ਅੱਜ ਜਾਵੇਗਾ ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜਥਾ

59

ਭਾਰਤ ਸਰਕਾਰ ਨੇ ਬੁੱਧਵਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ । ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਕਿਹਾ ਕਿ ਇਹ ਫੈਸਲਾ ਮੋਦੀ ਸਰਕਾਰ ਦੀ ਗੁਰੂ ਨਾਨਕ ਦੇਵ ਜੀ ਅਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ । ਉਨ੍ਹਾ ਟਵੀਟ ਕੀਤਾ-ਇੱਕ ਵੱਡਾ ਫੈਸਲਾ, ਜਿਸ ਨਾਲ ਲੱਖਾਂ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ, ਨਰਿੰਦਰ ਮੋਦੀ ਸਰਕਾਰ ਨੇ ਕੱਲ੍ਹ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ । ਇਹ ਫੈਸਲਾ ਮੋਦੀ ਸਰਕਾਰ ਦੀ ਗੁਰੂ ਨਾਨਕ ਦੇਵ ਜੀ ਅਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ । ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਦੀ ਤਿਆਰੀ ਕਰ ਰਿਹਾ ਹੈ ਅਤੇ ਉਨ੍ਹਾ ਨੂੰ ਭਰੋਸਾ ਹੈ ਕਿ ਇਹ ਕਦਮ ਦੇਸ਼ ਭਰ ਵਿਚ ਖੁਸ਼ੀ ਅਤੇ ਉਤਸ਼ਾਹ ਨੂੰ ਹੋਰ ਵਧਾਏਗਾ ।
ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ । ਟਵੀਟ ਰਾਹੀਂ ਕੈਪਟਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੂੰ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਦਾ ਮੌਕਾ ਮਿਲੇਗਾ । ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਸਾਰੇ ਮੰਤਰੀ ਸਾਥੀਆਂ ਨੂੰ ਲੈ ਕੇ 18 ਨਵੰਬਰ ਨੂੰ ਮੱਥਾ ਟੇਕਣ ਜਾਣਗੇ ।

Real Estate