣ ਨਾਲ ਮੰਡੀਆਂ ਵਿੱਚ ਫਸਲ ਦੇ ਅੰਬਾਰ ਲੱਗ ਜਾਣਗੇ। ਇਸ ਕਰਕੇ ਫਸਲ ਦੀ ਖ਼ਰੀਦ ਵਿੱਚ ਹੀ ਦੇਰੀ ਨਹੀਂ ਹੋਵੇਗੀ ਸਗੋਂ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਵੀ ਵਧਣਗੀਆਂ। ਪੰਜਾਬ ਦੀਆਂ ਮੰਡੀਆਂ ਵਿੱਚ 191 ਲੱਖ ਮੀਟ੍ਰਿਕ ਟਨ ਝੋਨਾ ਪੁੱਜਣ ਦੀ ਉਮੀਦ ਹੈ ਅਤੇ ਕੇਂਦਰ ਨੇ ਇਸ ’ਚੋਂ 171 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ ਝੋਨੇ ਦੀ ਖ਼ਰੀਦ ਲਈ ਜ਼ਮੀਨ ਦੀਆਂ ਫਰਦਾਂ, ਆਧਾਰ ਕਾਰਡ ਅਤੇ ਹੋਰ ਦਸਤਾਵੇਜ਼ ਜ਼ਰੂਰੀ ਕੀਤੇ ਹੋਏ ਹਨ। ਕੇਂਦਰ ਦੇ ਇਨ੍ਹਾਂ ਕਦਮਾਂ ਅਤੇ ਕਿਸਾਨੀ ਸੰਘਰਸ਼ ਕਾਰਨ ਝੋਨੇ ਦੀ ਖ਼ਰੀਦ ਸਬੰਧੀ ਤੌਖਲੇ ਵਧ ਗਏ ਸਨ। ਕੇਂਦਰ ਦੇ ਤਾਜ਼ਾ ਫ਼ੈਸਲੇ ਨੇ ਰਾਜ ਸਰਕਾਰ ਤੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਚੌਕਸ ਕੀਤਾ ਹੈ ਕਿ ਹੋਰ ਸੂਬਿਆਂ ਰਾਹੀਂ ਆਉਂਦੇ ਚੌਲ ਅਤੇ ਝੋਨੇ ਨੂੰ ਰੋਕਣ ਲਈ ਸਾਰੀਆਂ ਮੁੱਖ ਤੇ ਲਿੰਕ ਸੜਕਾਂ ਦੀ ਦਿਨ-ਰਾਤ ਨਾਕੇਬੰਦੀ ਕੀਤੀ ਜਾਵੇ। ਉਨ੍ਹਾਂ ਅਜਿਹੇ ਵਾਹਨਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਰੰਧਾਵਾ ਨੇ ਸਾਰੇ ਐੱਸਐੱਸਪੀਜ਼ ਨੂੰ ਚੌਕਸ ਕਰਦਿਆਂ ਆਖਿਆ ਹੈ ਕਿ ਹੁਕਮਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ। ਖਾਸ ਕਰਕੇ ਦੂਜੇ ਸੂਬਿਆਂ ਦੀਆਂ ਸਰਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਐੱਸਏਐੱਸ ਨਗਰ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਪੁਲੀਸ ਮੁਖੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਰਸਤਿਉਂ ਕੋਈ ਵੀ ਵਾਹਨ ਅਜਿਹੀ ਗੈਰਕਾਨੂੰਨੀ ਕਾਰਵਾਈ ਨੂੰ ਅੰਜਾਮ ਨਾ ਦੇ ਸਕੇ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਝੋਨੇ ਦੀ ਸਰਕਾਰੀ ਖ਼ਰੀਦ ਭਲਕੇ ਤੋਂ ਸ਼ੁਰੂ ਕਰਨ ਦੇ ਫ਼ੈਸਲੇ ਨਾਲ ਕਿਸਾਨਾਂ ਦੇ ਸੰਘਰਸ਼ ਦੀ ਇਕ ਹੋਰ ਜਿੱਤ ਹੋਈ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਇਸੇ ਤਰ੍ਹਾਂ ਏਕਤਾ ਬਣਾ ਕੇ ਰੱਖਣ ਦੀ ਲੋੜ ਹੈ ਅਤੇ ਖੇਤੀ ਕਾਨੂੰਨ ਵੀ ਸਰਕਾਰ ਨੂੰ ਰੱਦ ਕਰਨੇ ਪੈਣਗੇ। ਇਕ ਹੋਰ ਕਿਸਾਨ ਆਗੂ ਡਾ। ਦਰਸ਼ਨ ਪਾਲ ਨੇ ਕਿਹਾ ਕਿ ਅੱਜ ਪੰਜਾਬ ਅਤੇ ਹਰਿਆਣਾ ’ਚ ਭਾਜਪਾ ਤੇ ਕਾਂਗਰਸ ਆਗੂਆਂ ਦੇ ਘਰਾਂ ਬਾਹਰ ਕਿਸਾਨਾਂ ਵੱਲੋਂ ਦਿੱਤੇ ਗਏ ਧਰਨਿਆਂ ਕਾਰਨ ਕੇਂਦਰ ਨੇ ਭਲਕੇ ਤੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕੇਂਦਰ ਦੇ ਫ਼ੈਸਲੇ ਨੂੰ ਕਿਸਾਨਾਂ ਦੀ ਮੁੜ ਵੱਡੀ ਜਿੱਤ ਦੱਸਦਿਆਂ ਅੱਜ ਤੋਂ ਸ਼ੁਰੂ ਕੀਤੇ ਗਏ ਧਰਨੇ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਭਲਕੇ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਕਰਦੀ ਹੈ ਤਾਂ ਸੜਕਾਂ ਮੁੜ ਜਾਮ ਕਰ ਦਿੱਤੀਆਂ ਜਾਣਗੀਆਂ।

Real Estate